ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਪੂਰੇ ਸੂਬੇ ਦੀਆਂ ਬਿਨਾਂ ਇਜਾਜ਼ਤ ਕਾਲੋਨੀਆਂ ਵਿੱਚ ਲਾਈ ਹੈ।
ਅਜਿਹੀਆਂ ਕਾਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੇ ਸੂਬੇ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਬਿਨਾਂ ਇਜਾਜ਼ਤ ਕਾਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੀ ਧੋਖਾਧੜੀ ਕਾਰਨ ਪਰੇਸ਼ਾਨ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, "ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੀ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਲਗਾਈ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਨਿਆਂ ਦੇ ਹੱਕਦਾਰ ਹਨ।" ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਵਿਚਕਾਰ ਸਪੱਸ਼ਟ ਅੰਤਰ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬ੍ਰੋਸ਼ਰਾਂ ਅਤੇ ਝੂਠੇ ਵਾਅਦਿਆਂ ਰਾਹੀਂ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫਾ ਕਮਾਇਆ ਅਤੇ ਚੱਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵਿਕਰੀ ਸਮੇਂ ਉਨ੍ਹਾਂ ਨੇ ਇਹ ਤੱਥ ਲੁਕਾਇਆ ਕਿ ਇਨ੍ਹਾਂ ਕਾਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕਰਵਾਏ ਜਾ ਸਕਦੇ।"
ਅਸਲੀ ਖਰੀਦਦਾਰਾਂ ਦੀ ਸੁਰੱਖਿਆ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਸਰਕਾਰ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਾਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕੋ ਜਿਹੀ ਨੀਤੀ ਰਾਹੀਂ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕੋ ਜਿਹਾ ਲਾਗੂ ਕੀਤਾ ਜਾਵੇਗਾ ਤਾਂ ਜੋ ਹਰ ਪ੍ਰਭਾਵਿਤ ਨਾਗਰਿਕ ਨੂੰ ਨਿਆਂ ਮਿਲ ਸਕੇ।"
ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਵੱਲੋਂ ਪ੍ਰਾਪਤ ਸੁਝਾਵਾਂ ਦੀ ਸਮੀਖਿਆ ਕਰਨ ਅਤੇ ਬਿਨਾਂ ਇਜਾਜ਼ਤ ਕਾਲੋਨੀਆਂ ਨਾਲ ਸਬੰਧਤ ਸਾਰੇ ਲੰਬਿਤ ਕਾਨੂੰਨੀ ਤੇ ਵਿੱਤੀ ਮਾਮਲਿਆਂ ਦੀ ਜਾਂਚ ਲਈ ਜਲਦੀ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, "ਅਸੀਂ ਵਸਨੀਕਾਂ ਵੱਲੋਂ ਚੁੱਕੇ ਗਏ ਮੁੱਦਿਆਂ ਅਤੇ ਸੁਝਾਵਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।"
ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਦੇ ਸਮੇਂ ਸਾਵਧਾਨੀ ਬਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਿਸੇ ਵੀ ਰੀਅਲ ਅਸਟੇਟ ਪ੍ਰੋਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਪੂਰੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰੋਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।"
ਲੋਕਾਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤ ਸੁਰੱਖਿਅਤ ਰਹਿਣ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।"