CM ਮਾਨ ਦੀ ਉੱਦਮੀਆਂ ਨੂੰ ਅਪੀਲ-ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ, ਪੰਜਾਬ ਨੂੰ ਉਦਯੋਗਿਕ ਸ਼ਕਤੀ ਬਣਾਓ

ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ।

Share:

Punjab News :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਮੋਹਾਲੀ ਵਿੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹੈ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਦਯੋਗਪਤੀਆਂ ਨੂੰ ਏਟੀਐਮ ਮੰਨਿਆ ਜਾਂਦਾ ਸੀ, ਜੋ ਸਿਰਫ਼ ਚੋਣਾਂ ਦੌਰਾਨ ਫੰਡ ਦਿੰਦੇ ਸਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਦਯੋਗਪਤੀ ਸਿਰਫ਼ ਆਪਣੇ ਕੰਮ ਕਰਵਾਉਣ ਦੇ ਅਧਿਕਾਰ ਲਈ ਰਵਾਇਤੀ ਪਾਰਟੀਆਂ ਨੂੰ ਫੰਡ ਦਿੰਦੇ ਸਨ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਨਕਲਾਬੀ ਕਦਮ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਨਾ ਹੈ।

ਕਈ ਹੋਰ ਸੂਬੇ ਪੰਜਾਬ ਦੀ ਰਣਨੀਤੀ ਅਪਨਾਉਣ ਦੀ ਤਿਆਰੀ ਵਿੱਚ

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀਐਲਯੂ, ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੇ ਕਈ ਹੋਰ ਸੂਬੇ ਵੀ ਇਸੇ ਰਣਨੀਤੀ ਨੂੰ ਅਪਣਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।

ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ 

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਲੋੜ ਅਨੁਸਾਰ ਅਤੇ ਉਨ੍ਹਾਂ ਦੀ ਸਹੂਲਤ ਲਈ ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੇ ਸੂਬਾ ਸਰਕਾਰ ਤੋਂ ਜੋ ਵੀ ਮੰਗ ਕੀਤੀ ਹੈ, ਉਹ ਉਦਯੋਗਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸਮੇਂ ਦੀ ਲੋੜ ਵੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਨੂੰ ਇੱਕ ਉਦਯੋਗਿਕ ਹੱਬ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇੱਕ ਅਜਿਹੀ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਸੀ, ਜਿਸ ਤਹਿਤ ਉਦਯੋਗ ਸੂਬੇ ਤੋਂ ਦੂਜੇ ਸੂਬਿਆਂ ਨੂੰ ਭੱਜ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਚੱਲ ਰਹੀ ਜਬਰੀ ਵਸੂਲੀ ਪ੍ਰਣਾਲੀ ਤੋਂ ਉਦਯੋਗ ਤੰਗ ਆ ਚੁੱਕੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਨੂੰ ਉਦਯੋਗ-ਪੱਖੀ ਮਾਹੌਲ ਦੇ ਨਾਲ-ਨਾਲ ਚੰਗੀ ਕਾਨੂੰਨ ਵਿਵਸਥਾ ਦੀ ਸਥਿਤੀ ਪ੍ਰਦਾਨ ਕਰ ਕੇ ਉਨ੍ਹਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ।

ਇਹ ਵੀ ਪੜ੍ਹੋ