menu-icon
Punjabi Story Line
  • Home
  • News
  • Crime
  • Ludhiana : IDFC ਬੈਂਕ ਦਾ ਮੈਨੇਜਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Ludhiana : IDFC ਬੈਂਕ ਦਾ ਮੈਨੇਜਰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

Ludhiana Vigilance ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ ਕਾਰਵਾਈ ਕੀਤੀ ਗਈ। ਲੋਨ ਖਾਤਾ ਬੰਦ ਕਰਨ ਬਦਲੇ ਰਕਮ ਮੰਗੀ ਗਈ ਸੀ ਜਿਸ ਮਗਰੋਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੇ ਸੰਪਰਕ ਸਾਧਿਆ ਸੀ। ਰੰਗੇ ਹੱਥੀਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। 

Date Updated Last Updated : 23 January 2024, 06:19 PM IST
Share:

ਹਾਈਲਾਈਟਸ

  • ਖਾਤਾ ਬੰਦ ਕਰਵਾਉਣ ਬਦਲੇ ਉਸਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
  • ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Ludhiana Vigilance news: ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ ਗਾਂਧੀ ਮਾਰਕੀਟ ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ। 

ਰੈਡੀਮੇਡ ਕੱਪੜਾ ਦੁਕਾਨ ਮਾਲਕ ਤੋਂ ਮੰਗੀ ਰਿਸ਼ਵਤ 

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਵਿਖੇ ਪਹੁੰਚ ਕੇ ਬਿਆਨ ਦਰਜ ਕਰਵਾਇਆ ਕਿ ਉਹ ਪੱਖੋਵਾਲ ਰੋਡ ਲੁਧਿਆਣਾ ਵਿਖੇ 'ਸਿਲਵਰ ਮੋਡ ਫੈਸ਼ਨ' ਦੇ ਨਾਮ ਹੇਠ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਰ.ਬੀ.ਆਈ. ਦੀ ਗ੍ਰੈਂਡ ਐਮਰਜੈਂਸੀ ਕ੍ਰੈਡਿਟ ਲਾਈਨ (ਜੀ.ਈ.ਸੀ.ਐਲ.) ਸਕੀਮ ਅਧੀਨ ਉਪਰੋਕਤ ਆਈ.ਡੀ.ਐਫ.ਸੀ. ਬੈਂਕ ਤੋਂ 30.9.2020 ਨੂੰ 4 ਸਾਲਾਂ ਲਈ 13,32,379 ਰੁਪਏ ਦਾ ਕਰਜ਼ਾ ਲਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਸਨੇ ਕਰਜ਼ ਦੀ ਸਾਰੀ ਰਕਮ/ਕਿਸ਼ਤਾਂ ਅਦਾ ਕਰਕੇ ਆਪਣਾ ਲੋਨ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਕੁਲੈਕਸ਼ਨ ਮੈਨੇਜਰ ਨਾਲ ਗੱਲਬਾਤ ਤੋਂ ਬਾਅਦ ਉਸਨੇ ਕਰਜ਼ ਦੀ ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਇਸ ਸਬੰਧੀ ਜਦੋਂ ਉਹ ਉਕਤ ਕੁਲੈਕਸ਼ਨ ਮੈਨੇਜਰ ਨੂੰ ਮਿਲਿਆ ਤਾਂ ਉਸਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਵਿਜੀਲੈਂਸ ਨੇ ਵਿਛਾਇਆ ਜਾਲ

ਵਿਜੀਲੈਂਸ ਬੁਲਾਰੇ ਨੇ ਅੱਗੇ ਦੱਸਿਆ ਕਿ ਕੁਲੈਕਸ਼ਨ ਮੈਨੇਜਰ ਇੱਕ ਬੈਂਕ ਕਰਮਚਾਰੀ ਹੈ, ਇਸ ਲਈ ਬੈਂਕਿੰਗ ਰੈਗੂਲੇਸ਼ਨ ਐਕਟ 1946 ਦੀ ਧਾਰਾ 46-ਏ ਅਨੁਸਾਰ ਉਹ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਜਨਤਕ ਸੇਵਕ ਹੈ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਜਾਲ ਵਿਛਾਇਆ ਅਤੇ  ਬੈਂਕ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਉਸਦੀ ਦੁਕਾਨ ਵਿੱਚ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Recent News