menu-icon
Punjabi Story Line
  • Home
  • News
  • Punjab
  • ਗਡਕਰੀ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ 'ਤੇ ਦਿੱਤਾ ਭਰੋਸਾ, ਕੰਗ ਨੇ ਪ੍ਰੋਜੈਕਟ ਦੇ ਹਕੀਕਤ ਬਣਨ ਤੱਕ ਯਤਨ ਜਾਰੀ ਰੱਖਣ ਦਾ ਲਿਆ ਪ੍ਰਣ

ਗਡਕਰੀ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ 'ਤੇ ਦਿੱਤਾ ਭਰੋਸਾ, ਕੰਗ ਨੇ ਪ੍ਰੋਜੈਕਟ ਦੇ ਹਕੀਕਤ ਬਣਨ ਤੱਕ ਯਤਨ ਜਾਰੀ ਰੱਖਣ ਦਾ ਲਿਆ ਪ੍ਰਣ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਇਸ ਦੌਰਾਨ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਅਪੀਲ ਕੀਤੀ।

Date Updated Last Updated : 06 August 2026, 10:10 AM IST
Share:

ਨਵੀਂ ਦਿੱਲੀ: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੁਰਜ਼ੋਰ ਢੰਗ ਨਾਲ ਦੁਹਰਾਇਆ। ਮੁਲਾਕਾਤ ਦੌਰਾਨ ਕੰਗ ਨੇ ਇਸ ਸੜਕ ਦੀ ਰਣਨੀਤਕ, ਧਾਰਮਿਕ ਅਤੇ ਆਰਥਿਕ ਮਹੱਤਤਾ 'ਤੇ ਚਰਚਾ ਕੀਤੀ ਅਤੇ ਕੇਂਦਰ ਸਰਕਾਰ ਨੂੰ ਇਸ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।
 

ਰਾਸ਼ਟਰੀ ਰਾਜਮਾਰਗ ਇੱਕ ਪ੍ਰੋਜੈਕਟ ਨਹੀਂ, ਇਹ ਲੱਖਾਂ ਲੋਕਾਂ ਲਈ ਲਾਈਫਲਾਈਨ

ਕੰਗ ਨੇ ਕਿਹਾ ਕਿ ਪ੍ਰਸਤਾਵਿਤ ਰਾਸ਼ਟਰੀ ਰਾਜਮਾਰਗ ਸਿਰਫ਼ ਇੱਕ ਸੜਕੀ ਬੁਨਿਆਦੀ ਢਾਂਚਾ ਪ੍ਰੋਜੈਕਟ ਨਹੀਂ ਹੈ, ਸਗੋਂ ਇਸ ਖੇਤਰ ਦੇ ਲੱਖਾਂ ਲੋਕਾਂ ਲਈ ਇੱਕ ਲਾਈਫਲਾਈਨ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿੱਚੋਂ ਇੱਕ ਸ੍ਰੀ ਅਨੰਦਪੁਰ ਸਾਹਿਬ ਜਿੱਥੇ 1699 ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਨੂੰ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਨੈਣਾ ਦੇਵੀ ਜੀ ਦੇ ਮੰਦਰ ਨਾਲ ਜੋੜਦੀ ਹੈ। ਹਰ ਸਾਲ ਲੱਖਾਂ ਸ਼ਰਧਾਲੂ, ਸੰਗਤਾਂ ਅਤੇ ਸੈਲਾਨੀ ਇਸ ਮਾਰਗ ਤੋਂ ਯਾਤਰਾ ਕਰਦੇ ਹਨ।
 
‘ਆਪ’ ਐਮਪੀ ਨੇ ਅੱਗੇ ਕਿਹਾ ਕਿ ਇਹ ਸੜਕ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਦੇ ਨਾਲ-ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ, ਕਿਸਾਨਾਂ, ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਦੀ ਵੀ ਸੇਵਾ ਕਰਦੀ ਹੈ। ਇਸ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਨਾਲ ਸੰਪਰਕ ਵਿੱਚ ਵੱਡਾ ਸੁਧਾਰ ਹੋਵੇਗਾ, ਯਾਤਰਾ ਵਧੇਰੇ ਸੁਰੱਖਿਅਤ ਅਤੇ ਸੁਚਾਰੂ ਹੋਵੇਗੀ, ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ, ਵਪਾਰ ਅਤੇ ਕਾਰੋਬਾਰ ਮਜ਼ਬੂਤ ਹੋਵੇਗਾ ਅਤੇ ਪੂਰੇ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।
  

 ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ

ਕੰਗ ਨੇ ਕਿਹਾ ਕਿ ਪਹਿਲਾਂ ਮਨਜ਼ੂਰੀਆਂ ਅਤੇ ਐਲਾਨਾਂ (ਜਿਨ੍ਹਾਂ ਵਿੱਚ 2019 ਵਿੱਚ ਰੱਖਿਆ ਗਿਆ ਨੀਂਹ ਪੱਥਰ ਵੀ ਸ਼ਾਮਲ ਹੈ) ਦੇ ਬਾਵਜੂਦ, ਬੀਤੇ ਸਾਲਾਂ ਵਿੱਚ ਇਸ ਪ੍ਰੋਜੈਕਟ ਵਿੱਚ ਕੋਈ ਸਾਰਥਕ ਪ੍ਰਗਤੀ ਨਹੀਂ ਹੋਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਐਲਾਨ ਕੇ ਅਤੇ ਸਮੇਂ ਸਿਰ ਵਿਕਾਸ ਤੇ ਰੱਖ-ਰਖਾਅ ਲਈ ਇਸ ਨੂੰ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਦੇ ਅਧੀਨ ਲਿਆ ਕੇ ਆਪਣੀ ਵਚਨਬੱਧਤਾ ਨੂੰ ਪੂਰਾ ਕੀਤਾ ਜਾਵੇ।
 

ਨਿਤਿਨ ਗਡਕਰੀ ਨੇ ਦਿੱਤਾ ਸਕਾਰਾਤਮਕ ਭਰੋਸਾ

ਮੁਲਾਕਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਕੰਗ ਨੇ ਕਿਹਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਕਾਰਾਤਮਕ ਭਰੋਸਾ ਦਿੱਤਾ ਹੈ ਅਤੇ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਦੀ ਮਹੱਤਤਾ ਨੂੰ ਮੰਨਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਅੱਗੇ ਵਧਾਉਣ ਲਈ ਠੋਸ ਕਦਮ ਚੁੱਕੇਗੀ।
 
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਉਹ ਉਦੋਂ ਤੱਕ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ ਜਦੋਂ ਤੱਕ ਖੇਤਰ ਨੂੰ ਆਧੁਨਿਕ ਸੜਕੀ ਬੁਨਿਆਦੀ ਢਾਂਚਾ ਨਹੀਂ ਮਿਲ ਜਾਂਦਾ, ਜਿਸ ਦਾ ਇਹ ਹੱਕਦਾਰ ਹੈ। ਉਨ੍ਹਾਂ ਕਿਹਾ, "ਬਿਹਤਰ ਸੰਪਰਕ ਹੀ ਵਿਕਾਸ ਦੀ ਨੀਂਹ ਹੈ, ਅਤੇ ਜਦੋਂ ਤੱਕ ਇਹ ਅਹਿਮ ਮੰਗ ਪੂਰੀ ਨਹੀਂ ਹੋ ਜਾਂਦੀ, ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਹਾਂਗਾ।"

Recent News