CM ਭਗਵੰਤ ਸਿੰਘ ਮਾਨ ਗਰਜੇ, ਸੂਬਾ ਸਰਕਾਰ BBMB ਦੇ ਪੁਨਰਗਠਨ ਦਾ ਮੁੱਦਾ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

Share:

CM Bhagwant Singh Mann vows : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।

ਹਰਿਆਣਾ ਨੇ ਆਪਣੇ ਹਿੱਸੇ ਦਾ ਪਾਣੀ ਖ਼ਤਮ ਕੀਤਾ

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀਬੀਐਮਬੀ ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀਬੀਐਮਬੀ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀਬੀਐਮਬੀ ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।

ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀਬੀਐਮਬੀ ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀਬੀਐਮਬੀ ਕੋਲ ਲਗਭਗ 150 ਕਰੋੜ ਰੁਪਏ ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀਐਮਬੀ ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀਬੀਐਮਬੀ ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀਬੀਐਮਬੀ, ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।

ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।

ਇਹ ਵੀ ਪੜ੍ਹੋ