ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ ਅਤੇ ਉਹ 'ਆਪ' ਵਿਧਾਇਕਾਂ ਬਾਰੇ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲੇ। ਪੰਨੂ ਨੇ ਦੋਸ਼ ਲਾਇਆ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦੇ ਅੰਦਰ ਵਧ ਰਹੀ ਫੁੱਟ, ਉਲਝਣ ਅਤੇ ਲੀਡਰਸ਼ਿਪ ਦੇ ਸੰਕਟ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਝੂਠੇ ਦਾਅਵੇ ਕਰ ਰਹੇ ਹਨ।
ਪੰਨੂ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਸੰਘਰਸ਼ਾਂ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭਵਿੱਖਬਾਣੀ ਸਹੀ ਸਾਬਤ ਹੋ ਰਹੀ ਹੈ ਕਿ 2027 ਦੀਆਂ ਚੋਣਾਂ ਨੇੜੇ ਆਉਣ 'ਤੇ ਵਿਰੋਧੀ ਧਿਰਾਂ ਆਪਣਾ ਸਿਆਸੀ ਸੰਤੁਲਨ ਗੁਆ ਬੈਠਣਗੀਆਂ। ਕਾਂਗਰਸੀ ਆਗੂਆਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੋਂ ਪਾਰਟੀ ਅੰਦਰਲੀ ਗੰਭੀਰ ਫੁੱਟ ਸਾਫ਼ ਝਲਕਦੀ ਹੈ।
ਰਾਜਾ ਵੜਿੰਗ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿ 'ਆਪ' ਦੇ 40 ਤੋਂ 45 ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ, ਬਲਤੇਜ ਪੰਨੂ ਨੇ ਇਸ ਨੂੰ ਮਨਘੜਤ ਕਹਾਣੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ 30-35 ਵਿਧਾਇਕਾਂ ਦਾ ਦਾਅਵਾ ਕੀਤਾ ਸੀ ਅਤੇ ਜੇਕਰ ਦੋਹਾਂ ਦੇ ਅੰਕੜੇ ਜੋੜ ਦਿੱਤੇ ਜਾਣ ਤਾਂ ਕਾਂਗਰਸ ਨੂੰ ਸਰਕਾਰ ਬਣਾਉਣ ਲਈ ਬਹੁਮਤ ਹੋ ਜਾਵੇਗਾ, ਸਵਾਲ ਉੱਠਦਾ ਹੈ ਕਿ ਫਿਰ ਕਾਂਗਰਸ ਨੇ ਸਰਕਾਰ ਕਿਉਂ ਨਹੀਂ ਬਣਾਈ?
ਪੰਨੂ ਨੇ ਕਾਂਗਰਸ ਲੀਡਰਸ਼ਿਪ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਪਾਰਟੀ ਆਪਣੇ ਸੀਨੀਅਰ ਨੇਤਾਵਾਂ ਨੂੰ ਭਾਜਪਾ ਵਿੱਚ ਜਾਣ ਤੋਂ ਰੋਕਣ ਵਿੱਚ ਬਾਰ-ਬਾਰ ਨਾਕਾਮ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ, ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਜਿਹੜੀ ਪਾਰਟੀ ਆਪਣੇ ਆਗੂਆਂ ਦਾ ਧਿਆਨ ਨਹੀਂ ਰੱਖ ਸਕੀ, ਉਸ ਨੂੰ 'ਆਪ' ਵਿਧਾਇਕਾਂ ਬਾਰੇ ਅਟਕਲਾਂ ਲਗਾਉਣ ਦਾ ਨੈਤਿਕ ਅਧਿਕਾਰ ਨਹੀਂ ਹੈ।
ਬਲਤੇਜ ਪੰਨੂ ਨੇ ਰਾਜਾ ਵੜਿੰਗ ਨੂੰ ਚੁਣੌਤੀ ਦਿੱਤੀ ਕਿ ਉਹ 'ਆਪ' ਬਾਰੇ ਦਾਅਵੇ ਕਰਨ ਤੋਂ ਪਹਿਲਾਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਸਾਰੀਆਂ ਸੀਟਾਂ ਤੋਂ ਚੋਣ ਲੜਨ ਲਈ ਮਜ਼ਬੂਤ ਉਮੀਦਵਾਰ ਵੀ ਨਹੀਂ ਹਨ, ਫਿਰ ਵੀ ਇਸ ਦੇ ਆਗੂ ਅਗਲੀ ਸਰਕਾਰ ਬਣਾਉਣ ਦੇ ਸੁਪਨੇ ਵੇਖ ਰਹੇ ਹਨ।
ਪੰਨੂ ਨੇ ਕਾਂਗਰਸ ਅੰਦਰ ਲੀਡਰਸ਼ਿਪ ਦੇ ਸੰਕਟ ਨੂੰ ਉਜਾਗਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਦੇ ਇੱਕ ਦਰਜਨ ਤੋਂ ਵੱਧ ਆਗੂ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਦੌੜ ਵਿੱਚ ਹਨ। ਉਨ੍ਹਾਂ ਚਰਨਜੀਤ ਸਿੰਘ ਚੰਨੀ ਦੇ ਪੋਸਟਰਾਂ ਦਾ ਹਵਾਲਾ ਦਿੱਤਾ, ਜਿਨ੍ਹਾਂ ਵਿੱਚ ਕਾਂਗਰਸ ਦਾ ਨਾਂ, ਚੋਣ ਨਿਸ਼ਾਨ ਅਤੇ ਕੇਂਦਰੀ ਲੀਡਰਸ਼ਿਪ ਦੀ ਤਸਵੀਰ ਗਾਇਬ ਸੀ, ਜੋ ਪਾਰਟੀ ਅੰਦਰ ਭਾਰੀ ਕੁਰਸੀ ਦੀ ਲੜਾਈ ਨੂੰ ਦਰਸਾਉਂਦਾ ਹੈ।
ਬਲਤੇਜ ਪੰਨੂ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ 'ਆਪ' ਬਾਰੇ ਕਾਲਪਨਿਕ ਦਾਅਵੇ ਕਰਨ ਦੀ ਬਜਾਏ ਕਾਂਗਰਸ ਦੇ ਬਚੇ-ਖੁਚੇ ਵਜੂਦ ਨੂੰ ਬਚਾਉਣ 'ਤੇ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ, ਜਦੋਂ ਕਿ ਕਾਂਗਰਸ ਅੰਦਰੂਨੀ ਲੜਾਈਆਂ ਵਿੱਚ ਉਲਝੀ ਹੋਈ ਹੈ ਅਤੇ 'ਆਪ' ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।