Courtesy: pinterest
ਈਰਾਨ: ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਤਣਾਅ ਦੇ ਮਾਹੌਲ ਵਿੱਚ ਇੱਕ ਨਵਾਂ ਦਾਅਵਾ ਸਾਹਮਣੇ ਆਇਆ ਹੈ, ਜਿਸ ਮਗਰੋਂ ਹੜਕੰਪ ਮਚ ਗਿਆ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਇਜ਼ਰਾਈਲ ਦੀਆਂ ਖੁਫੀਆ ਏਜੰਸੀਆਂ ਨੇ ਅਮਰੀਕੀ ਅਧਿਕਾਰੀਆਂ ਨੂੰ ਅਜਿਹੀ ਜਾਣਕਾਰੀ ਦਿੱਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਈਰਾਨ ਦੇ ਕੁਝ ਤੱਤ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਦੀ ਯੋਜਨਾ ਬਣਾ ਰਹੇ ਹਨ। ਹਾਲਾਂਕਿ, ਇਸ ਜਾਣਕਾਰੀ ਦੀ ਅਜੇ ਤੱਕ ਅਮਰੀਕੀ ਏਜੰਸੀਆਂ ਵੱਲੋਂ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ, ਪਰ ਦੋਵਾਂ ਦੇਸ਼ਾਂ 'ਚ ਸੈਨੀ ਟਕਰਾਅ ਤੇਜ਼ ਹੋ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਇਜ਼ਰਾਈਲੀ ਖੁਫੀਆ ਅਧਿਕਾਰੀਆਂ ਨੇ ਹਾਲ ਹੀ ਵਿੱਚ ਅਮਰੀਕਾ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੁਰੱਖਿਆ ਖ਼ਤਰੇ ਬਾਰੇ ਚੇਤਾਵਨੀ ਦਿੱਤੀ। ਇਹ ਜਾਣਕਾਰੀ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਮੱਧ-ਪੂਰਬ ਵਿੱਚ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਮੁੜ ਵਧਦਾ ਨਜ਼ਰ ਆ ਰਿਹਾ ਹੈ ਅਤੇ ਦੋਵਾਂ ਪੱਖਾਂ ਵਿਚਕਾਰ ਸਿਆਸੀ ਅਤੇ ਸੈਨਿਕ ਤਣਾਅ ਗਹਿਰਾ ਹੋ ਰਿਹਾ ਹੈ।
ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ 2020 ਵਿੱਚ ਅਮਰੀਕੀ ਡਰੋਨ ਹਮਲੇ ਦੌਰਾਨ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰ (IRGC) ਦੀ ਕੁਦਸ ਫੋਰਸ ਦੇ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਦੀ ਮੌਤ ਤੋਂ ਬਾਅਦ ਈਰਾਨ ਵੱਲੋਂ ਕਈ ਵਾਰ ਬਦਲੇ ਦੀਆਂ ਗੱਲਾਂ ਹੁੰਦੀਆਂ ਰਹੀਆਂ ਹਨ। ਇਸ ਪਿਛੋਕੜ ਵਿੱਚ ਟਰੰਪ ਦੀ ਸੁਰੱਖਿਆ ਨੂੰ ਲੈ ਕੇ ਸਮੇਂ-ਸਮੇਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ ਜਾਂਦੀਆਂ ਰਹੀਆਂ ਹਨ।
ਇਸ ਦਰਮਿਆਨ ਡੋਨਾਲਡ ਟਰੰਪ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਉਹ ਈਰਾਨ ਦੇ ਸੰਭਾਵਿਤ ਨਿਸ਼ਾਨਿਆਂ ਦੀ ਸੂਚੀ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਨੂੰ ਲੈ ਕੇ ਚੌਕਸ ਰਹਿਣਾ ਪੈ ਰਿਹਾ ਹੈ ਅਤੇ ਉਹ ਮੰਨਦੇ ਹਨ ਕਿ ਉਨ੍ਹਾਂ ਖ਼ਿਲਾਫ਼ ਖ਼ਤਰਾ ਬਣਿਆ ਹੋਇਆ ਹੈ।
ਦੂਜੇ ਪਾਸੇ, ਅਮਰੀਕੀ ਸੁਰੱਖਿਆ ਅਤੇ ਖੁਫੀਆ ਤੰਤਰ ਨਾਲ ਜੁੜੇ ਕੁਝ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਜ਼ਰਾਈਲ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਨੂੰ ਅਜੇ ਪੂਰੀ ਤਰ੍ਹਾਂ ਪ੍ਰਮਾਣਿਤ ਨਹੀਂ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ, ਇਸ ਇਨਪੁੱਟ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਬਾਰੇ ਅੰਤਿਮ ਨਤੀਜੇ 'ਤੇ ਪਹੁੰਚਣਾ ਹਾਲੇ ਬਾਕੀ ਹੈ।
ਕੁਝ ਵਿਸ਼ਲੇਸ਼ਕਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਤਰ੍ਹਾਂ ਦੀਆਂ ਖੁਫੀਆ ਜਾਣਕਾਰੀਆਂ ਰਾਹੀਂ ਅਮਰੀਕਾ 'ਤੇ ਈਰਾਨ ਖ਼ਿਲਾਫ਼ ਹੋਰ ਸਖ਼ਤ ਰਵੱਈਆ ਅਪਣਾਉਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਹੋ ਸਕਦੀ ਹੈ। ਹਾਲਾਂਕਿ, ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਸਾਹਮਣੇ ਨਹੀਂ ਆਈ ਹੈ।
ਇਸ ਸਮੇਂ ਅਮਰੀਕਾ ਅਤੇ ਈਰਾਨ ਵਿਚਕਾਰ ਕੂਟਨੀਤਿਕ ਸੰਪਰਕ ਕਾਫ਼ੀ ਹੱਦ ਤੱਕ ਪ੍ਰਭਾਵਿਤ ਹੋਏ ਹਨ। ਡੋਨਾਲਡ ਟਰੰਪ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਈਰਾਨ ਨਾਲ ਉੱਚ ਪੱਧਰੀ ਗੱਲਬਾਤ ਅੱਗੇ ਨਹੀਂ ਵਧੇਗੀ। ਇਸ ਦੇ ਬਾਵਜੂਦ ਕੁਝ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਮਾਣੂ ਸਮਝੌਤੇ ਨੂੰ ਲੈ ਕੇ ਪਰਦੇ ਦੇ ਪਿੱਛੇ ਸੰਪਰਕ ਜਾਰੀ ਹਨ ਅਤੇ ਆਉਣ ਵਾਲੇ ਹਫ਼ਤਿਆਂ ਵਿੱਚ ਕਿਸੇ ਸੰਭਾਵਿਤ ਸਮਝੌਤੇ ਲਈ ਕੋਸ਼ਿਸ਼ਾਂ ਜਾਰੀ ਰਹਿ ਸਕਦੀਆਂ ਹਨ।
ਫਿਲਹਾਲ ਇਜ਼ਰਾਈਲ ਵੱਲੋਂ ਦਿੱਤੀ ਗਈ ਖੁਫੀਆ ਜਾਣਕਾਰੀ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ, ਪਰ ਇਸ ਦਾਅਵੇ ਨੇ ਮੱਧ-ਪੂਰਬ ਦੇ ਪਹਿਲਾਂ ਹੀ ਤਣਾਅਪੂਰਨ ਹਾਲਾਤਾਂ ਨੂੰ ਹੋਰ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ। ਵਿਸ਼ਵ ਭਰ ਦੀਆਂ ਨਜ਼ਰਾਂ ਹੁਣ ਅਮਰੀਕਾ, ਈਰਾਨ ਅਤੇ ਇਜ਼ਰਾਈਲ ਦੇ ਅਗਲੇ ਕਦਮਾਂ 'ਤੇ ਟਿਕੀਆਂ ਹੋਈਆਂ ਹਨ।