menu-icon
Punjabi Story Line
  • Home
  • News
  • Crime
  • Punjab Vigilance : ਲੁਧਿਆਣਾ ਵਿਖੇ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਰੰਗੇ ਹੱਥੀਂ ਕਾਬੂ, 10 ਹਜ਼ਾਰ ਰੁਪਏ ਬਰਾਮਦ

Punjab Vigilance : ਲੁਧਿਆਣਾ ਵਿਖੇ ਰਿਸ਼ਵਤ ਲੈਂਦਾ ਪੁਲਿਸ ਮੁਲਾਜ਼ਮ ਰੰਗੇ ਹੱਥੀਂ ਕਾਬੂ, 10 ਹਜ਼ਾਰ ਰੁਪਏ ਬਰਾਮਦ

Punjab Vigilance: ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ। ਏਐਸਆਈ ਦਾ ਨਾਮ ਵੀ ਸਾਮਣੇ ਆ ਰਿਹਾ ਹੈ।

Date Updated Last Updated : 01 February 2024, 12:06 AM IST
Share:

Punjab Vigilance : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜਿਲ੍ਹੇ ਦੀ ਪੁਲਿਸ ਚੌਕੀ ਲਲਤੋਂ ਕਲਾਂ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ। ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। 

ਪੁਲਿਸ ਕੇਸ ਚ ਮਦਦ ਦੇ ਨਾਮ ਉਪਰ ਰਿਸ਼ਵਤ 

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਭਾਈ ਬਾਲਾ ਕਲੋਨੀ, ਪੱਖੋਵਾਲ ਰੋਡ ਲੁਧਿਆਣਾ ਦੀ ਰਹਿਣ ਵਾਲੀ ਮਨਦੀਪ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸਤੋਂ 30,000 ਰੁਪਏ ਰਿਸ਼ਵਤ ਮੰਗ ਰਹੇ ਹਨ।

ਏਐਸਆਈ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਚ 

ਸ਼ਿਕਾਇਤਕਰਤਾ ਅਨੁਸਾਰ ਉਕਤ ਏ.ਐਸ.ਆਈ. ਦੀ ਤਰਫੋਂ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਉਸਤੋਂ ਪਹਿਲਾਂ ਹੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪ ਦਿੱਤੀ। ਸ਼ਿਕਾਇਤ ਮਿਲਣ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਮੁਲਜ਼ਮ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 05 ਮਿਤੀ 31.01.2024 ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Recent News