Punjab News: ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ ਜਿਸਦੇ ਚੱਲਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਹੁਸ਼ਿਆਰਪੁਰ ਦੌਰੇ 'ਤੇ ਹੋਣਗੇ। ਇਸਦੇ ਨਾਲ ਹੀ ਉਹ ਮੁਕੇਰੀਆਂ ਵਿੱਚ ਵਪਾਰੀਆਂ ਨਾਲ ਸੀਐਮ ਦੀ ਮੀਟਿੰਗ ਵੀ ਹੋਵੇਗੀ।
ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 24 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ ਐਸਐਸਪੀ ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵੀ ਜਾਇਜ਼ਾ ਲਿਆ।
ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ।