ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਪੱਧਰੀ ਭਜਨ ਸੰਧਿਆ 'ਚ ਸ਼ਿਰਕਤ ਕਰਕੇ ਸ਼ਰਧਾਲੂਆਂ ਨਾਲ ਧਾਰਮਿਕ ਉਤਸ਼ਾਹ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਦੀ ਪਰੰਪਰਾ ਨੂੰ ਸਲਾਹੁੰਦਿਆਂ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਨੂੰ ਕੋਈ ਥਾਂ ਨਹੀਂ ਹੈ। ਸਮਾਗਮ ਦੌਰਾਨ ਉਨ੍ਹਾਂ ਵੱਲੋਂ ਇੱਕ ਵੱਡਾ ਐਲਾਨ ਵੀ ਕੀਤਾ ਗਿਆ — 1 ਅਗਸਤ ਤੋਂ 40 ਲੱਖ ਔਰਤਾਂ ਨੂੰ ਸਨਮਾਨ ਰਾਸ਼ੀ ਵਜੋਂ ਵਿੱਤੀ ਸਹਾਇਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਲਈ ਰਜਿਸਟ੍ਰੇਸ਼ਨ ਜਾਰੀ ਹੈ।
ਸਰਕਾਰੀ ਕਾਲਜ ਦੇ ਮੈਦਾਨ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਵਿੱਚ ਮੁੱਖ ਮੰਤਰੀ ਨੇ ਖੁਦ ਸ਼ਰਧਾਲੂਆਂ ਨਾਲ ‘ਹਰਿ ਹਰਿ ਮਹਾਦੇਵ’ ਦੇ ਜੈਕਾਰੇ ਲਾਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ ਅਤੇ ਇੱਥੇ ਸਦੀਆਂ ਤੋਂ ਆਪਸੀ ਭਾਈਚਾਰਕ ਸਾਂਝ ਕਾਇਮ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਨੇ ਸਾਨੂੰ ਪਿਆਰ, ਭਾਈਚਾਰੇ ਅਤੇ ਸ਼ਾਂਤੀ ਦਾ ਪਾਠ ਪੜ੍ਹਾਇਆ ਹੈ, ਇਸ ਲਈ ਇਸ ਪਵਿੱਤਰ ਧਰਤੀ ‘ਤੇ ਨਫ਼ਰਤ ਦਾ ਕੋਈ ਬੀਜ ਕਦੇ ਨਹੀਂ ਉੱਗ ਸਕਦਾ।
ਮੁੱਖ ਮੰਤਰੀ ਨੇ ਸਮਾਗਮ ਵਿੱਚ ਐਲਾਨ ਕੀਤਾ ਕਿ 1 ਅਗਸਤ ਤੋਂ 40 ਲੱਖ ਰਜਿਸਟਰਡ ਔਰਤਾਂ ਨੂੰ ਸਨਮਾਨ ਰਾਸ਼ੀ ਵਜੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਪਹਿਲੀ ਵਾਰ ਹੋਵੇਗਾ ਜਦੋਂ ਇੰਨੀ ਵੱਡੀ ਗਿਣਤੀ ਵਿੱਚ ਔਰਤਾਂ ਇਸ ਸਕੀਮ ਤਹਿਤ ਲਾਭ ਪ੍ਰਾਪਤ ਕਰਨਗੀਆਂ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਲੋਕ-ਪੱਖੀ ਪਹਿਲਕਦਮੀਆਂ ਰਾਹੀਂ ਜਨਤਾ ਦਾ ਪੈਸਾ ਜਨਤਾ ਨੂੰ ਵਾਪਸ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਧਰਮਾਂ ਨੂੰ ਬਰਾਬਰ ਸਤਿਕਾਰ ਦਿੰਦੀ ਹੈ। ਉਨ੍ਹਾਂ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵਿਸ਼ੇਸ਼ ਤਿਆਰੀਆਂ ਦਾ ਵੀ ਜ਼ਿਕਰ ਕੀਤਾ। ਇਸ ਤੋਂ ਇਲਾਵਾ, ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਨੈਣਾ ਦੇਵੀ, ਹਰਿਦੁਆਰ, ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਵਰਗੇ ਪਵਿੱਤਰ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।
ਇਸ ਸੂਬਾ ਪੱਧਰੀ ਸਮਾਗਮ ਵਿੱਚ ਮਸ਼ਹੂਰ ਗਾਇਕ ਹੰਸਰਾਜ ਰਘੂਵੰਸ਼ੀ ਨੇ ਭਗਤੀ ਗੀਤਾਂ ਅਤੇ ਭਜਨਾਂ ਨਾਲ ਸ਼ਰਧਾਲੂਆਂ ਨੂੰ ਭਾਵਵਿਭੋਰ ਕਰ ਦਿੱਤਾ। ਪੂਰਾ ਪੰਡਾਲ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ‘ਹਰਿ ਹਰਿ ਮਹਾਦੇਵ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ ਭਾਗ ਲੈ ਕੇ ਸਰਕਾਰ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੰਕੀਰਨ ਸੀਮਾਵਾਂ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦਾ ਸੁਪਨਾ ਸਾਕਾਰ ਕਰਨ ਲਈ ਸਮਾਜਿਕ ਬੁਰਾਈਆਂ ਨੂੰ ਖਤਮ ਕਰਨਾ, ਪੱਛੜੇ ਵਰਗਾਂ ਦਾ ਸਹਾਰਾ ਬਣਨਾ ਅਤੇ ਨਸ਼ਾ-ਮੁਕਤ ਸੂਬੇ ਲਈ ਮਿਲ ਕੇ ਕੰਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵੰਡ-ਪਾਊ ਅਤੇ ਫਿਰਕੂ ਏਜੰਡਿਆਂ ਨੂੰ ਨਕਾਰਨ ਦੀ ਵੀ ਅਪੀਲ ਕੀਤੀ, ਤਾਂ ਜੋ ਸੂਬੇ ਦੀ ਤਰੱਕੀ ਨੂੰ ਹੋਰ ਤੇਜ਼ ਕੀਤਾ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸ਼ਰਧਾਲੂਆਂ ਨਾਲ ਮਿਲ ਕੇ ਭਗਵਾਨ ਸ਼ਿਵ ਦੇ ਜੈਕਾਰੇ ਲਾਏ। ਉਨ੍ਹਾਂ ਨੇ ਕਿਹਾ ਕਿ ਭਗਵਾਨ ਸ਼ਿਵ ਦਇਆ, ਕਰੁਣਾ ਅਤੇ ਮਿਹਰ ਦੇ ਪ੍ਰਤੀਕ ਹਨ, ਜੋ ਆਪਣੇ ਭਗਤਾਂ ਨੂੰ ਕਾਮ, ਕ੍ਰੋਧ, ਲੋਭ ਵਰਗੀਆਂ ਵਿਕਾਰਾਂ ਤੋਂ ਮੁਕਤੀ ਦਿੰਦੇ ਹਨ। ਅਜਿਹੇ ਸਮਾਗਮਾਂ ਨਾਲ ਨਾ ਸਿਰਫ਼ ਧਾਰਮਿਕ ਉਤਸ਼ਾਹ ਵਧਦਾ ਹੈ, ਸਗੋਂ ਆਪਸੀ ਭਾਈਚਾਰਕ ਸਾਂਝ, ਦਇਆ ਅਤੇ ਖੁਸ਼ਹਾਲੀ ਵੀ ਆਉਂਦੀ ਹੈ।