menu-icon
Punjabi Story Line
  • Home
  • News
  • Punjab
  • ਪੰਜਾਬ ਅੰਦਰ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ਅੰਦਰ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

Date Updated Last Updated : 13 March 2025, 11:54 PM IST
Share:

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 3853 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3853 ਲਾਭਪਾਤਰੀਆਂ ਨੂੰ ਕਵਰ ਕਰਨ ਲਈ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹਰ ਜ਼ਿਲ੍ਹੇ ਨੂੰ ਮਿਲੀ ਰਾਸ਼ੀ 

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 121, ਬਠਿੰਡਾ ਦੇ 75, ਫਰੀਦਕੋਟ ਦੇ 89, ਫਿਰੋਜ਼ਪੁਰ ਦੇ 105, ਸ੍ਰੀ ਫਤਿਹਗੜ੍ਹ ਸਾਹਿਬ ਦੇ 108, ਗੁਰਦਾਸੁਪਰ ਦੇ 554, ਹੁਸ਼ਿਆਰਪੁਰ ਦੇ 325, ਜਲੰਧਰ ਦੇ 220 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 142, ਸ੍ਰੀ ਮੁਕਤਸਰ ਸਾਹਿਬ ਦੇ 235, ਪਟਿਆਲਾ ਦੇ 198, ਪਠਾਨਕੋਟ ਦੇ 230, ਐਸ.ਏ.ਐਸ. ਨਗਰ ਦੇ 147, ਸੰਗਰੂਰ ਦੇ 131, ਮਲੇਰਕੋਟਲਾ ਦੇ 23 ਅਤੇ ਤਰਨਤਾਰਨ ਦੇ 1150 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਸ਼ਗਨ ਸਕੀਮ ਦੇ 51 ਹਜ਼ਾਰ ਦੇ ਰਹੀ ਸਰਕਾਰ 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਲਾਭਪਾਤਰੀਆਂ ਦੇ ਸਿੱਧੇ ਖਾਤੇ 'ਚ ਪੈਸੇ 

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Recent News