Courtesy: X@BhagwantMann
ਨਵੀਂ ਦਿੱਲੀ. ਪੰਜਾਬ ਵਿੱਚ ਅੱਜ ਵੀਰਵਾਰ ਨੂੰ 7 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਆਪਣੀਆਂ 8 ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ ਅਤੇ ਪੂਰੇ ਦਿਨ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਸੇਵਾਵਾਂ ਬੰਦ ਹਨ। ਕਰਮਚਾਰੀ ਯੂਨੀਅਨਾਂ ਅੱਜ ਦੁਪਹਿਰ 1 ਵਜੇ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੀਆਂ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ’ਤੇ ਗਏ ਮੁਲਾਜ਼ਮਾਂ ਲਈ ਸਖਤ ਰੁਖ਼ ਅਪਣਾਿਆ ਹੈ ਅਤੇ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਹੀ ਗੱਲਬਾਤ ਹੋਵੇਗੀ।
ਹੜਤਾਲ 'ਤੇ ਬੈਠੇ ਮੁਲਜ਼ਮਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਆਪਣੇ ਐਕਸ ਅਕਾਉਂਟ ਤੋਂ ਟਵੀਟ ਕਰਦਿਆਂ ਲਿਖਿਆ- ''ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ...''
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਲਿਖਿਆ- ''ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...''
ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ...
— Bhagwant Mann (@BhagwantMann) August 27, 2026
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ...
ਜ਼ਿਕਰਯੋਗ ਹੈ ਕਿ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਹਜ਼ਾਰਾਂ ਮੁਲਾਜ਼ਮ ਹੜਤਾਲ 'ਤੇ ਬੈਠੇ ਹਨ ਅਤੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਸੇਵਾਵਾਂ ਠੱਪ ਪਈਆਂ ਹਨ।
ਚੰਡੀਗੜ੍ਹ ਦੇ ਸੈਕਟਰ 17 ਵਿਖੇ ਪੁਲ਼ ਦੇ ਹੇਠ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਅਤੇ ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੀਆਂ ਮੰਗਾਂ ਨੂੰ ਮਨਾਉਣ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਨੇ ਆਪਣੀ ਰੈਲੀ ਦੌਰਾਨ ਕਿਹਾ ਕਿ ਜੇਕਰ ਅੱਜ ਵੀ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹਲ ਨਹੀਂ ਨਿਕਲਦਾ ਤਾਂ ਇਹ ਵਿਰੋਧ ਪ੍ਰਦਰਸ਼ਨ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸਦੀ ਕੀਮਤ ਆਪ ਸਰਕਾਰ ਨੂੰ ਚੁਕਾਉਣੀ ਪਵੇਗੀ।
ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਮਗਰੋਂ ਮੁਲਾਜ਼ਮ ਹੜਤਾਲ ਪਹਿਲਾਂ ਖ਼ਤਮ ਕਰਦੇ ਹਨ ਅਤੇ ਫਿਰ ਗੱਲਬਾਤ ਦਾ ਦੌਰ ਸ਼ੁਰੂ ਹੁੰਦਾ ਹੈ, ਜਾਂ ਫਿਰ ਸੀਐਮ ਨਾਲ ਮੀਟਿੰਗ ਵਿੱਚ ਠੋਸ ਹੱਲ ਨਾ ਨਿਕਲਣ ਤੱਕ ਇਹ ਹੜਤਾਲ ਜਾਰੀ ਰਹਿੰਦੀ ਹੈ।