ਦੇਸ਼ ਦੇ ਕਈ ਰਾਜਾਂ ਵਿੱਚ ਵੋਟਰ ਸੂਚੀਆਂ ਵਿੱਚ ਗੜਬੜੀਆਂ ਅਤੇ ਯੋਗ ਵੋਟਰਾਂ ਦੇ ਨਾਮ ਕੱਟੇ ਜਾਣ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਪੰਜਾਬ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸ ਮਸਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਨਾਲ ਕੋਈ ਖੇਡ ਨਹੀਂ ਹੋਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਇੱਕ ਵੀ ਯੋਗ ਵੋਟਰ ਦਾ ਨਾਮ ਸੂਚੀ ਵਿੱਚੋਂ ਹਟਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਪੱਧਰ ‘ਤੇ ਗਲਤ ਤਰੀਕੇ ਨਾਲ ਵੋਟ ਕੱਟਣ ਜਾਂ ਫਰਜ਼ੀ ਵੋਟਾਂ ਜੋੜਨ ਦੀ ਕੋਸ਼ਿਸ਼ ਹੋਈ ਤਾਂ ‘ਆਪ’ ਉਸਦਾ ਡਟ ਕੇ ਵਿਰੋਧ ਕਰੇਗੀ।
ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਪੰਜਾਬ ਦੇ ਹਰ ਪੋਲਿੰਗ ਬੂਥ ‘ਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓਜ਼.) ਨਾਲ ਮੌਜੂਦ ਰਹਿਣਗੇ। ਉਨ੍ਹਾਂ ਦਾ ਮਕਸਦ ਪੂਰੀ ਪ੍ਰਕਿਰਿਆ ‘ਤੇ ਨਜ਼ਰ ਰੱਖਣਾ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਨੂੰ ਰੋਕਣਾ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਦੀ ਆੜ ਵਿੱਚ ਕਿਸੇ ਖਾਸ ਪਾਰਟੀ ਦੇ ਹੱਕ ਵਿੱਚ ਫਰਜ਼ੀ ਵੋਟਾਂ ਬਣਾਉਣ ਦੀ ਕੋਸ਼ਿਸ਼ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਗਰੂਕ ਹਨ ਅਤੇ ਉਹ ਆਪਣੇ ਲੋਕਤੰਤਰਿਕ ਅਧਿਕਾਰਾਂ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦੇਣਗੇ।
ਭਗਵੰਤ ਮਾਨ ਨੇ ਕਿਹਾ ਕਿ ਕਈ ਹੋਰ ਰਾਜਾਂ ਤੋਂ ਲੱਖਾਂ ਯੋਗ ਵੋਟਰਾਂ ਦੇ ਨਾਮ ਕੱਟੇ ਜਾਣ ਅਤੇ ਜਾਂਚ ਪ੍ਰਕਿਰਿਆ ਵਿੱਚ ਗੜਬੜੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਸਭ ਕੁਝ ਇੱਥੇ ਨਹੀਂ ਹੋਣ ਦੇਣਗੇ ਅਤੇ ਹਰ ਪੱਧਰ ‘ਤੇ ਨਿਗਰਾਨੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੀ ਪੂਰੀ ਪ੍ਰਕਿਰਿਆ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਗਈਆਂ ਆਪਤੀਆਂ ਦਾ ਤੁਰੰਤ ਅਤੇ ਨਿਰਪੱਖ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਜੇ ਲੋਕਾਂ ਦਾ ਚੋਣ ਪ੍ਰਕਿਰਿਆ ਅਤੇ ਸੰਵਿਧਾਨਕ ਸੰਸਥਾਵਾਂ ‘ਤੇ ਭਰੋਸਾ ਘਟਣਾ ਸ਼ੁਰੂ ਹੋ ਗਿਆ ਤਾਂ ਇਹ ਲੋਕਤੰਤਰ ਲਈ ਖਤਰਨਾਕ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਨੂੰ ਬਿਨਾਂ ਡਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦਾ ਪੂਰਾ ਅਧਿਕਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੂਰੀ ਜਾਂਚ ਪ੍ਰਕਿਰਿਆ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸਰਗਰਮ ਤੌਰ ‘ਤੇ ਸ਼ਾਮਲ ਰਹਿਣਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਿੱਚ ਕਿਸੇ ਵੀ ਪੱਧਰ ‘ਤੇ ਧਾਂਧਲੀ ਨਾ ਹੋਵੇ।
ਭਗਵੰਤ ਮਾਨ ਨੇ ਸਪਸ਼ਟ ਕੀਤਾ ਕਿ ਜੋ ਲੋਕ ਮਰ ਚੁੱਕੇ ਹਨ ਜਾਂ ਸਥਾਈ ਤੌਰ ‘ਤੇ ਵਿਦੇਸ਼ੀ ਨਾਗਰਿਕਤਾ ਲੈ ਕੇ ਦੇਸ਼ ਤੋਂ ਬਾਹਰ ਚਲੇ ਗਏ ਹਨ, ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਏ ਜਾਣੇ ਚਾਹੀਦੇ ਹਨ। ਪਰ ਕਿਸੇ ਵੀ ਅਸਲੀ ਪੰਜਾਬੀ ਵੋਟਰ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਅਤੇ ਅਸਲੀ ਨਾਗਰਿਕ ਨੂੰ ਉਸਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ। ਸਰਕਾਰ ਅਤੇ ਪਾਰਟੀ ਦੋਵੇਂ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਪੰਜਾਬੀ ਆਪਣੇ ਲੋਕਤੰਤਰਿਕ ਹੱਕ ਤੋਂ ਵੰਚਿਤ ਨਾ ਰਹੇ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਲਗਭਗ 83 ਫੀਸਦੀ ਵੋਟਰ ਮੈਪਿੰਗ ਦਾ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਜਾਂਚ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਹੱਕ ਦੀ ਰੱਖਿਆ ਕਰਨ।
ਅੰਤ ਵਿੱਚ ਭਗਵੰਤ ਮਾਨ ਨੇ ਦੁਬਾਰਾ ਕਿਹਾ ਕਿ ਚੋਣ ਕਮਿਸ਼ਨ ਨੂੰ ਪੂਰੀ ਪ੍ਰਕਿਰਿਆ ਦੌਰਾਨ ਇਮਾਨਦਾਰੀ ਅਤੇ ਨਿਰਪੱਖਤਾ ਬਣਾਈ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਹਰ ਆਪਤੀ ਦਾ ਜਲਦੀ ਅਤੇ ਨਿਆਂਪੂਰਕ ਹੱਲ ਕੀਤਾ ਜਾਣਾ ਲਾਜ਼ਮੀ ਹੈ।