Courtesy: X@TraderrBatuhan
ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਵਿਚਾਲੇ ਚੱਲ ਰਿਹਾ ਟਕਰਾਅ ਦੇ ਖ਼ਤਮ ਹੋਣ ਸੰਭਾਵਨਾ ਜਤਾਈ ਹੈ ਅਤੇ ਕਿਹਾ ਕਿ ਹੁਣ ਜੰਗ ਲੰਬੇ ਸਮੇਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਨਹੀਂ ਹੈ, ਹਾਲਾਤ ਜਲਦੀ ਸਧਾਰਣ ਹੋਣਗੇ। ਹਾਲਾਂਕਿ ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਅਮਰੀਕਾ ਕਿਸੇ ਵੀ ਹਾਲਤ ਵਿੱਚ ਈਰਾਨ ਨੂੰ ਪਰਮਾਣੂ ਹਥਿਆਰ ਹਾਸਲ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।
ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡੋਨਾਲਡ ਟਰੰਪ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਟਕਰਾਅ ਜਲਦ ਹੀ ਖਤਮ ਹੋ ਸਕਦਾ ਹੈ। ਜੇਕਰ ਈਰਾਨ ਪਰਮਾਣੂ ਹਥਿਆਰ ਬਣਾਉਣ ਵਿੱਚ ਕਾਮਯਾਬ ਹੋ ਜਾਂਦਾ ਹੈ ਤਾਂ ਇਸ ਦਾ ਅਸਰ ਸਿਰਫ਼ ਮੱਧ-ਪੂਰਬ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਸੁਰੱਖਿਆ 'ਤੇ ਪਵੇਗਾ। ਇਸ ਲਈ ਅਮਰੀਕਾ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕਰੇਗਾ।
ਹੋਰਮੁਜ਼ ਜਲਡਮਰੂਮੱਧ 'ਤੇ ਵੀ ਦਿੱਤੀ ਪ੍ਰਤੀਕਿਰਿਆ
ਇਸ ਦੌਰਾਨ ਟਰੰਪ ਨੇ ਹੋਰਮੁਜ਼ ਜਲਡਮਰੂਮੱਧ ਦੀ ਸਥਿਤੀ ਬਾਰੇ ਵੀ ਗੱਲ ਕੀਤੀ ਅਤੇ ਦੱਸਿਆ ਕਿ ਫਿਲਹਾਲ ਇਹ ਸਮੁੰਦਰੀ ਰਸਤਾ ਪੂਰੀ ਤਰ੍ਹਾਂ ਖੁੱਲ੍ਹਾ ਹੈ ਅਤੇ ਅਮਰੀਕੀ ਜਲ ਸੈਨਾ ਦੀ ਮੌਜੂਦਗੀ ਕਾਰਨ ਇਲਾਕੇ ਦੀ ਸਥਿਤੀ ਕਾਬੂ ਵਿੱਚ ਹੈ।
ਇਸਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਖੇਤਰ ਵਿੱਚ ਬਾਰੂਦੀ ਸੁਰੰਗਾਂ ਵਿਛਾਈਆਂ ਜਾਂਦੀਆਂ ਹਨ ਜਾਂ ਕਿਸੇ ਤਰ੍ਹਾਂ ਦੀ ਸੈਨਿਕ ਕਾਰਵਾਈ ਹੁੰਦੀ ਹੈ ਤਾਂ ਇਸ ਦਾ ਸਿੱਧਾ ਅਸਰ ਅੰਤਰਰਾਸ਼ਟਰੀ ਸਮੁੰਦਰੀ ਵਪਾਰ ਅਤੇ ਤੇਲ ਦੀ ਸਪਲਾਈ 'ਤੇ ਪਵੇਗਾ। ਟਰੰਪ ਨੇ ਦੱਸਿਆ ਕਿ ਅਮਰੀਕਾ ਇਸ ਰਣਨੀਤਿਕ ਜਲ ਮਾਰਗ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ।
ਗੋਲਾ-ਬਾਰੂਦ ਦੀ ਕਮੀ ਵਾਲੀਆਂ ਖ਼ਬਰਾਂ ਨੂੰ ਕੀਤਾ ਖਾਰਜ
ਕਈ ਅਮਰੀਕੀ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਫੌਜ ਵਿੱਚ ਗੋਲਾ-ਬਾਰੂਦ ਦੀ ਕਮੀ ਆ ਰਹੀ ਹੈ। ਇਨ੍ਹਾਂ ਰਿਪੋਰਟਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਟਰੰਪ ਨੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਹਨ। ਅਮਰੀਕੀ ਫੌਜ ਹਰ ਹਾਲਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਸ ਦੀ ਸਮਰੱਥਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਦੀ ਲੋੜ ਨਹੀਂ ਹੈ।
ਟਰੰਪ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਰੱਖਿਆ ਮੰਤਰੀ ਪੀਟ ਹੇਗਸੇਥ ਦੀ ਕਾਰਗੁਜ਼ਾਰੀ 'ਤੇ ਪੂਰਾ ਭਰੋਸਾ ਹੈ ਅਤੇ ਉਹ ਆਪਣੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਰਹੇ ਹਨ।
ਵਾਸ਼ਿੰਗਟਨ ਪੋਸਟ 'ਤੇ ਵੀ ਨਿਸ਼ਾਨਾ
ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟ੍ਰੁਥ ਸੋਸ਼ਲ 'ਤੇ ਵੀ ਇਸ ਮਾਮਲੇ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਅਤੇ ਦੋਸ਼ ਲਗਾਇਆ ਕਿ ਵਾਸ਼ਿੰਗਟਨ ਪੋਸਟ ਨੇ ਬਿਨਾਂ ਤੱਥਾਂ ਦੀ ਪੁਸ਼ਟੀ ਕੀਤੇ ਗਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਸਿਰਫ਼ ਅਫ਼ਵਾਹਾਂ ਫੈਲਾਉਣ ਦੀ ਕੋਸ਼ਿਸ਼ ਹਨ ਅਤੇ ਅਮਰੀਕੀ ਫੌਜ ਦੀ ਤਿਆਰੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਕੋਸਾਂ ਦੂਰ ਹਨ।