National Testing Agency ਵੱਲੋਂ ਕਰਵਾਈ ਜਾਣ ਵਾਲੀ Re-NEET UG ਪ੍ਰੀਖਿਆ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪ੍ਰੀਖਿਆ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਪਿਛਲੀ ਵਾਰ ਸਾਹਮਣੇ ਆਈਆਂ ਗੜਬੜੀਆਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਕਿ ਇਸ ਵਾਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਧਰਮੇਂਦਰ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ Re-NEET ਪ੍ਰੀਖਿਆ ਸਖ਼ਤ ਸੁਰੱਖਿਆ ਨਿਯਮਾਂ ਹੇਠ, ਬਿਨਾਂ ਕਿਸੇ ਰੁਕਾਵਟ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਰਾਜਾਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਸਮਨਵਯ ਮੀਟਿੰਗਾਂ ਕਰਨ ਲਈ ਵੀ ਕਿਹਾ ਤਾਂ ਜੋ ਹਰ ਪ੍ਰੀਖਿਆ ਕੇਂਦਰ ‘ਤੇ ਮਜ਼ਬੂਤ ਨਿਗਰਾਨੀ ਯਕੀਨੀ ਬਣਾਈ ਜਾ ਸਕੇ।
ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਪਿਛਲੀ ਪ੍ਰੀਖਿਆ ਪ੍ਰਕਿਰਿਆ ਵਿੱਚ ਜਿਹੜੀਆਂ ਕਮੀਆਂ ਸਾਹਮਣੇ ਆਈਆਂ ਸਨ, ਉਹਨਾਂ ਨੂੰ ਇਸ ਵਾਰ ਪੂਰੀ ਤਰ੍ਹਾਂ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਰੋਸਾ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਹੋਣੀ ਲਾਜ਼ਮੀ ਹੈ।
ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਨੇ ਪ੍ਰੀਖਿਆ ਕੇਂਦਰਾਂ ‘ਤੇ ਪੀਣ ਵਾਲੇ ਪਾਣੀ, ਆਵਾਜਾਈ, ਬੈਠਕ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੀ ਇਸ ਪ੍ਰੀਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਵਿਵਸਥਾ ਕਬੂਲ ਨਹੀਂ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ NTA ਨੇ 3 ਮਈ ਨੂੰ ਹੋਈ NEET-UG ਪ੍ਰੀਖਿਆ ਨੂੰ ਗੜਬੜੀਆਂ ਦੇ ਦੋਸ਼ਾਂ ਕਾਰਨ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫੈਸਲਾ ਲਿਆ। ਧਰਮੇਂਦਰ ਪ੍ਰਧਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ Re-NEET UG ਪ੍ਰੀਖਿਆ 21 ਜੂਨ ਨੂੰ ਕਰਵਾਈ ਜਾਵੇਗੀ।
ਧਰਮੇਂਦਰ ਪ੍ਰਧਾਨ ਨੇ ਇਹ ਵੀ ਕਿਹਾ ਕਿ NEET ਨਾਲ ਜੁੜੀਆਂ ਗੜਬੜੀਆਂ ਨੂੰ ਦੇਖਦੇ ਹੋਏ ਅਗਲੇ ਸਾਲ ਤੋਂ ਮੈਡੀਕਲ ਦਾਖਲਾ ਪ੍ਰੀਖਿਆ ਨੂੰ ਕੰਪਿਊਟਰ ਅਧਾਰਿਤ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਪ੍ਰੀਖਿਆ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਸੁਰੱਖਿਅਤ ਬਣ ਸਕੇਗੀ।