menu-icon
Punjabi Story Line
  • Home
  • News
  • Punjab
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

Date Updated Last Updated : 02 June 2026, 09:35 PM IST
Share:

ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ।

ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ - ਫ਼ਸਲ-ਵਾਰ ਹੱਦ, ਵਿਆਜ ਘੱਟ, ਡਿਜੀਟਲ ਵਰਤੋਂ

ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਕਿਸਾਨਾਂ ਦੇ ਹੱਥ ਵਿੱਚ ਪੈਸਾ, ਵਿਭਿੰਨਤਾ ਅਤੇ 13 ਲੱਖ ਕਿਸਾਨਾਂ ਨੂੰ ਲਾਭ

ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ।

ਕਿਸਾਨਾਂ ਦੀ ਆਰਥਿਕ ਆਜ਼ਾਦੀ ਲਈ ਇਤਿਹਾਸਕ ਫੈਸਲਾ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ। ਅਸੀਂ ਆਪਣੇ ਕਿਸਾਨਾਂ ਨੂੰ 21ਵੀਂ ਸਦੀ ਦੇ ਡਿਜੀਟਲ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਹ ਹੁਣ ਪੰਜਾਬ ਦੀ ਤਰੱਕੀ ਦੀ ਨਵੀਂ ਕਹਾਣੀ ਲਿਖਣਗੇ।”

26 ਸਾਲ ਪੁਰਾਣਾ ਗੁੰਝਲਦਾਰ ਸਿਸਟਮ ਖਤਮ, ਹੁਣ ਪਾਰਦਰਸ਼ੀ ਅਤੇ ਡਿਜੀਟਲ

ਇਸ ਸੁਧਾਰ ਦੀ ਅਹਿਮੀਅਤ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2000 ਤੋਂ ਚੱਲੇ ਆ ਰਹੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਹੱਥੀਂ ਕਾਗਜ਼ੀ ਕਾਰਵਾਈ, ਚੈੱਕ ਬੁੱਕ ਅਤੇ ਪਾਸਬੁੱਕਾਂ ਦੇ ਆਲੇ-ਦੁਆਲੇ ਘੁੰਮਣ ਵਾਲੇ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ 'ਤੇ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ ਸੀ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।”

ਕਣਕ ਤੇ ਝੋਨੇ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।”

ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ: ਝੋਨੇ ਦੀ ਹੱਦ 'ਚੋਂ 2000 ਰੁਪਏ ਪ੍ਰਤੀ ਏਕੜ

ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ 'ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।”

 ਗੰਨਾ ਉਤਪਾਦਕਾਂ ਲਈ ਵੱਡੀ ਰਾਹਤ: ਲਗਾਏ ਗੰਨੇ ਲਈ 1 ਲੱਖ, ਰੈਟੂਨ ਲਈ 65,000

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ ਵੀ ਸ਼ਾਨਦਾਰ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ, “ਲਗਾਏ ਗਏ ਗੰਨੇ ਲਈ ਕਰਜ਼ਾ ਸੀਮਾ ਨੂੰ 44,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 1 ਲੱਖ ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਰੈਟੂਨ ਫਸਲਾਂ (ਮੁੜ ਫੁੱਟਣ ਵਾਲੀਆਂ) ਲਈ ਪਹਿਲੀ ਵਾਰ 65,000 ਰੁਪਏ ਪ੍ਰਤੀ ਏਕੜ ਦੀ ਕਰਜ਼ਾ ਵਿਵਸਥਾ ਕੀਤੀ ਗਈ ਹੈ। ਪਹਿਲਾਂ ਕਿਸਾਨਾਂ ਨੂੰ ਕਰਜ਼ਾ ਲੈਣ ਲਈ ਅਕਸਰ ਸ਼ਾਹੂਕਾਰਾਂ ਅਤੇ ਐਨ.ਬੀ.ਐਫ.ਸੀ. 'ਤੇ ਨਿਰਭਰ ਕਰਨਾ ਪੈਂਦਾ ਸੀ ਜੋ ਬਹੁਤ ਜ਼ਿਆਦਾ ਵਿਆਜ ਦਰਾਂ ਵਸੂਲਦੇ ਸਨ ਕਿਉਂਕਿ ਸੰਸਥਾਗਤ ਕਰਜ਼ਾ ਉਨ੍ਹਾਂ ਦੀਆਂ ਅਸਲ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦਾ ਸੀ। ਸਾਡਾ ਉਦੇਸ਼ ਕਿਸਾਨਾਂ ਨੂੰ ਕਿਫਾਇਤੀ ਕਰਜ਼ੇ ਰਾਹੀਂ ਪੂਰੀ ਤਰ੍ਹਾਂ ਸਹਿਕਾਰੀ ਕਰਜ਼ਾ ਨੈੱਟਵਰਕ ਵਿੱਚ ਸ਼ਾਮਲ ਕਰਨਾ ਹੈ।”

ਪੌਪਲਰ, ਬਾਂਸ, ਜਾਮੁਨ, ਲੈਮਨਗ੍ਰਾਸ ਨੂੰ ਵੀ ਕਰਜ਼ੇ ਦੇ ਦਾਇਰੇ 'ਚ ਲਿਆਂਦਾ

ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।”

ਬਾਗਬਾਨੀ ਵਿੱਚ ਕ੍ਰਾਂਤੀ: ਫਲ-ਸਬਜ਼ੀਆਂ ਲਈ ਫ਼ਸਲ-ਮੁਤਾਬਕ 1.57 ਲੱਖ ਤੱਕ ਕਰਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਦਿੱਤੀ ਜਾ ਰਹੀ ਸਹਾਇਤਾ ਵਿੱਚ ਕਾਫ਼ੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ, “ਪਹਿਲਾਂ, ਸਾਰੇ ਫਲ ਅਤੇ ਸਬਜ਼ੀਆਂ ਲਈ ਇਕਸਾਰ ਕਰਜ਼ਾ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ, ਫਸਲ ਮੁਤਾਬਕ ਕਰਜ਼ਾ ਸਹਾਇਤਾ ਸ਼ੁਰੂ ਕੀਤੀ ਗਈ ਹੈ, ਜਿਸ ਦੀ ਹੱਦ ਪ੍ਰਤੀ ਏਕੜ 1.57 ਲੱਖ ਰੁਪਏ ਤੱਕ ਹੈ। ਲਸਣ ਉਤਪਾਦਕ ਹੁਣ ਪ੍ਰਤੀ ਏਕੜ 1,57,372 ਰੁਪਏ, ਹਾੜ੍ਹੂ ਪਿਆਜ਼ ਉਤਪਾਦਕ ਪ੍ਰਤੀ ਏਕੜ 92,686 ਰੁਪਏ ਅਤੇ ਹਾਈਬ੍ਰਿਡ ਟਮਾਟਰ ਉਤਪਾਦਕ ਪ੍ਰਤੀ ਏਕੜ 80,981 ਰੁਪਏ ਦਾ ਕਰਜ਼ਾ ਪ੍ਰਾਪਤ ਕਰ ਸਕਦੇ ਹਨ।”

ਡਰੈਗਨ ਫਰੂਟ, ਚੀਆ ਸੀਡ, ਮੱਛੀ ਪਾਲਣ ਤੇ ਚਿੱਟਾ ਝੀਂਗਾ ਲਈ ਵੀ ਕਰਜ਼ਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।”

ਛੇ ਸਾਲਾ ਮਨਜ਼ੂਰੀ, B-ਕੰਪੋਨੈਂਟ 100% ਅਤੇ A-ਕੰਪੋਨੈਂਟ ਸਿੱਧਾ ਖਾਤੇ 'ਚ

ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।”

ਘਟ ਵਿਆਜ, ਸ਼ਾਹੂਕਾਰਾਂ ਤੋਂ ਮੁਕਤੀ, ਸੁਚਾਰੂ KCC ਖਾਤੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ 'ਤੇ ਵਿਆਜ ਦੇ ਬੋਝ ਨੂੰ ਵੀ ਘਟਾਏਗੀ ਅਤੇ ਆਸਾਨ ਕਰਜ਼ੇ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਕਿਸਾਨਾਂ 'ਤੇ ਲਾਗੂ ਵਿਆਜ ਦਰਾਂ ਘੱਟ ਹੋਣਗੀਆਂ ਅਤੇ ਸਾਰੇ ਲਾਭ ਕੇ.ਆਰ.ਪੀ. ਪੋਰਟਲ ਨਾਲ ਜੁੜੇ ਸੁਚਾਰੂ ਕੇ.ਸੀ.ਸੀ. ਖਾਤੇ ਰਾਹੀਂ ਟ੍ਰਾਂਸਫਰ ਕੀਤੇ ਜਾਣਗੇ। ਅਸਲ ਕਾਸ਼ਤ ਲਾਗਤਾਂ ਮੁਤਾਬਕ ਕਰਜ਼ਾ ਸੀਮਾਵਾਂ ਨਿਰਧਾਰਤ ਕਰਕੇ ਅਸੀਂ ਕਿਸਾਨਾਂ ਨੂੰ ਸ਼ਾਹੂਕਾਰਾਂ ਦੇ ਕਰਜ਼ੇ ਦੇ ਜਾਲ ਤੋਂ ਮੁਕਤ ਕਰ ਰਹੇ ਹਾਂ।”

ATM, UPI, CBS ਰਾਹੀਂ ਡਿਜੀਟਲ ਫੰਡ ਪ੍ਰਬੰਧਨ ਅਤੇ ਰਿਆਇਤਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਢਾਂਚਾ ਕਿਸਾਨਾਂ ਲਈ ਡਿਜੀਟਲ ਸਹੂਲਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ, “ਅਸੀਂ ਹੌਲੀ-ਹੌਲੀ ਦਸਤੀ ਚੈੱਕ-ਅਧਾਰਤ ਪ੍ਰਕਿਰਿਆਵਾਂ ਤੋਂ ਦੂਰ ਜਾ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ., ਯੂ.ਪੀ.ਆਈ. ਅਤੇ ਸੀ.ਬੀ.ਐਸ.-ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ।”

ਕਿਸਾਨਾਂ ਦੀ ਸਮੁੱਚੀ ਸਥਿਤੀ ਸੁਧਾਰਨ, ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ

ਇਸ ਪਹਿਲਕਦਮੀ ਨੂੰ ਕਿਸਾਨ ਭਾਈਚਾਰੇ ਦੀ ਚਿਰੋਕਣੀ ਮੰਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਨੇ ਕਿਸਾਨਾਂ ਦੀ ਸਮੁੱਚੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ ਜਿਸ ਨਾਲ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਫਸਲੀ ਵਿਭਿੰਨਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਕੇ ਖੇਤੀਬਾੜੀ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ 'ਚੋਂ ਕੱਢਣ ਵਿੱਚ ਮਦਦ ਮਿਲੇਗੀ।”

ਜ਼ਮੀਨ ਜ਼ਬਤ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ, ਸਰਕਾਰ ਕਿਸਾਨਾਂ ਨਾਲ ਵਚਨਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਹਿਕਾਰੀ ਬੈਂਕਿੰਗ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਕੋਈ ਵੀ ਬੈਂਕ, ਭਾਵੇਂ ਉਹ ਸਰਕਾਰੀ ਹੋਵੇ ਜਾਂ ਨਿੱਜੀ, ਨੂੰ ਕਿਸਾਨਾਂ ਦੀ ਜ਼ਮੀਨ ਜ਼ਬਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਇਨ੍ਹਾਂ ਸੁਧਾਰਾਂ ਦਾ ਵੱਧ ਤੋਂ ਵੱਧ ਲਾਭ ਲੈਣ।”

ਕੇਂਦਰ ਸਰਕਾਰ ਵਿਰੁੱਧ ਨਿਸ਼ਾਨਾ: 12 ਸਾਲਾਂ ਤੋਂ ਕਿਸਾਨਾਂ ਦੇ ਵਿਰੁੱਧ ਕੰਮ

ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਪ੍ਰਤੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ, “ਪਿਛਲੇ 12 ਸਾਲਾਂ ਤੋਂ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਪੰਜਾਬ ਦੇ 750 ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਅੱਜ, ਕਾਰਪੋਰੇਟ ਹਿੱਤ ਕਿਸਾਨਾਂ ਦੇ ਅਧਿਕਾਰਾਂ ਲਈ ਖ਼ਤਰਾ ਬਣੇ ਹੋਏ ਹਨ ਅਤੇ ਖੇਤੀਬਾੜੀ ਸੈਕਟਰ ਨੂੰ ਕਮਜ਼ੋਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।”

26 ਸਾਲਾਂ ਵਿੱਚ ਸਭ ਤੋਂ ਵੱਡਾ KCC ਸੁਧਾਰ

 ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ 26 ਸਾਲ ਪੁਰਾਣੇ ਕਿਸਾਨ ਕ੍ਰੈਡਿਟ ਕਾਰਡ ਢਾਂਚੇ ਨੂੰ ਆਧੁਨਿਕ, ਡਿਜੀਟਲ ਅਤੇ ਕਿਸਾਨ-ਅਧਾਰਿਤ ਕ੍ਰੈਡਿਟ ਪ੍ਰਣਾਲੀ ਵਿੱਚ ਬਦਲ ਦਿੱਤਾ ਗਿਆ ਹੈ। ਫਸਲ ਮੁਤਾਬਕ ਕਰਜ਼ਾ ਹੱਦ ਵਿੱਚ ਮਹੱਤਵਪੂਰਨ ਵਾਧਾ ਕਰਕੇ, ਅਸਲ ਕਾਸ਼ਤ ਲਾਗਤਾਂ ਦੇ ਆਧਾਰ 'ਤੇ ਕਰਜ਼ੇ ਨਿਰਧਾਰਤ ਕਰਕੇ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟ੍ਰਾਂਸਫਰ ਨੂੰ ਯਕੀਨੀ ਬਣਾ ਕੇ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਦੀ ਸ਼ਾਹੂਕਾਰਾਂ 'ਤੇ ਨਿਰਭਰਤਾ ਨੂੰ ਘਟਾਉਣਾ ਅਤੇ ਕਿਫਾਇਤੀ ਸੰਸਥਾਗਤ ਕਰਜ਼ਾ ਪ੍ਰਦਾਨ ਕਰਨਾ ਹੈ। ਸੁਧਾਰਾਂ ਵਿੱਚ ਡਿਜੀਟਲ ਬੈਂਕਿੰਗ ਸਹੂਲਤਾਂ ਜਿਵੇਂ ਕਿ ਏ.ਟੀ.ਐਮ. ਅਤੇ ਯੂ.ਪੀ.ਆਈ. ਪਹੁੰਚ, ਘੱਟ ਵਿਆਜ ਦਰਾਂ ਅਤੇ ਛੇ ਸਾਲਾਂ ਦੀ ਕੇ.ਸੀ.ਸੀ. ਮਨਜ਼ੂਰੀ ਸ਼ਾਮਲ ਹੈ, ਜਿਸ ਨਾਲ ਕਿਸਾਨਾਂ ਲਈ ਕਰਜ਼ਾ ਵਧੇਰੇ ਪਹੁੰਚਯੋਗ ਅਤੇ ਸੁਵਿਧਾਜਨਕ ਬਣ ਜਾਂਦਾ ਹੈ।

ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀ ਵੱਲ ਤਰਜੀਹ

ਸੋਧੀ ਗਈ ਨੀਤੀ 'ਆਪ' ਸਰਕਾਰ ਦੀ ਫਸਲੀ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਵੱਲ ਦਿੱਤੀ ਜਾ ਰਹੀ ਤਰਜੀਹ ਨੂੰ ਵੀ ਦਰਸਾਉਂਦੀ ਹੈ। ਪਹਿਲੀ ਵਾਰ, ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ, ਖੇਤੀਬਾੜੀ-ਜੰਗਲਾਤ, ਬਾਗਬਾਨੀ, ਮੱਛੀ ਪਾਲਣ ਅਤੇ ਕਈ ਉੱਚ-ਮੁੱਲ ਵਾਲੀਆਂ ਫਸਲਾਂ, ਜਿਨ੍ਹਾਂ ਵਿੱਚ ਡਰੈਗਨ ਫਰੂਟ, ਲੈਮਨਗ੍ਰਾਸ ਅਤੇ ਬਾਂਸ ਸ਼ਾਮਲ ਹਨ, ਨੂੰ ਵਿੱਤੀ ਸਹਾਇਤਾ ਦਾ ਦਾਇਰੇ ਵਿੱਚ ਲਿਆਂਦਾ ਗਿਆ ਹੈ। ਰਵਾਇਤੀ ਕਣਕ-ਝੋਨੇ ਦੀਆਂ ਫਸਲਾਂ ਤੋਂ ਇਲਾਵਾ ਹੋਰਨਾਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਵਿੱਚ ਸ਼ਾਮਲ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਦੇ ਹੋਏ ਕਿਸਾਨਾਂ ਲਈ ਆਮਦਨ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

Tags :

Recent News