ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਇਸੇ ਕੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ ਇੱਕ ਸਮਾਰੋਹ ਦੌਰਾਨ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਸਿਰਫ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਸੂਬਾ ਸਰਕਾਰ ਵਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਉਨ੍ਹਾਂ ਪੁਰਾਣੀਆਂ ਰਵਾਇਤਾਂ ਨੂੰ ਖਤਮ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਹੋਣਾ ਪਿਆ, ਪਰ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਇਸ ਰੁਝਾਨ ਨੂੰ ਪੁੱਠਾ ਗੇੜ ਪਾਉਣਾ ਸ਼ੁਰੂ ਕਰ ਦਿੱਤਾ ਗਿਆ।
ਪੰਜਾਬ ਦੀ ਸਿੱਖਿਆ ਖੇਤਰ ਵਿੱਚ ਪ੍ਰਗਤੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕੀਤੀ ਹੈ, ਜਦੋਂ ਕਿ 2021 ਵਿੱਚ ਇਹ ਅੰਕੜਾ ਸਿਰਫ 80 ਸੀ। ਇਸ ਤਬਦੀਲੀ ਨੂੰ ਸਰਕਾਰ ਦੇ ਸਿੱਖਿਆ ਖੇਤਰ ਵਿੱਚ ਕੀਤੇ ਗਏ ਯਤਨਾਂ ਦੀ ਸਫਲਤਾ ਵਜੋਂ ਦਰਸਾਇਆ ਗਿਆ।
ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ ਵਿੱਚ 57, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।
ਪਿਛਲੀਆਂ ਸਰਕਾਰਾਂ ਵੇਲੇ ਪੰਜਾਬ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਅਤੇ ਸਿਰਫ਼ ਆਪਣੇ ਹਿੱਤਾਂ ਬਾਰੇ ਸੋਚਿਆ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਆਗੂਆਂ ਨੇ ਆਪਣੇ ਸਕੇ-ਸਬੰਧੀਆਂ ਤੇ ਨਜ਼ਦੀਕੀਆਂ ਨੂੰ ਨੌਕਰੀਆਂ ਦੇਣ ਲਈ ਭ੍ਰਿਸ਼ਟਾਚਾਰ ਅਤੇ ਪੱਖਪਾਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਮਿਹਨਤ ਅਤੇ ਲਗਨ ਨੂੰ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਬਣਾਇਆ ਹੈ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਇਲਾਵਾ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਪੜ੍ਹਾਉਣ ਦੇ ਉੱਨਤ ਢੰਗ-ਤਰੀਕਿਆਂ ਦੀ ਸਿਖਲਾਈ ਲਈ ਭੇਜਿਆ ਗਿਆ। ਇਸ ਤੋਂ ਇਲਾਵਾ ਸਕੂਲਾਂ ਵਿੱਚ ਨਵੇਂ ਫਰਨੀਚਰ, ਆਈ.ਟੀ.-ਅਧਾਰਤ ਅਧਿਆਪਨ ਮਾਡਿਊਲ, ਲੈਸ ਲਾਇਬ੍ਰੇਰੀਆਂ ਅਤੇ ਸੈਨੀਟੇਸ਼ਨ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ।
ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ, ਪਰ ਸਿੱਖਿਆ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ ਅਤੇ ਹਰੇਕ ਬੱਚੇ ਨੂੰ ਉਸ ਦੇ ਆਰਥਿਕ ਪਿਛੋਕੜ ਦੇ ਬਾਵਜੂਦ ਮਿਆਰੀ ਸਿੱਖਿਆ ਦਾ ਹੱਕਦਾਰ ਮੰਨਦੀ ਹੈ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਜਦੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ ਤਾਂ ਸਕੂਲ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਸਥਾਨ 'ਤੇ ਹੈ, ਜੋ ਕਿ ਸਰਕਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਪਹਿਲਕਦਮੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਉੱਤਮਤਾ ਪ੍ਰਾਪਤ ਕਰਨ ਦੇ ਬਰਾਬਰ ਮੌਕੇ ਮਿਲਣ।
ਮੁੱਖ ਮੰਤਰੀ ਨੇ ਕਿਹਾ ਕਿ ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨਵ-ਨਿਯੁਕਤ ਨੌਜਵਾਨਾਂ ਨੂੰ ਨਿਮਰ ਰਹਿਣ ਅਤੇ ਜ਼ਮੀਨ ਨਾਲ ਜੁੜੇ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਹੁਣ ਨੌਕਰੀ ਵਿੱਚ ਕਾਰਗੁਜ਼ਾਰੀ ਦਿਖਾਉਣ ਦਾ ਸਮਾਂ ਹੈ।
ਮੁੱਖ ਮੰਤਰੀ ਨੇ ਵਿਦਿਆਰਥਣਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਧੀਆਂ ਸਿੱਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੇ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਨੇ ਸੂਬੇ ਦੇ ਹਰ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਅਤੇ ਸਮਾਜ ਲਈ ਰੋਲ ਮਾਡਲ ਵਜੋਂ ਉੱਭਰ ਰਹੀਆਂ ਹਨ, ਬਸ਼ਰਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਰਾਬਰ ਮੌਕੇ ਅਤੇ ਉਤਸ਼ਾਹ ਮਿਲਣ 'ਤੇ ਕੁੜੀਆਂ ਵੀ ਹਰ ਮੰਜ਼ਿਲ ਪ੍ਰਾਪਤ ਕਰ ਸਕਦੀਆਂ ਹਨ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹੁਣ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਉਹ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣ। ਉਨ੍ਹਾਂ ਨਵ-ਨਿਯੁਕਤਾਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ।