ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵਿਖੇ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ। ਇਸ ਕੇਸ ਵਿੱਚ ਟਰੱਸਟ ਦੇ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ ਵਾਸੀ ਗਰੀਨ ਫੀਲਡ ਮਜੀਠਾ ਰੋਡ ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਟਰੱਸਟ ਦੇ ਲਾਅ ਅਫ਼ਸਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੇਨਿਊ ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ। ਜਿਸਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।
ਆਡੀਓ-ਵੀਡੀਓ ਨੇ ਖੋਲ੍ਹੇ ਰਾਜ
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ 'ਚ ਦੋਸ਼ ਲਾਇਆ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ਫੀਸਦੀ ਹੋਰ (ਵਾਧੂ) ਮੁਆਵਜ਼ੇ ਵਜੋਂ 20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਬਦਲੇ 8 ਲੱਖ ਰੁਪਏ ਵਸੂਲੇ ਸਨ। ਸ਼ਿਕਾਇਤਕਰਤਾ ਨੇ ਉਕਤ ਲਾਅ ਅਫਸਰ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ ਸੀ। ਬੁਲਾਰੇ ਨੇ ਦੱਸਿਆ ਕਿ ਕੇਸ ਦੀ ਜਾਂਚ ਦੌਰਾਨ ਉਕਤ ਕਾਨੂੰਨ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਉਸਨੇ ਲੇਖਾਕਾਰ ਵਿਸ਼ਾਲ ਸ਼ਰਮਾ ਨੂੰ 8 ਲੱਖ ਰੁਪਏ ਦੇ ਚੈੱਕ ਸੌਂਪੇ ਸਨ, ਜੋ ਕਿ ਸ਼ਿਕਾਇਤਕਰਤਾ ਨਾਲ ਹੋਈ ਗੱਲਬਾਤ ਦੀ ਆਡੀਓ-ਵੀਡੀਓ ਰਿਕਾਰਡਿੰਗ ਵਿੱਚ ਸੱਚ ਸਾਬਤ ਹੋਇਆ ਹੈ। ਇਸ ਤੋਂ ਇਲਾਵਾ ਲੇਖਾਕਾਰ ਨੇ ਸ਼ਿਕਾਇਤਕਰਤਾ ਨੂੰ ਵਧਿਆ ਹੋਇਆ ਮੁਆਵਜ਼ਾ ਦੇਣ ਲਈ ਐਸਟੀਮੇਟ ’ਤੇ ਦਸਤਖਤ ਕੀਤੇ ਹਨ, ਜੋ ਕਿ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਪੈਸੇ ਲੈਣ ਲਈ ਦੋਵਾਂ ਦੋਸ਼ੀਆਂ ਦੀ ਮਿਲੀਭੁਗਤ ਨੂੰ ਜਾਇਜ਼ ਠਹਿਰਾਉਂਦਾ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।