ਪੰਜਾਬਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿੱਚ ਮਸ਼ਹੂਰ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਭਿਨੇਤਾ ਆਸ਼ੁਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਰਾਜ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਯਤਨ ਨੂੰ ਭਗਵਾਨ ਸ਼੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਜਨਤਾ ਤੱਕ ਪਹੁੰਚਾਉਣ ਦੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੇ ਮੁੱਲਾਂ ਨੂੰ ਮਜ਼ਬੂਤ ਕਰਨਾ ਹੈ।
ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋਅ ਪੂਰੀ ਤਰ੍ਹਾਂ ਮੁਫ਼ਤ ਰੱਖੇ ਗਏ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਤੋਂ ਪ੍ਰੇਰਣਾ ਲੈ ਸਕਣ।
ਪਹਿਲੇ ਸ਼ੋਅ ਦੌਰਾਨ ਦਰਸ਼ਕਾਂ ਨਾਲ ਖਚਾਖਚ ਭਰੇ ਆਡੀਟੋਰੀਅਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਰਾਜ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਅਗਸਤ ਅਤੇ ਸਤੰਬਰ ਦੌਰਾਨ ਰਾਜ ਦੇ 12 ਸ਼ਹਿਰਾਂ ਵਿੱਚ ਇਸ ਮਸ਼ਹੂਰ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ।"
ਇਸ ਯਤਨ ਦੀ ਮਹੱਤਤਾ 'ਤੇ ਰੌਸ਼ਨੀ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ ਅਤੇ ਰਾਜ ਸਰਕਾਰ ਇਸ ਦੀ ਸ਼ਾਨਦਾਰ ਵਿਰਾਸਤ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਪੰਜਾਬ ਸਰਕਾਰ 'ਹਮਾਰੇ ਰਾਮ' ਸ਼ੋਅ ਦਾ ਆਯੋਜਨ ਕਰ ਰਹੀ ਹੈ, ਜੋ ਭਗਵਾਨ ਸ਼੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕਰਦਾ ਹੈ। ਇਸ ਨਾਟਕ ਦੀ ਖ਼ਾਸ ਗੱਲ ਇਹ ਹੈ ਕਿ ਅੰਤਰਰਾਸ਼ਟਰੀ ਪੱਧਰ 'ਤੇ ਮਸ਼ਹੂਰ ਅਭਿਨੇਤਾ ਆਸ਼ੁਤੋਸ਼ ਰਾਣਾ ਇਸ ਸ਼ੋਅ ਦੇ ਮੁੱਖ ਆਕਰਸ਼ਣ ਹਨ, ਜਿਨ੍ਹਾਂ ਦੀ ਦਮਦਾਰ ਅਦਾਕਾਰੀ ਇਸ ਸ਼ੋਅ ਦੇ ਆਕਰਸ਼ਣ ਨੂੰ ਹੋਰ ਵਧਾਉਂਦੀ ਹੈ।"
ਰਾਜ ਪੱਧਰੀ ਮੁਹਿੰਮ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, "ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੇ ਮਹੀਨਿਆਂ ਦੌਰਾਨ 'ਹਮਾਰੇ ਰਾਮ' ਦੇ 41 ਸ਼ੋਅ ਕਰਵਾਏ ਜਾਣਗੇ, ਜਿਸ ਦੀ ਸ਼ੁਰੂਆਤ ਅੱਜ ਮੋਹਾਲੀ ਤੋਂ ਹੋਈ ਹੈ। ਇਹ ਸ਼ੋਅ ਪੰਜਾਬ ਦੇ 12 ਸ਼ਹਿਰਾਂ – ਮੋਹਾਲੀ, ਬਠਿੰਡਾ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਤੇ ਹੋਰ ਸ਼ਹਿਰਾਂ ਵਿੱਚ ਕਰਵਾਏ ਜਾਣਗੇ। ਇਸ ਯਤਨ ਰਾਹੀਂ ਰਾਜ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਮੁੱਲਾਂ ਨੂੰ ਉਤਸ਼ਾਹਿਤ ਕਰਨਾ ਹੈ।"
ਇਸ ਨਾਟਕ ਦੇ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, "ਰਾਜ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਧਰਮ ਦੇ ਸਦੀਵੀ ਸੰਦੇਸ਼ ਨੂੰ ਜਨਤਾ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਨਾਟਕ 'ਹਮਾਰੇ ਰਾਮ' ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵੱਲੋਂ ਭਰਪੂਰ ਸਮਰਥਨ ਮਿਲਿਆ ਹੈ। ਇਹ ਸ਼ੋਅ ਰਾਮਾਇਣ ਨੂੰ ਅਨੋਖੇ ਅਤੇ ਅਣਛੋਹੇ ਪਹਿਲੂਆਂ ਤੋਂ ਪੇਸ਼ ਕਰਦਾ ਹੈ, ਜਿਸ ਨਾਲ ਦਰਸ਼ਕਾਂ ਨੂੰ ਇੱਕ ਨਵਾਂ ਅਤੇ ਗਿਆਨਵਰਧਕ ਅਨੁਭਵ ਮਿਲਦਾ ਹੈ।"
ਪ੍ਰੋਗਰਾਮ ਦੇ ਉਦੇਸ਼ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ, "ਮੁੱਖ ਉਦੇਸ਼ ਵਿਸ਼ਵ ਪੱਧਰੀ ਥੀਏਟਰ ਰਾਹੀਂ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਹੈ। ਮੈਨੂੰ ਉਮੀਦ ਹੈ ਕਿ ਇਹ ਅਨੋਖਾ ਯਤਨ ਸਨਾਤਨ ਧਰਮ ਦੇ ਮੁੱਲਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਸੱਚ, ਧਰਮ, ਦਇਆ ਅਤੇ ਏਕਤਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ। ਇਹ ਸ਼ੋਅ ਜਨਤਾ ਤੱਕ ਭਗਵਾਨ ਸ਼੍ਰੀ ਰਾਮ ਦੇ ਸੱਚ, ਧਰਮ, ਦਇਆ ਅਤੇ ਸਦਭਾਵਨਾ ਦੇ ਆਦਰਸ਼ਾਂ ਨੂੰ ਪਹੁੰਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹਨ।"
ਮੌਜੂਦਾ ਸਮੇਂ ਵਿੱਚ ਭਗਵਾਨ ਸ਼੍ਰੀ ਰਾਮ ਦੇ ਉਪਦੇਸ਼ਾਂ ਦੀ ਪ੍ਰਾਸੰਗਿਕਤਾ 'ਤੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅੱਜ ਦੇ ਦੌਰ ਵਿੱਚ, ਜਿੱਥੇ ਪਿਆਰ, ਆਪਸੀ ਸਤਿਕਾਰ ਅਤੇ ਸਮਾਜਿਕ ਸਦਭਾਵਨਾ ਨੂੰ ਲਗਾਤਾਰ ਚੁਣੌਤੀਆਂ ਮਿਲ ਰਹੀਆਂ ਹਨ, ਭਗਵਾਨ ਸ਼੍ਰੀ ਰਾਮ ਦੇ ਉਪਦੇਸ਼ ਮਨੁੱਖਤਾ ਲਈ ਮਾਰਗਦਰਸ਼ਕ ਹਨ। ਇਹ ਉਪਦੇਸ਼ ਸਮਾਜਿਕ ਸਾਂਝੇਦਾਰੀ ਅਤੇ ਸੰਪਰਦਾਇਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਪ੍ਰੋਗਰਾਮ ਨਾ ਸਿਰਫ਼ ਸਾਡੇ ਧਾਰਮਿਕ ਅਤੇ ਸੱਭਿਆਚਾਰਕ ਮੁੱਲਾਂ ਨੂੰ ਉਜਾਗਰ ਕਰੇਗਾ, ਸਗੋਂ ਥੀਏਟਰ ਅਤੇ ਕਲਾ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਨੌਜਵਾਨਾਂ ਨੂੰ ਪ੍ਰੇਰਿਤ ਵੀ ਕਰੇਗਾ।"
ਉਨ੍ਹਾਂ ਅੱਗੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਨੇੜੇ ਲਿਆਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਹਨਾਂ ਸਦੀਵੀ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ।"
ਸਰਕਾਰ ਦੇ ਹੋਰ ਸੱਭਿਆਚਾਰਕ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਤੋਂ ਪਹਿਲਾਂ ਸਾਡੀ ਸਰਕਾਰ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ 'ਇਕ ਸ਼ਾਮ ਸ਼ਿਵ ਦੇ ਨਾਮ' ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਸੀ, ਜਿਸ ਨੂੰ ਜਨਤਾ ਤੋਂ ਭਰਪੂਰ ਸਮਰਥਨ ਮਿਲਿਆ ਸੀ। ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪਰਵ ਨੂੰ ਸਮਰਪਿਤ ਪ੍ਰੋਗਰਾਮ ਵੀ ਆਯੋਜਿਤ ਕਰ ਰਹੀ ਹੈ, ਜੋ ਸਾਰੇ ਸਮੁਦਾਇਆਂ ਦੀ ਅਧਿਆਤਮਿਕ ਵਿਰਾਸਤ ਦਾ ਸਤਿਕਾਰ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਉਨ੍ਹਾਂ ਪੰਜਾਬ ਦੇ ਲੋਕਾਂ ਲਈ ਸਦੀਵੀ ਸ਼ਾਂਤੀ, ਸੰਪਰਦਾਇਕ ਸਦਭਾਵਨਾ, ਏਕਤਾ, ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।
ਕਲਾਕਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, "ਮੈਂ 150 ਕਲਾਕਾਰਾਂ ਦੀ ਪੂਰੀ ਟੀਮ ਦਾ ਪੰਜਾਬ ਦੀ ਇਸ ਪਵਿੱਤਰ ਅਤੇ ਮਹਾਨ ਧਰਤੀ 'ਤੇ ਹਾਰਦਿਕ ਸਵਾਗਤ ਕਰਦਾ ਹਾਂ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਾਰੇ ਧਰਮਾਂ ਦੇ ਲੋਕ ਇਸ ਆਯੋਜਨ ਵਿੱਚ ਇਕੱਠੇ ਭਾਗ ਲੈ ਰਹੇ ਹਨ, ਜੋ ਏਕਤਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ।"
ਸੱਭਿਆਚਾਰਕ ਸੰਭਾਲ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਨੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਬਜਟ ਵਿੱਚ ਵਾਧਾ ਕੀਤਾ ਹੈ, ਜੋ ਸਾਡੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਵਿਕਸਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਆਪਣੀ ਅਮੀਰ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਉਤਸ਼ਾਹਿਤ ਕਰਨਾ ਅਤੇ ਇਸ ਦਾ ਜਸ਼ਨ ਮਨਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਡੀ ਅਮੀਰ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।"
ਇਸ ਮੌਕੇ 'ਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀ ਸੰਬੋਧਨ ਕੀਤਾ।
'ਹਮਾਰੇ ਰਾਮ' ਮਹਾਨ ਮਹਾਂਕਾਵਿ ਰਾਮਾਇਣ 'ਤੇ ਆਧਾਰਿਤ ਇੱਕ ਵੱਡੇ ਪੱਧਰ ਦਾ ਨਾਟਕ ਹੈ, ਜੋ ਵਾਲਮੀਕਿ ਰਾਮਾਇਣ ਦੇ ਅਧਿਆਤਮਿਕ ਤੱਤ ਨਾਲ ਜੁੜੇ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਨੂੰ ਆਧੁਨਿਕ ਨਾਟਕੀ ਰੂਪ ਵਿੱਚ ਪੇਸ਼ ਕਰਦਾ ਹੈ। ਗੌਰਵ ਭਾਰਦਵਾਜ ਦੁਆਰਾ ਨਿਰਦੇਸ਼ਿਤ ਅਤੇ ਫੈਲਿਸਿਟੀ ਥੀਏਟਰ ਦੁਆਰਾ ਨਿਰਮਿਤ ਇਸ ਨਾਟਕ ਵਿੱਚ ਮਸ਼ਹੂਰ ਅਭਿਨੇਤਾ ਆਸ਼ੁਤੋਸ਼ ਰਾਣਾ ਰਾਵਣ ਦੀ ਭੂਮਿਕਾ ਵਿੱਚ ਹਨ, ਜਿਨ੍ਹਾਂ ਦੇ ਨਾਲ ਕਈ ਹੋਰ ਪ੍ਰਮੁੱਖ ਕਲਾਕਾਰ ਸ਼ਾਮਲ ਹਨ। ਇਹ ਨਾਟਕ ਇੱਕ ਅਧਿਆਤਮਿਕ ਅਨੁਭਵ ਸਿਰਜਣ ਲਈ ਸ਼ਾਨਦਾਰ ਕਹਾਣੀ, ਵੱਡੇ ਸੈੱਟ, ਪ੍ਰਭਾਵਸ਼ਾਲੀ LED ਵਿਜ਼ੁਅਲ, ਮੂਲ ਸੰਗੀਤ, ਕੋਰੀਓਗ੍ਰਾਫੀ, ਰਵਾਇਤੀ ਵੇਸ਼ਭੂਸ਼ਾ ਅਤੇ ਵਿਸ਼ੇਸ਼ ਪ੍ਰਭਾਵਾਂ ਦਾ ਸੁਮੇਲ ਪੇਸ਼ ਕਰਦਾ ਹੈ। ਸਾਲ 2024 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ, 'ਹਮਾਰੇ ਰਾਮ' ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਸੈਂਕੜੇ ਸ਼ੋਅ ਕੀਤੇ ਜਾ ਚੁੱਕੇ ਹਨ। ਇਸ ਨਾਟਕ ਨੇ ਰਾਮਾਇਣ ਦੇ ਘੱਟ ਜਾਣੇ-ਪਛਾਣੇ ਪਹਿਲੂਆਂ ਨੂੰ ਪੇਸ਼ ਕਰਨ ਅਤੇ ਸੱਚ, ਧਰਮ, ਦਇਆ ਅਤੇ ਭਲਾਈ ਦੇ ਸਦੀਵੀ ਮੁੱਲਾਂ ਨੂੰ ਮਜ਼ਬੂਤ ਕਰਨ ਲਈ ਵਿਆਪਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ।
ਮੋਹਾਲੀ ਵਿੱਚ ਹੋਏ ਪਹਿਲੇ ਸ਼ੋਅ ਨੇ ਸ਼ੁਰੂਆਤੀ ਦ੍ਰਿਸ਼ ਤੋਂ ਲੈ ਕੇ ਅੰਤਿਮ ਪਰਦੇ ਤੱਕ ਖਚਾਖਚ ਭਰੇ ਆਡੀਟੋਰੀਅਮ ਨੂੰ ਬੰਨ੍ਹੀ ਰੱਖਿਆ ਅਤੇ ਦਰਸ਼ਕ ਪੂਰੇ ਨਾਟਕ ਦੌਰਾਨ ਲੀਨ ਰਹੇ। ਦਮਦਾਰ ਅਦਾਕਾਰੀ, ਪ੍ਰਭਾਵਸ਼ਾਲੀ ਸੰਵਾਦ, ਰੂਹਾਨੀ ਸੰਗੀਤ, ਸ਼ਾਨਦਾਰ ਵਿਜ਼ੁਅਲ ਅਤੇ ਵਿਸ਼ਵ ਪੱਧਰੀ ਸਟੇਜ ਕਲਾ ਦੇ ਸੁਮੇਲ ਨੇ ਇੱਕ ਬਹੁਤ ਹੀ ਭਾਵੁਕ ਅਤੇ ਅਧਿਆਤਮਿਕ ਮਾਹੌਲ ਸਿਰਜਿਆ। ਆਸ਼ੁਤੋਸ਼ ਰਾਣਾ ਦੁਆਰਾ ਰਾਵਣ ਦੇ ਨਿਭਾਏ ਗਏ ਦਮਦਾਰ ਕਿਰਦਾਰ ਨੇ ਖੂਬ ਤਾੜੀਆਂ ਬਟੋਰੀਆਂ, ਜਦੋਂ ਕਿ ਬਾਕੀ ਕਲਾਕਾਰਾਂ ਨੇ ਵੀ ਮਹਾਂਕਾਵਿ ਦੇ ਹਰ ਕਿਰਦਾਰ ਨੂੰ ਪੂਰੀ ਸ਼ਿੱਦਤ ਨਾਲ ਜੀਵੰਤ ਕੀਤਾ। ਨਾਟਕ ਦੀ ਭਾਵਨਾਤਮਕ ਡੂੰਘਾਈ, ਸ਼ਰਧਾਪੂਰਨ ਮਾਹੌਲ ਅਤੇ ਕਲਾਤਮਕ ਉੱਤਮਤਾ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ, ਜਿਸ ਨਾਲ ਇਹ ਸ਼ਾਮ ਭਾਰਤ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਯਾਦਗਾਰੀ ਮੌਕਾ ਬਣ ਗਈ।