Courtesy: Credit: OpenAI
ਰਾਸ਼ਟਰਪਤੀ ਮੁਰਮੂ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਦੇਸ਼ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦੇ ਕੇ ਕੀਤੀ। ਉਨ੍ਹਾਂ ਕਿਹਾ ਕਿ ਕੁਝ ਹੀ ਘੰਟਿਆਂ ਬਾਅਦ ਦੇਸ਼ ਦੀ ਆਜ਼ਾਦੀ ਦੇ 80ਵੇਂ ਸਾਲ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਆਜ਼ਾਦੀ ਤੋਂ ਬਾਅਦ ਦੇਸ਼ ਦੇ ਏਕੀਕਰਨ ਦੀ ਚੁਣੌਤੀ ਨੂੰ ਯਾਦ ਕਰਦਿਆਂ ਸਰਦਾਰ ਵੱਲਭਭਾਈ ਪਟੇਲ ਨੂੰ ਏਕਤਾ ਦਾ ਸ਼ਿਲਪਕਾਰ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ ਹੁਣ ਆਧੁਨਿਕ ਰਾਸ਼ਟਰ ਬਣਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਦੇਸ਼ ਦੇ ਭਵਿੱਖ ਦਾ ਨਿਰਮਾਤਾ ਵੀ ਦੱਸਿਆ।
ਰਾਸ਼ਟਰਪਤੀ ਨੇ ਓਪਰੇਸ਼ਨ ਸਿੰਦੂਰ ਦੌਰਾਨ ਭਾਰਤੀ ਹਥਿਆਰਬੰਦ ਬਲਾਂ ਦੇ ਸਾਹਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਸਟੀਕ ਹਮਲੇ ਕਰਨ ਦੀ ਭਾਰਤੀ ਸੈਨਾ ਦੀ ਸਮਰੱਥਾ ਨੂੰ ਦੁਨੀਆ ਦੇ ਸਾਹਮਣੇ ਰੱਖਿਆ। ਉਨ੍ਹਾਂ ਅੱਤਵਾਦ ਨੂੰ ਪਨਾਹ ਦੇਣ ਵਾਲਿਆਂ ਨੂੰ ਵੀ ਸਖ਼ਤ ਸੰਦੇਸ਼ ਦਿੱਤਾ।
ਰਾਸ਼ਟਰਪਤੀ ਨੇ ਕਿਹਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨਾ ਰਾਸ਼ਟਰੀ ਹਿੱਤ ਵਿੱਚ ਲਿਆ ਗਿਆ ਫੈਸਲਾ ਹੈ। ਉਨ੍ਹਾਂ ਖਾਸ ਤੌਰ 'ਤੇ ਕਿਹਾ ਕਿ ਇਹ ਕਦਮ ਦੇਸ਼ ਦੇ ਕਿਸਾਨਾਂ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲੇ ਭਾਵੇਂ ਕਿਤੇ ਵੀ ਲੁਕਣ, ਉਨ੍ਹਾਂ ਨੂੰ ਆਪਣੇ ਕੀਤੇ ਦਾ ਨਤੀਜਾ ਭੁਗਤਣਾ ਪਵੇਗਾ।
ਰਾਸ਼ਟਰਪਤੀ ਨੇ ਭਾਰਤ ਨੂੰ ਨਕਸਲਵਾਦ ਤੋਂ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਹੋਈ ਤਰੱਕੀ ਨੂੰ ਵੱਡੀ ਰਾਸ਼ਟਰੀ ਉਪਲਬਧੀ ਦੱਸਿਆ। ਉਨ੍ਹਾਂ ਬਸਤਰ ਵਿੱਚ ਹੋ ਰਹੇ ਵਿਕਾਸ ਅਤੇ ਸਥਾਨਕ ਲੋਕਾਂ ਦੀ ਵਧ ਰਹੀ ਸੱਭਿਆਚਾਰਕ ਭਾਗੀਦਾਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਮੁਸ਼ਕਲ ਵਿਸ਼ਵ ਪੱਧਰੀ ਹਾਲਾਤਾਂ ਦੇ ਬਾਵਜੂਦ ਵਿਕਾਸ ਦੇ ਰਸਤੇ 'ਤੇ ਅੱਗੇ ਵੱਧ ਰਿਹਾ ਹੈ।
ਰਾਸ਼ਟਰਪਤੀ ਨੇ ਭਾਰਤ ਦੀ ਡਿਜੀਟਲ ਤਾਕਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਹੋਣ ਵਾਲੇ ਰੀਅਲ-ਟਾਈਮ ਡਿਜੀਟਲ ਲੈਣ-ਦੇਣ ਦਾ ਅੱਧੇ ਤੋਂ ਵੱਧ ਹਿੱਸਾ ਭਾਰਤ ਵਿੱਚ ਹੁੰਦਾ ਹੈ। ਉਨ੍ਹਾਂ ਮੁਤਾਬਕ ਪਿਛਲੇ ਦਹਾਕੇ ਦੌਰਾਨ ਸਮਾਵੇਸ਼ੀ ਵਿਕਾਸ ਦੀਆਂ ਕੋਸ਼ਿਸ਼ਾਂ ਨਾਲ 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆਏ ਹਨ। ਮੁਫ਼ਤ ਰਾਸ਼ਨ ਯੋਜਨਾ 80 ਕਰੋੜ ਤੋਂ ਵੱਧ ਲੋਕਾਂ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਮਦਦ ਕਰ ਰਹੀ ਹੈ।
ਰਾਸ਼ਟਰਪਤੀ ਨੇ ਤਿੰਨਾਂ ਸੈਨਾਵਾਂ, ਹਥਿਆਰਬੰਦ ਪੁਲਿਸ ਬਲਾਂ ਅਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਪ੍ਰਤੀ ਨਿਸ਼ਠਾ ਦੀ ਸ਼ਲਾਘਾ ਕੀਤੀ। ਉਨ੍ਹਾਂ ਉਨ੍ਹਾਂ ਭਾਰਤੀਆਂ ਨੂੰ ਵੀ ਵਧਾਈ ਦਿੱਤੀ ਜੋ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਵਿੱਚ ਸੇਵਾ ਨਿਭਾ ਰਹੇ ਕਰਮਚਾਰੀਆਂ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ।