Courtesy: @Dr. Baljit Kaur
ਪੰਜਾਬ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਕਈ ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹ ਲਿਆ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਚਪਨ ਦੀ ਦੇਖਭਾਲ ਅਤੇ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਆਪਣੇ ਮਿਸ਼ਨ ਦੇ ਹਿੱਸੇ ਵਜੋਂ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਪੂਰੀ ਕਰ ਲਈ ਹੈ। ਬਾਕੀ 132 ਕੇਂਦਰ ਉਸਾਰੀ ਦੇ ਆਖਰੀ ਪੜਾਅ 'ਤੇ ਹਨ ਅਤੇ ਜਲਦੀ ਹੀ ਸੂਬੇ ਭਰ ਦੇ ਬੱਚਿਆਂ ਨੂੰ ਸਮਰਪਿਤ ਕੀਤੇ ਜਾਣਗੇ।
ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਵਿੱਚ ਬਾਲ-ਅਨੁਕੂਲ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ, ਇਸੇ ਲੜੀ ਤਹਿਤ 132 ਹੋਰ ਆਂਗਣਵਾੜੀ ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਭਰ ਦੇ ਬੱਚਿਆਂ ਨੂੰ ਸੁਰੱਖਿਅਤ, ਆਧੁਨਿਕ ਅਤੇ ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਵਧੀਆ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਖੇਡ ਵਿੱਚ ਸਿੱਖਿਣ ਦੇ ਮੌਕੇ ਮਿਲਣ।
ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ,“ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 1024 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦਾ ਟੀਚਾ ਰੱਖਿਆ ਸੀ। 892 ਕੇਂਦਰਾਂ ਦੀ ਉਸਾਰੀ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ, ਜਦੋਂ ਕਿ ਬਾਕੀ ਰਹਿੰਦੇ 132 ਕੇਂਦਰ ਉਸਾਰੀ ਦੇ ਅੰਤਿਮ ਪੜਾਅ ਵਿੱਚ ਹਨ ਅਤੇ ਜਲਦ ਹੀ ਪੂਰੇ ਕਰਕੇ ਸੂਬੇ ਦੇ ਬੱਚਿਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।”
ਉਨ੍ਹਾਂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਬੱਚੇ ਲਈ, ਭਾਵੇਂ ਉਸਦਾ ਕੋਈ ਵੀ ਆਰਥਿਕ ਪਿਛੋਕੜ ਹੋਵੇ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਮਾਹੌਲ ਅਤੇ ਖੇਡ-ਅਧਾਰਤ ਸਿੱਖਿਆ ਦੇ ਮੌਕੇ ਮਿਲਣ । ਪੰਜਾਬ ਦੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੇ ਰਾਹ ਵਿੱਚ ਫੰਡਾਂ ਦੀ ਕੋਈ ਕਮੀ ਅੜਿੱਕਾ ਨਹੀਂ ਬਣਨ ਦਿੱਤੀ ਜਾਵੇਗੀ।’’
ਡਾ. ਬਲਜੀਤ ਕੌਰ ਨੇ ਕਿਹਾ,“ਬੱਚੇ ਦੇਸ਼ ਦੀ ਵਡਮੁੱਲੀ ਧਰੋਹਰ ਹਨ। ਹਰੇਕ ਬੱਚਾ ਸੁਰੱਖਿਅਤ, ਅਨੰਦਮਈ ਅਤੇ ਰਚਨਾਤਮਕ ਵਾਤਾਵਰਣ ਦਾ ਹੱਕਦਾਰ ਹੈ, ਜਿੱਥੇ ਉਹ ਸਿੱਖ ਸਕਦਾ ਹੈ, ਖੇਡ ਸਕਦਾ ਹੈ ਅਤੇ ਆਪਣੀ ਪੂਰੀ ਸਮਰੱਥਾ ਨੂੰ ਸਾਕਾਰ ਕਰ ਸਕਦਾ ਹੈ। ਸਾਡੀ ਸਰਕਾਰ ਹਰ ਬੱਚੇ ਲਈ ਬਰਾਬਰ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ, ਭਾਵੇਂ ਉਸਦਾ ਸਮਾਜਿਕ-ਆਰਥਿਕ ਪਿਛੋਕੜ ਕੁਝ ਵੀ ਹੋਵੇ।”
ਉਨ੍ਹਾਂ ਕਿਹਾ, “ਇਹ ਨਵੇਂ ਆਂਗਣਵਾੜੀ ਕੇਂਦਰ ਇੱਟਾਂ-ਬੱਜਰੀ ਦੀਆਂ ਇਮਾਰਤਾਂ ਤੋਂ ਕਿਤੇ ਵਧ ਹਨ। ਇਹ ਉਹ ਸਥਾਨ ਹਨ, ਜਿੱਥੇ ਪੇਂਡੂ ਅਤੇ ਪਛੜੇ ਪਰਿਵਾਰਾਂ ਦੇ ਬੱਚਿਆਂ ਦੇ ਸੁਪਨੇ ਵੀ ਵਧਣ-ਫੁੱਲਣਗੇ। ਸਾਫ਼, ਸੁਰੱਖਿਅਤ ਅਤੇ ਸੁਹਿਰਦ ਨਜ਼ਰਸਾਨੀ ਵਾਲੇ ਮਾਹੌਲ ਵਿੱਚ ਸਿੱਖਣ ਅਤੇ ਖੇਡਣ ਦੌਰਾਨ ਬੱਚੇ ਦੇ ਚਿਹਰੇ ’ਤੇ ਮੁਸਕਰਾਹਟ ਆਉਣਾ ਕਿਸੇ ਵੀ ਸਰਕਾਰ ਲਈ ਸਭ ਤੋਂ ਵੱਡਾ ਇਨਾਮ ਹੈ।’’
ਬਾਲ ਵਿਕਾਸ ਮੰਤਰੀ ਨੇ ਕਿਹਾ,“ਇਹ ਕੇਂਦਰ ਕੁਪੋਸ਼ਣ ਨਾਲ ਨਜਿੱਠਣ, ਬੱਚਿਆਂ ਦੀ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਅਤੇ ਬੋਧਿਕ ਵਿਕਾਸ ਨੂੰ ਹੁਲਾਰ ਦੇਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।”
ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਨਵੇਂ ਆਂਗਣਵਾੜੀ ਕੇਂਦਰ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸੁਰੱਖਿਅਤ, ਬਾਲ-ਅਨੁਕੂਲ ਅਤੇ ਸਮਾਵੇਸ਼ੀ ਬੁਨਿਆਦੀ ਢਾਂਚਾ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮਿਸ਼ਨ ਸਕਸ਼ਮ ਦੇ ਤਹਿਤ, ਹਰੇਕ ਆਂਗਣਵਾੜੀ ਕੇਂਦਰ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼-ਸੁਰੱਖਿਅਤ ਪਾਣੀ, ਆਧੁਨਿਕ ਸੈਨੀਟੇਸ਼ਨ ਸਹੂਲਤਾਂ ਅਤੇ ਅਜਿਹੀਆਂ ਸਿੱਖਣ ਥਾਵਾਂ ਵਿਕਸਿਤ ਕੀਤੀਆਂ ਜਾ ਸਕਣ ਜਿੱਥੇ ਬੱਚਿਆਂ ਦਾ ਸੰਪੂਰਨ ਵਿਕਾਸ ਹੋ ਸਕੇ।”