menu-icon
Punjabi Story Line
  • Home
  • News
  • Punjab
  • ਸੀਐਮ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ, ਘਰ ਦੇ ਨੇੜੇ ਹੀ ਹੋਵੇਗੀ ਕਰਮਚਾਰੀਆਂ ਦੀ ਤਾਇਨਾਤੀ

ਸੀਐਮ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ, ਘਰ ਦੇ ਨੇੜੇ ਹੀ ਹੋਵੇਗੀ ਕਰਮਚਾਰੀਆਂ ਦੀ ਤਾਇਨਾਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ ਦਿੰਦੇ ਹੋਏ ਐਲਾਨ ਕੀਤਾ ਕਿ ਸੂਬੇ ਵਿੱਚ ਸੀ ਅਤੇ ਡੀ ਸ਼੍ਰੇਣੀ ਦੀਆਂ ਅਸਾਮੀਆਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਹੁਤ ਦੂਰ ਤਾਇਨਾਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਕਰਮਚਾਰੀਆਂ ਦੀ ਡਿਊਟੀ ਉਹਨਾਂ ਦੇ ਨਿਵਾਸ ਸਥਾਨ ਤੋਂ 40 ਕਿਲੋਮੀਟਰ ਦੇ ਘੇਰੇ ਅੰਦਰ ਹੀ ਲਗਾਈ ਜਾਵੇਗੀ।

Date Updated Last Updated : 16 June 2026, 04:51 PM IST
Share:

ਪੰਜਾਬ. ਆਮ ਆਦਮੀ ਪਾਰਟੀ (ਆਪ ਸਰਕਾਰ) ਇਨ੍ਹੀਂ ਦਿਨੀਂ 2027 ਦੇ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ 'ਚ ਜੁੱਟੀ ਹੋਈ ਹੈ ਤੇ ਨਵੇਂ-ਨਵੇਂ ਐਲਾਨ ਕਰ ਰਹੀ ਹੈ। ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁਲਾ਼ਜ਼ਮਾਂ ਨੂੰ ਰਾਹਤ ਦਿੰਦੇ ਹੋਏ ਨਵਾਂ ਐਲਾਨ ਕੀਤਾ। ਸੀਐਮ ਮਾਨ ਨੇ ਸਰਕਾਰੀ ਕਰਮਚਾਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਕਿਹਾ ਕਿ ਸੂਬੇ ਵਿੱਚ ਸੀ ਅਤੇ ਡੀ ਸ਼੍ਰੇਣੀ ਦੀਆਂ ਅਸਾਮੀਆਂ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਹੁਤ ਦੂਰ ਤਾਇਨਾਤ ਨਹੀਂ ਕੀਤਾ ਜਾਵੇਗਾ। ਸਰਕਾਰ ਦੀ ਯੋਜਨਾ ਹੈ ਕਿ ਇਨ੍ਹਾਂ ਕਰਮਚਾਰੀਆਂ ਦੀ ਡਿਊਟੀ ਅਜਿਹੀ ਥਾਂ 'ਤੇ ਲਗਾਈ ਜਾਵੇ ਜਿੱਥੇ ਉਹ ਆਪਣੇ ਨਿਵਾਸ ਸਥਾਨ ਤੋਂ ਲਗਭਗ 40 ਕਿਲੋਮੀਟਰ ਦੇ ਘੇਰੇ ਅੰਦਰ ਹੀ ਸੇਵਾਵਾਂ ਦੇ ਸਕਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਕਰਮਚਾਰੀਆਂ ਨੂੰ ਆਪਣੇ ਪਰਿਵਾਰਾਂ ਨਾਲ ਵਧੇਰੇ ਸਮਾਂ ਬਿਤਾਉਣ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਡਿਊਟੀ ਖ਼ਤਮ ਹੋਣ ਤੋਂ ਇੱਕ ਘੰਟੇ ਦੇ ਅੰਦਰ ਹੀ ਕਰਮਚਾਰੀ ਆਪਣੇ ਘਰ ਪਹੁੰਚ ਸਕਣ ਅਤੇ ਆਪਣੇ ਪਰਿਵਾਰ ਨੂੰ ਵੀ ਟਾਈਮ ਦੇ ਸਕਣ।

ਜਲਦ ਜਾਰੀ ਹੋਵੇਗੀ ਵਿਸਥਾਰਤ ਨੀਤੀ

ਮੁੱਖ ਮੰਤਰੀ ਅਨੁਸਾਰ ਇਸ ਸਬੰਧੀ ਵਿਸਥਾਰਤ ਯੋਜਨਾ ਅਤੇ ਦਿਸ਼ਾ-ਨਿਰਦੇਸ਼ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੇ ਜਾਣਗੇ। ਇਸ ਨੀਤੀ ਦਾ ਲਾਭ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਮਿਲੇਗਾ।

ਕਿਨ੍ਹਾਂ ਕਰਮਚਾਰੀਆਂ ਨੂੰ ਮਿਲੇਗਾ ਲਾਭ?

ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਇਸ ਯੋਜਨਾ ਦੇ ਦਾਇਰੇ ਵਿੱਚ ਅਧਿਆਪਕ, ਸਿਹਤ ਵਿਭਾਗ ਦੇ ਕਰਮਚਾਰੀ, ਪੁਲਿਸ ਵਿਭਾਗ ਦੇ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਸੀ ਅਤੇ ਡੀ ਗ੍ਰੇਡ ਦੇ ਕਰਮਚਾਰੀ ਸ਼ਾਮਲ ਹੋਣਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਕਰਮਚਾਰੀਆਂ ਦੀ ਕਾਰਗੁਜ਼ਾਰੀ ਅਤੇ ਮਨੋਬਲ ਵਿੱਚ ਵੀ ਸੁਧਾਰ ਆਵੇਗਾ।

ਮਹਿਲਾ ਕਰਮਚਾਰੀਆਂ ਲਈ ਵਿਸ਼ੇਸ਼ ਪ੍ਰਬੰਧ

ਮੁੱਖ ਮੰਤਰੀ ਨੇ ਕਿਹਾ ਕਿ  ਅਣਵਿਆਹੀਆਂ ਲੜਕੀਆਂ ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਅੰਦਰ ਘੇਰੇ ਵਿੱਚ ਜਿਹੜਾ ਕਿ ਘੱਟ ਤੋਂ ਘੱਟ ਪੰਜ ਤੋਂ 10 ਕਿਲੋਮੀਟਰ ਵੀ ਹੋ ਸਕਦਾ ਹੈ ਨੌਕਰੀ ’ਤੇ ਤੈਨਾਤ ਕੀਤਾ ਜਾਵੇਗਾ। 

ਉਨ੍ਹਾਂ ਅੱਗੇ ਕਿਹਾ ਕਿ ਵਿਆਹੀਆਂ ਹੋਈਆਂ ਲੜਕੀਆਂ ਨੂੰ ਉਨ੍ਹਾਂ ਦੇ ਸਹੁਰੇ ਘਰਾਂ ਤੋਂ 40 ਕਿਲੋਮੀਟਰ ਉੱਤੇ ਅੰਦਰ ਅੰਦਰ ਨੌਕਰੀ ਤੇ ਨਿਯੁਕਤੀ ਦਿੱਤੀ ਜਾਵੇਗੀ।  


ਪ੍ਰੋਬੇਸ਼ਨ ਪੀਰੀਅਡ ਤੋਂ ਬਾਅਦ ਮਿਲੇਗਾ ਲਾਭ

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਯੋਜਨਾ ਦਾ ਲਾਭ ਉਹਨਾਂ ਕਰਮਚਾਰੀਆਂ ਨੂੰ ਮਿਲੇਗਾ ਜਿਨ੍ਹਾਂ ਦਾ ਤਿੰਨ ਸਾਲ ਦਾ ਪ੍ਰੋਬੇਸ਼ਨ ਸਮਾਂ ਪੂਰਾ ਹੋ ਚੁੱਕਾ ਹੋਵੇਗਾ। ਇਸ ਤੋਂ ਬਾਅਦ ਉਹ ਨਵੀਂ ਤਾਇਨਾਤੀ ਨੀਤੀ ਅਧੀਨ ਆਪਣੇ ਘਰ ਦੇ ਨੇੜੇ ਪੋਸਟਿੰਗ ਲਈ ਯੋਗ ਹੋਣਗੇ।

523 ਨਵੇਂ ਸਿਹਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ

ਦੱਸ ਦੇਈਏ, ਮੁੱਖਮੰਤਰੀ ਨੇ ਇਹ ਐਲਾਨ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਸਿਹਤ ਵਿਭਾਗ ਦੀਆਂ ਵੱਖ-ਵੱਖ ਅਸਾਮੀਆਂ ਲਈ ਚੁਣੇ ਗਏ 523 ਨਵੇਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕ ਸੇਵਾ ਕਰਨ ਦਾ ਸੱਦਾ ਵੀ ਦਿੱਤਾ।

 

Recent News