15 ਮਾਰਚ ਨੂੰ ਸਿਖਲਾਈ ਲਈ ਫਿਨਲੈਂਡ ਜਾਣਗੇ ਪੰਜਾਬ ਦੇ 72 ਪ੍ਰਾਇਮਰੀ ਅਧਿਆਪਕ

ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਦੇ ਖਾਸ ਕਰਕੇ ਮੁੱਢਲੀ ਸਿੱਖਿਆ, ਅਧਿਆਪਕ ਸਿਖਲਾਈ ਅਤੇ ਡਿਜੀਟਲ ਸਿਖਲਾਈ ਵਰਗੇ ਖੇਤਰਾਂ ਵਿੱਚ ਨਵੀਨਤਾਕਾਰੀ ਵਿਦਿਅਕ ਅਭਿਆਸਾਂ ਤੋਂ ਸਿੱਖਣ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ।

Dharminder Singh
Calendar
Courtesy: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਫਿਨਲੈਂਡ ਦੇ ਰਾਜਦੂਤ ਨਾਲ ਮੁਲਾਕਾਤ ਕੀਤੀ

Share:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ  ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਇਹ ਬੈਚ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ 15 ਮਾਰਚ ਨੂੰ ਫਿਨਲੈਂਡ ਲਈ ਰਵਾਨਾ ਹੋਵੇਗਾ।

ਰਾਜਦੂਤ ਨਾਲ ਕੀਤਾ ਵਿਚਾਰ ਵਟਾਂਦਰਾ

ਪਿਛਲੇ ਸਾਲ 21 ਅਕਤੂਬਰ ਤੋਂ 8 ਨਵੰਬਰ ਤੱਕ ਯੂਨੀਵਰਸਿਟੀ ਆਫ ਤੁਰਕੂ ਵਿਖੇ ਪਹਿਲੇ ਬੈਚ ਦੀ ਸਿਖਲਾਈ ਦੇ ਸਫਲਤਾਪੂਰਵਕ ਮੁਕੰਮਲ ਹੋਣ ਬਾਰੇ ਚਰਚਾ ਕਰਦਿਆਂ, ਸਿੱਖਿਆ ਮੰਤਰੀ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ  ਕਿਮੋ ਲਾਹਦੇਵਿਰਤਾ ਅਤੇ ਯੂਨੀਵਰਸਿਟੀ ਆਫ ਤੁਰਕੂ ਦੇ ਮਾਹਿਰਾਂ ਨਾਲ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਅਤੇ ਫਿਨਲੈਂਡ ਵਿਚਕਾਰ ਸਿੱਖਿਆ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਲਈ ਜਾਣੇ ਜਾਂਦੇ ਫਿਨਲੈਂਡ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਜ਼ੋਰ ਦਿੱਤਾ।

ਸਿੱਖਿਆ ਦੀ ਮਜ਼ਬੂਤ ਨੀਂਹ ਰੱਖੀ

ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਫਿਨਲੈਂਡ ਦੇ ਖਾਸ ਕਰਕੇ ਮੁੱਢਲੀ ਸਿੱਖਿਆ, ਅਧਿਆਪਕ ਸਿਖਲਾਈ ਅਤੇ ਡਿਜੀਟਲ ਸਿਖਲਾਈ ਵਰਗੇ ਖੇਤਰਾਂ ਵਿੱਚ ਨਵੀਨਤਾਕਾਰੀ ਵਿਦਿਅਕ ਅਭਿਆਸਾਂ ਤੋਂ ਸਿੱਖਣ ਵਿੱਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ। ਉਨ੍ਹਾਂ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਸਫ਼ਲ ਹੋਣ ਲਈ ਲੋੜੀਂਦੇ ਹੁਨਰਾਂ ਨਾਲ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਟੀਚੇ ਨੂੰ ਹਾਸਲ ਕਰਨ ਵਿੱਚ ਅੰਤਰਰਾਸ਼ਟਰੀ ਸਹਿਯੋਗ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪੰਜਾਬ ਦੇ ਸਕੂਲ ਅਧਿਆਪਕਾਂ ਵੱਲੋਂ ਸਿੱਖਿਆ ਦੀਆਂ ਨਵੀਆਂ ਵਿਧੀਆਂ ਅਪਣਾਉਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ ਜੋ ਸਿੱਖਣ ਨੂੰ ਵਧੇਰੇ ਦਿਲਚਸਪ, ਆਨੰਦਮਈ ਅਤੇ ਪ੍ਰਭਾਵਸ਼ਾਲੀ ਬਣਾਉਂਦੀਆਂ ਹਨ ਅਤੇ ਜਿਸ ਨਾਲ ਸੂਬੇ ਵਿੱਚ ਸਿੱਖਿਆ ਦੇ ਆਧੁਨਿਕੀਕਰਨ ਦੀ ਇੱਕ ਮਜ਼ਬੂਤ ਨੀਂਹ ਰੱਖੀ ਗਈ ਹੈ।

ਤਣਾਅ ਮੁਕਤ ਮਾਹੌਲ ਦਿੱਤਾ

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਧਿਆਪਕ ਸਿਖਲਾਈ ਪ੍ਰੋਗਰਾਮ ਪੰਜਾਬ ਦੇ ਵਿਦਿਅਕ ਪ੍ਰਣਾਲੀ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਦੇ ਹਾਣੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਲੋੜੀਂਦੇ ਗਿਆਨ, ਸਿਖਲਾਈ ਅਤੇ ਸਾਧਨਾਂ ਨਾਲ ਲੈਸ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਤਾਂ ਜੋ ਤਣਾਅ-ਮੁਕਤ ਅਤੇ ਦਿਲਚਸਪ ਸਿੱਖਣ ਦੇ ਮਾਹੌਲ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਰਾਜਦੂਤ ਨੇ ਵੀ ਕੀਤੀ ਸ਼ਲਾਘਾ

ਫਿਨਲੈਂਡ ਦੇ ਰਾਜਦੂਤ  ਕਿਮੋ ਲਾਹਦੇਵਿਰਤਾ ਨੇ ਸਿੱਖਿਆ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਭਵਿੱਖਮੁਖੀ ਅਤੇ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਨਾਲ ਵਿਦਿਅਕ ਖੇਤਰ ਵਿੱਚ ਭਾਈਵਾਲੀ ਲਈ ਫਿਨਲੈਂਡ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸੂਬੇ ਦੇ ਵਿਦਿਅਕ ਢਾਂਚੇ ਦੇ ਵਿਕਾਸ ਵਿੱਚ ਮਦਦ ਕਰਨ ਪ੍ਰਤੀ ਫਿਨਲੈਂਡ ਦੀ ਵਚਨਬੱਧਤਾ ਦਹੁਰਾਈ। ਉਨ੍ਹਾਂ ਕਿਹਾ ਕਿ ਬਿਹਤਰ ਅਭਿਆਸਾਂ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨਾਲ ਦੋਵਾਂ ਧਿਰਾਂ ਨੂੰ ਲਾਭ ਹੋਵੇਗਾ।

ਟ੍ਰੇਨ ਦਿ ਟ੍ਰੇਨਰ ਪ੍ਰੋਗਰਾਮ ਹੋਵੇਗਾ ਲਾਗੂ 

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਿਖਲਾਈ ਪਹਿਲਕਦਮੀਆਂ ਦੇ ਪ੍ਰਭਾਵ ਨੂੰ ਬਰਕਰਾਰ ਰੱਖਣ ਅਤੇ ਇਨ੍ਹਾਂ ਵਿੱਚ ਵਾਧਾ ਕਰਨ ਲਈ 'ਟ੍ਰੇਨ ਦਿ ਟ੍ਰੇਨਰ' ਪ੍ਰੋਗਰਾਮ ਵੀ ਲਾਗੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਚੁਣੇ ਹੋਏ ਅਧਿਆਪਕ ਖੁਦ ਟ੍ਰੇਨਰ ਬਣ ਕੇ ਆਪਣੇ ਗਿਆਨ ਨੂੰ ਦੂਜੇ ਸਿੱਖਿਅਕਾਂ ਨਾਲ ਸਾਂਝਾ ਕਰਨਗੇ ਜਿਸ ਨਾਲ ਇਕ ਅਜਿਹਾ ਮਾਹੌਲ ਸਿਰਜਿਆ ਜਾਵੇਗਾ ਜੋ ਪੰਜਾਬ ਵਿੱਚ ਸਮੁੱਚੀ ਪ੍ਰਾਇਮਰੀ ਸਕੂਲ ਸਿੱਖਿਆ ਪ੍ਰਣਾਲੀ ਲਈ ਸਾਕਾਰਾਤਮਕ ਤੇ ਸਾਰਥਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਹੁੰਚ ਦਾ ਉਦੇਸ਼ ਸੂਬੇ ਭਰ ਵਿੱਚ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਇਕ ਸਵੈ-ਨਿਰਭਰ ਮਾਡਲ ਤਿਆਰ ਕਰਨਾ ਹੈ।

ਇਹ ਵੀ ਪੜ੍ਹੋ