Courtesy: pinterest
ਨਵੀਂ ਦਿੱਲੀ: ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਾਕਿਬ ਅਲ ਹਸਨ ਦੇ ਮਗੁਰਾ ਸਥਿਤ ਜੱਦੀ ਘਰ 'ਤੇ ਹਮਲਾ ਹੋਇਆ। ਕੁਝ ਅਨਜਾਣ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ 'ਤੇ ਪੈਟਰੋਲ ਬੰਬ ਸੁੱਟਿਆ ਅਤੇ ਭੰਨਤੋੜ ਕੀਤੀ। ਇਹ ਘਟਨਾ ਸ਼ਾਕਿਬ ਦੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੁਆਰਾ ਇੱਕ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਈ ਹੈ।
ਪੁਲਿਸ ਮੁਤਾਬਕ, ਇਹ ਘਟਨਾ ਮਗੁਰਾ ਸਦਰ ਖੇਤਰ ਵਿੱਚ ਰਾਤ 9 ਵਜੇ ਦੇ ਕਰੀਬ ਵਾਪਰੀ, ਜਿੱਥੇ ਅਣਪਛਾਤੇ ਵਿਅਕਤੀਆਂ ਨੇ ਸ਼ਾਕਿਬ ਅਲ ਹਸਨ ਦੇ ਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਅਤੇ ਖਿੜਕੀਆਂ ਨੂੰ ਨੁਕਸਾਨ ਪਹੁੰਚਾਇਆ।
ਇੱਕ ਅਧਿਕਾਰੀ ਨੇ ਦੱਸਿਆ ਕਿ ਕਈ ਵਿਅਕਤੀਆਂ ਨੇ ਘਰ 'ਤੇ ਇੱਟਾਂ ਅਤੇ ਪੱਥਰ ਸੁੱਟੇ ਅਤੇ ਖਿੜਕੀਆਂ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਘਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। ਇਸਦੇ ਨਾਲ ਹੀ ਪੁਲਿਸ ਨੇ ਘਟਨਾ ਤੋਂ ਤੁਰੰਤ ਬਾਅਦ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।
ਇਸ ਘਟਨਾ ਤੋਂ ਬਾਅਦ ਅਵਾਮੀ ਲੀਗ ਨੇ ਵੀ ਸੋਸ਼ਲ ਮੀਡੀਆ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਇਸ ਘਟਨਾ ਦੀ ਨਿੰਦਾ ਕੀਤੀ।
ਦੱਸ ਦੇਈਏ, ਇਹ ਘਟਨਾ ਉਸੇ ਦਿਨ ਵਾਪਰੀ ਜਦੋਂ ਸ਼ਾਕਿਬ ਅਲ ਹਸਨ ਨਵੀਂ ਦਿੱਲੀ ਵਿੱਚ ਇੱਕ ਮੀਡੀਆ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਦੱਖਣੀ ਏਸ਼ੀਆ ਨੂੰ ਕਵਰ ਕਰਨ ਵਾਲੇ ਵਿਦੇਸ਼ੀ ਪੱਤਰਕਾਰਾਂ ਲਈ ਇੱਕ ਫੋਰਮ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਮੀਡੀਆ ਨੂੰ ਸੰਬੋਧਨ ਕੀਤਾ ਸੀ।
ਦੱਸ ਦੇਈਏ, ਸ਼ਾਕਿਬ ਅਲ ਹਸਨ ਅਗਸਤ 2024 ਵਿੱਚ ਸ਼ੇਖ ਹਸੀਨਾ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਤੋਂ ਬਾਅਦ ਬੰਗਲਾਦੇਸ਼ ਤੋਂ ਦੂਰ ਹੈ। ਰਾਜਨੀਤਿਕ ਅਸ਼ਾਂਤੀ ਦੇ ਸਮੇਂ ਦੌਰਾਨ ਉਨ੍ਹਾਂ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ। ਉਸ ਦਾ ਨਾਮ ਇੱਕ ਕਥਿਤ ਕਤਲ ਕੇਸ ਸੰਬੰਧੀ ਐਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਸੀ।