menu-icon
Punjabi Story Line
  • Home
  • News
  • National
  • ਪੇਪਰ ਲੀਕ ਮਾਮਲੇ 'ਤੇ ਸਰਕਾਰ ਦਾ ਵੱਡਾ ਐਕਸ਼ਨ, ਸੋਧ ਬਿੱਲ ਨੂੰ ਕੈਬਿਨੇਟ ਦੀ ਮਨਜ਼ੂਰੀ

ਪੇਪਰ ਲੀਕ ਮਾਮਲੇ 'ਤੇ ਸਰਕਾਰ ਦਾ ਵੱਡਾ ਐਕਸ਼ਨ, ਸੋਧ ਬਿੱਲ ਨੂੰ ਕੈਬਿਨੇਟ ਦੀ ਮਨਜ਼ੂਰੀ

NEET ਪੇਪਰ ਲੀਕ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਪੇਪਰ ਲੀਕ ਸੰਬੰਧੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।

Date Updated Last Updated : 24 July 2026, 03:38 PM IST
Share:

ਨਵੀਂ ਦਿੱਲੀ: NEET ਪੇਪਰ ਲੀਕ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਪੇਪਰ ਲੀਕ ਸੰਬੰਧੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਐਕਟ, 2024 ਨੂੰ ਹੋਰ ਮਜ਼ਬੂਤ ​​ਕਰਨ ਦੇ ਪ੍ਰਸਤਾਵ 'ਤੇ ਚਰਚਾ ਤੋਂ ਬਾਅਦ ਦਿੱਤੀ ਗਈ। ਸਰਕਾਰ ਅਗਲੇ ਹਫ਼ਤੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਵਿੱਚ ਇਸ ਸੋਧੇ ਹੋਏ ਬਿੱਲ ਨੂੰ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।

ਇਸ ਬਿੱਲ ਨਾਲ ਪੇਪਰ ਲੀਕ ਮਾਫੀਆ ਦੇ ਖਿਲਾਫ਼ ਸਖ਼ਤ ਕਾਨੂੰਨ ਹੋਣਗੇ। ਬਿੱਲ 'ਚ ਪੇਪਰ ਲੀਕ ਦੇ ਮਾਮਲਿਆਂ  'ਚ 10 ਸਾਲ ਦੀ ਸਜ਼ਾ ਅਤੇ 10 ਕਰੋੜ ਦੇ ਜੁਰਮਾਨੇ ਦਾ ਪ੍ਰਸਤਾਵ ਹੋਵੇਗਾ।

ਪੀਐਮ ਮੋਦੀ ਨੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਰਾਤ 12 ਬਜੇ ਆਪਣੇ ਵੀਡੀਓ ਸੰਦੇਸ਼ ਵਿੱਚ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਅਤੇ ਪੇਪਰ ਲੀਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਸੀ। ਵੀਡਿਓ 'ਚ ਪੀਐਮ ਮੋਦੀ ਨੇ ਕਿਹਾ ਕਿ ਪੇਪਰ ਲੀਕ ਕੋਈ ਮਾਮੂਲੀ ਵਿਸ਼ਾ ਨਹੀਂ ਹੈ। ਇਹ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਲਈ ਕਾਫ਼ੀ ਦੁਖਦਾਈ ਹੈ। ਇਸ ਲਈ ਪੇਪਰ ਲੀਕ ਰੋਕਣ ਲਈ ਪਿਛਲੇ ਢਾਈ ਮਹੀਨਿਆਂ 'ਚ ਕਈ ਕਦਮ ਚੁੱਕੇ ਗਏ ਹਨ। ਦੋਸ਼ੀਆਂ ਨੂੰ ਫੜਿਆ ਗਿਆ ਹੈ, ਉਹ ਜੇਲ 'ਚ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿਮੇਵਾਰੀ ਸੀ ਕੀ ਵਿਦਿਆਰਥੀਆਂ ਦਾ ਸਾਲ ਬਰਬਾਦ ਨਾ ਹੋਵੇ। ਇਸ ਲਈ ਘੱਟ ਸਮੇਂ 'ਚ 22 ਲੱਖ ਵਿਦਿਆਰਥੀਆਂ ਦਾ ਪੇਪਰ ਕਰਵਾਇਆ ਗਿਆ। 19 ਜੁਲਾਈ ਨੂੰ ਰਿਜ਼ਲਟ ਵੀ ਆ ਗਿਆ।
 
ਇਹ ਵੀ ਐਲਾਨ ਕੀਤਾ ਗਿਆ ਕਿ ਪੇਪਰ ਲੀਕ ਨੂੰ ਰੋਕਣ ਲਈ ਇੱਕ ਨਵਾਂ ਬਿੱਲ ਅਗਲੇ ਹਫ਼ਤੇ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਨੂੰ ਜਲਦੀ ਤੋਂ ਜਲਦੀ ਪਾਸ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਪੇਪਰ ਲੀਕ ਮਾਮਲਿਆਂ ਨੂੰ ਸੰਭਾਲਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।

ਸੀਜੇਪੀ ਦਾ ਪ੍ਰਦਰਸ਼ਨ ਜਾਰੀ

NEET-UG ਪੇਪਰ ਲੀਕ ਦੇ ਖਿਲਾਫ ਜੰਤਰ-ਮੰਤਰ 'ਤੇ CJP ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਹ ਵਿਰੋਧ ਪ੍ਰਦਰਸ਼ਨ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ, ਪ੍ਰੀਖਿਆ ਵਿੱਚ ਬੇਨਿਯਮੀਆਂ ਲਈ ਜਵਾਬਦੇਹੀ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਅਤੇ ਮਈ ਵਿੱਚ NEET-UG ਪੇਪਰ ਲੀਕ ਤੋਂ ਬਾਅਦ ਖੁਦਕੁਸ਼ੀ ਕਰਕੇ ਮਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਲਈ ₹1 ਕਰੋੜ ਦੇ ਮੁਆਵਜ਼ੇ ਦੀ ਮੰਗ ਲਈ ਕੀਤਾ ਜਾ ਰਿਹਾ ਹੈ।

ਪੇਪਰ ਲੀਕ ਦੇ ਵਿਰੋਧ ਵਿੱਚ ਕਾਰਕੁਨ ਸੋਨਮ ਵਾਂਗਚੁਕ ਨੇ 26 ਦਿਨਾਂ ਦਾ ਅਨਸ਼ਨ ਰਖਿਆ ਅਤੇ ਸੰਸਦ ਵਿੱਚ ਵੀ ਹੰਗਾਮਾ ਜਾਰੀ ਹੈ। ਮਾਮਲੇ ਦੀ ਸੀਬੀਆਈ ਜਾਂਚ ਚੱਲ ਰਹੀ ਹੈ। ਹੁਣ ਤੱਕ, ਵੱਖ-ਵੱਖ ਰਾਜਾਂ ਤੋਂ 13 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੌਜੂਦਾ ਕਾਨੂੰਨ ਵਿੱਚ ਕੀ ਹਨ ਨਿਯਮ?

ਮੌਜੂਦਾ ਕਾਨੂੰਨ ਅਨੁਸਾਰ ਵਿਅਕਤੀਗਤ ਅਪਰਾਧ ਦੇ ਮਾਮਲਿਆਂ ਵਿੱਚ 3 ਤੋਂ 5 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਜੇਕਰ ਕਿਸੇ ਸਰਵਿਸ ਪ੍ਰੋਵਾਈਡਰ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ 'ਤੇ 1 ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਸੰਗਠਿਤ ਅਪਰਾਧਾਂ ਦੇ ਮਾਮਲੇ ਵਿੱਚ 5 ਤੋਂ 10 ਸਾਲ ਤੱਕ ਦੀ ਕੈਦ ਅਤੇ ਘੱਟੋ-ਘੱਟ 1 ਕਰੋੜ ਰੁਪਏ ਜੁਰਮਾਨੇ ਦਾ ਪ੍ਰਬੰਧ ਪਹਿਲਾਂ ਹੀ ਮੌਜੂਦ ਹੈ।

ਹੁਣ ਸਰਕਾਰ ਇਨ੍ਹਾਂ ਪ੍ਰਬੰਧਾਂ ਨੂੰ ਹੋਰ ਸਖ਼ਤ ਬਣਾਉਣ ਵੱਲ ਵਧ ਰਹੀ ਹੈ ਤਾਂ ਜੋ ਪੇਪਰ ਲੀਕ, ਨਕਲ ਅਤੇ ਪ੍ਰੀਖਿਆਵਾਂ ਵਿੱਚ ਹੋਣ ਵਾਲੀਆਂ ਧੋਖਾਧੜੀਆਂ 'ਤੇ ਸਖ਼ਤੀ ਨਾਲ ਰੋਕ ਲਗਾਈ ਜਾ ਸਕੇ ਅਤੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾ ਸਕੇ। 

 

 

Recent News