Courtesy: @narendramodi
ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬਿਓ ਨੇ ਸੰਕੇਤ ਦਿੱਤਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸੰਭਾਵਿਤ ਦੌਰੇ ਦੀਆਂ ਤਿਆਰੀਆਂ ਜਾਰੀ ਹਨ ਅਤੇ ਉਹ ਖੁਦ ਵੀ ਸਾਲ ਦੇ ਅੰਤ ਤੋਂ ਪਹਿਲਾਂ ਭਾਰਤ ਆ ਕੇ ਇਨ੍ਹਾਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਦੀ ਉਮੀਦ ਰੱਖਦੇ ਹਨ।
ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਮਜ਼ਬੂਤ ਹੋ ਰਹੇ
ਵਾਸ਼ਿੰਗਟਨ ਡੀਸੀ ਵਿੱਚ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਦੌਰਾਨ ਮਾਰਕੋ ਰੂਬਿਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਲਗਾਤਾਰ ਮਜ਼ਬੂਤ ਹੋ ਰਹੇ ਹਨ। ਉਨ੍ਹਾਂ ਦੇ ਅਨੁਸਾਰ ਦੋਵੇਂ ਦੇਸ਼ਾਂ ਵਿਚਕਾਰ ਰਣਨੀਤਕ ਸਹਿਯੋਗ ਅਤੇ ਆਪਸੀ ਭਰੋਸਾ ਕਾਫ਼ੀ ਮਜ਼ਬੂਤ ਹੈ, ਜਿਸ ਨਾਲ ਦੋਪੱਖੀ ਸਬੰਧ ਹੋਰ ਮਜ਼ਬੂਤ ਬਣ ਰਹੇ ਹਨ।
ਰੂਬਿਓ ਨੇ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਅਗਲੇ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਭਾਰਤ ਦਾ ਦੌਰਾ ਕਰਨ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦਾ ਇੱਕ ਮਹੱਤਵਪੂਰਨ ਭਾਈਵਾਲ ਹੈ ਅਤੇ ਦੋਵੇਂ ਦੇਸ਼ ਕਈ ਖੇਤਰਾਂ ਵਿੱਚ ਮਿਲ ਕੇ ਕੰਮ ਕਰ ਰਹੇ ਹਨ।
ਦੋਵਾਂ ਪ੍ਰਧਾਨਮੰਤਰੀਆਂ ਵਿਚਾਲੇ ਬਹੁਤ ਵਧੀਆ ਤਾਲਮੇਲ
ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਬਹੁਤ ਹੀ ਵਧੀਆ ਨਿੱਜੀ ਤਾਲਮੇਲ ਹੈ। ਉਨ੍ਹਾਂ ਦੇ ਅਨੁਸਾਰ ਕਿਸੇ ਵੀ ਦੋ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਵਿੱਚ ਸਿਖਰਲੇ ਨੇਤਾਵਾਂ ਦੀ ਆਪਸੀ ਸਮਝ ਅਤੇ ਭਰੋਸਾ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਕਾਰਨ ਭਾਰਤ-ਅਮਰੀਕਾ ਸਬੰਧ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।
ਇਸ ਤੋਂ ਇਲਾਵਾ, ਰੂਬੀਓ ਨੇ ਪੀਐਮ ਮੋਦੀ ਦੀ ਅਗਵਾਈ ਦੀ ਵੀ ਸ਼ਲਾਘਾ ਕਰਦੇ ਹੋਇਆਂ ਕਿਹਾ ਕਿ ਉਹ ਭਾਰਤੀ ਨੇਤਾ ਦੇ "ਪ੍ਰਸ਼ੰਸਕ" ਹਨ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਭਾਰਤ ਦੀ ਸਥਿਤੀ ਨੂੰ ਉੱਚਾ ਚੁੱਕਣ ਦਾ ਸਿਹਰਾ ਦਿੰਦੇ ਹਨ। "ਮੋਦੀ ਨੇ ਭਾਰਤ ਨੂੰ ਇੱਕ ਵਿਸ਼ਵ ਸ਼ਕਤੀ ਬਣਾਇਆ ਹੈ।
ਜੇਕਰ ਇਹ ਦੌਰਾ ਤੈਅ ਹੁੰਦਾ ਹੈ ਤਾਂ ਇਹ ਡੋਨਾਲਡ ਟਰੰਪ ਦਾ ਫਰਵਰੀ 2020 ਤੋਂ ਬਾਅਦ ਪਹਿਲਾ ਭਾਰਤ ਦੌਰਾ ਹੋਵੇਗਾ। ਇਸ ਦੇ ਨਾਲ ਹੀ ਦੂਜੇ ਕਾਰਜਕਾਲ ਲਈ ਵ੍ਹਾਈਟ ਹਾਊਸ ਵਾਪਸੀ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਵੀ ਹੋਵੇਗੀ।
ਜੀ-7 ਸੰਮੇਲਨ ਦੌਰਾਨ ਹੋਈ ਸੀ ਮੁਲਾਕਾਤ
ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲ ਹੀ ਵਿੱਚ ਫਰਾਂਸ ਦੇ ਏਵੀਆਂ ਵਿੱਚ ਹੋਏ ਜੀ-7 ਸੰਮੇਲਨ ਦੌਰਾਨ ਮੁਲਾਕਾਤ ਹੋਈ ਸੀ। ਕਰੀਬ 16 ਮਹੀਨਿਆਂ ਬਾਅਦ ਹੋਈ ਇਸ ਦੋਪੱਖੀ ਮੀਟਿੰਗ ਵਿੱਚ ਦੋਵੇਂ ਨੇਤਾਵਾਂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਪਸੀ ਸਹਿਯੋਗ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ 'ਤੇ ਚਰਚਾ ਕੀਤੀ ਸੀ। ਹੁਣ ਸੰਭਾਵਿਤ ਭਾਰਤ ਦੌਰੇ ਨੂੰ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਲਈ ਇੱਕ ਹੋਰ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।