Lok Sabha Elections 2024: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਸੀਨੀਅਰ ਆਗੂ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਦੇ ਕਾਂਗਰਸ ਛੱਡਣ ਕਾਰਨ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਹੁਣ ਇੱਥੇ ਕਮਾਨ ਸੰਭਾਲ ਲਈ ਹੈ। ਕਾਂਗਰਸ ਹੁਣ ਹੁਸ਼ਿਆਰਪੁਰ 'ਚ ਡੈਮੇਜ ਕੰਟਰੋਲ ਕਰਨ ਦੀ ਕੋਸ਼ਿਸ਼ ਵਿੱਚ ਲਗੀ ਹੈ। ਸੀਨੀਅਰ ਆਗੂਆਂ ਨੇ ਚੰਡੀਗੜ੍ਹ ਵਿਖੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸਮੂਹ ਸੀਨੀਅਰ ਆਗੂਆਂ, ਵਰਕਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਹਲਕੇ ਦੀ ਸਥਿਤੀ ਬਾਰੇ ਆਗੂਆਂ ਤੋਂ ਫੀਡਬੈਕ ਲਈ ਗਈ। ਨਾਲ ਹੀ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਕਿਵੇਂ ਸੰਭਾਲਣਾ ਹੈ, ਇਸ ਬਾਰੇ ਰਣਨੀਤੀ ਤਿਆਰ ਕੀਤੀ ਗਈ ਹੈ।
ਅੱਜ, ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਆਗੂਆਂ, ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ।@INCPunjab pic.twitter.com/sZUHB5D5Bj
— Partap Singh Bajwa (@Partap_Sbajwa) March 18, 2024
ਲੋਕ ਸਭਾ ਹਲਕਾ ਹੁਸ਼ਿਆਰਪੁਰ ਕਾਂਗਰਸ ਲਈ ਬਹੁਤ ਅਹਿਮ
ਪਾਰਟੀ ਹਾਈਕਮਾਂਡ ਵੀ ਇਸ ਮਾਮਲੇ 'ਤੇ ਨਜ਼ਰ ਰੱਖ ਰਹੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸਾਂਝੀ ਕੀਤੀ ਹੈ। ਹਾਲਾਂਕਿ ਮੀਟਿੰਗ ਬਾਰੇ ਜ਼ਿਆਦਾ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਕਾਂਗਰਸ ਲਈ ਬਹੁਤ ਅਹਿਮ ਹੈ। ਇਸ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਸੀਟਾਂ ਹਨ। ਇਸ 'ਚ ਫਿਲਹਾਲ ਤਿੰਨ ਵਿਧਾਨ ਸਭਾ ਹਲਕਿਆਂ 'ਤੇ ਕਾਂਗਰਸ ਦਾ ਕਬਜ਼ਾ ਹੈ। ਇਨ੍ਹਾਂ ਵਿੱਚ ਭੁਲੱਥ, ਫਗਵਾੜਾ ਅਤੇ ਚੱਬੇਵਾਲ ਸ਼ਾਮਲ ਹਨ। ਜਦਕਿ ‘ਆਪ’ ਕੋਲ ਪੰਜ ਸੀਟਾਂ ਹਨ। ‘ਆਪ’ ਦੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਹਮਾ ਸ਼ੰਕਰ ਜਿੰਪਾ ਵੀ ਸਰਕਾਰ ਵਿੱਚ ਮੰਤਰੀ ਹਨ। ਜਦੋਂਕਿ ਮੌਜੂਦਾ ਸਮੇਂ ਵਿੱਚ ਇਹ ਲੋਕ ਸਭਾ ਸੀਟ ਭਾਜਪਾ ਕੋਲ ਹੈ। ਕਾਂਗਰਸ 2014 ਵਿੱਚ ਇਹ ਸੀਟ ਹਾਰ ਗਈ ਸੀ। ਪਰ ਕਾਂਗਰਸ ਇਸ ਸੀਟ 'ਤੇ ਆਪਣੇ ਆਪ ਨੂੰ ਮਜ਼ਬੂਤ ਸਮਝ ਰਹੀ ਸੀ। ਕਿਉਂਕਿ ਇੱਥੇ ਹੋਰ ਪਾਰਟੀਆਂ ਨੂੰ ਉਮੀਦਵਾਰਾਂ ਲਈ ਸੰਘਰਸ਼ ਕਰਨਾ ਪਿਆ। ਇਸ ਦੇ ਨਾਲ ਹੀ ਚੱਬੇਵਾਲ ਵੱਲੋਂ ਪਾਰਟੀ ਛੱਡਣ ਕਾਰਨ ਕਾਂਗਰਸ ਦਾ ਗਣਿਤ ਵਿਗੜ ਗਿਆ ਹੈ।
ਉਮੀਦਵਾਰਾਂ ਦੇ ਨਾਵਾਂ ਨੂੰ ਫਾਇਨਲ ਕਰਨ ਦੀ ਤਿਆਰੀ ਕਰ ਰਹੀ ਕਾਂਗਰਸ
ਕਾਂਗਰਸ ਨੇ ਵੀ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਨੂੰ ਫਾਇਨਲ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ 20 ਮਾਰਚ ਨੂੰ ਦਿੱਲੀ ਵਿਖੇ ਮੀਟਿੰਗ ਸੱਦ ਲਈ ਹੈ। ਮੀਟਿੰਗ ਵਿੱਚ ਚੋਣ ਰਣਨੀਤੀ ਤੈਅ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਅਜਿਹੇ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਹੁਸ਼ਿਆਰਪੁਰ ਦੇ ਆਗੂਆਂ ਨਾਲ ਮੀਟਿੰਗ ਕੀਤੀ ਹੈ। ਦੂਜੇ ਪਾਸੇ ਹਰ ਹਲਕੇ ਤੋਂ ਪਾਰਟੀ ਦੇ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਹਾਈਕਮਾਂਡ ਨੂੰ ਭੇਜ ਦਿੱਤੀ ਗਈ ਹੈ।