ਪੰਜਾਬ ਨਿਊਜ਼। ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 5 ਦਿਨਾਂ ਬਾਅਦ ਅੱਜ ਸੋਸ਼ਲ ਮੀਡੀਆ 'ਤੇ ਲਾਈਵ ਹੋਏ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਹੁਣ ਕੇਂਦਰ ਦੇ ਨਕਸ਼ੇ ਕਦਮ 'ਤੇ ਚੱਲ ਕੇ ਸਾਡੇ ਅੰਦੋਲਨ ਨੂੰ ਕੁਚਲਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ। ਡੱਲੇਵਾਲ ਨੇ ਇਹ ਵੀ ਕਿਹਾ ਕਿ ਜਦੋਂ ਅਸੀਂ ਮਰਨ ਵਰਤ ਸ਼ੁਰੂ ਕੀਤਾ ਸੀ ਤਾਂ ਸਾਨੂੰ ਵਿਸ਼ਵਾਸ ਸੀ ਕਿ ਅਸੀਂ ਗਾਂਧੀਵਾਦੀ ਤਰੀਕੇ ਨਾਲ ਸੱਤਿਆਗ੍ਰਹਿ ਕਰਾਂਗੇ। ਅੰਗਰੇਜ਼ ਸਰਕਾਰ ਵੀ ਸੱਤਿਆਗ੍ਰਹਿ ਵਿੱਚ ਵਿਸ਼ਵਾਸ ਰੱਖਦੀ ਸੀ ਪਰ ਇਹ ਸਰਕਾਰ ਸਾਡੀ ਗੱਲ ਸੁਣਨ ਦੀ ਬਜਾਏ ਸਾਡੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ 'ਤੇ ਵੱਡੀ ਤਾਕਤ ਨਾਲ ਮੋਰਚੇ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਮੈਂ ਲੋਕਾਂ ਨੂੰ ਅੱਗੇ ਪਹੁੰਚਣ ਦੀ ਬੇਨਤੀ ਕਰਦਾ ਹਾਂ, ਤਾਂ ਜੋ ਇਸ ਨੂੰ ਬਚਾਇਆ ਜਾ ਸਕੇ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੱਲੇਵਾਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਉਣ ਲਈ ਕਿਸਾਨ ਆਗੂਆਂ ਤੇ ਪੰਜਾਬ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ ਫੇਲ੍ਹ ਹੋ ਗਈ ਸੀ | ਸੁਪਰੀਮ ਕੋਰਟ ਨੇ ਡੱਲੇਵਾਲ ਨੂੰ 31 ਦਸੰਬਰ ਤੋਂ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਕਿਹਾ ਹੈ। ਇਸ ਕੇਸ ਦੀ ਸੁਣਵਾਈ ਵੀ ਇਸੇ ਦਿਨ ਹੋਣੀ ਹੈ।
ਇਸ ਸਬੰਧੀ ਪੰਜਾਬ ਦੇ ਡੀਆਈਜੀ ਜਸਕਰਨ ਸਿੰਘ 3 ਵਜੇ ਖਨੌਰੀ ਸਰਹੱਦ ’ਤੇ ਪੁੱਜੇ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਡੀਆਈਜੀ ਸਮੇਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਮਨਾਉਣ ਵਿੱਚ ਕਾਮਯਾਬ ਨਾ ਹੋਈ ਤਾਂ 31 ਦਸੰਬਰ ਨੂੰ ਹੋਣ ਵਾਲੀ ਸੁਣਵਾਈ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਖ਼ਿਲਾਫ਼ ਮਾਣਹਾਨੀ ਦਾ ਕੇਸ ਚੱਲ ਸਕਦਾ ਹੈ। ਇਸ ਦੌਰਾਨ ਕਿਸਾਨ ਆਗੂ ਸਰਵਣ ਪੰਧੇਰ ਨੇ ਲੁਧਿਆਣਾ ਵਿੱਚ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਪੁਲੀਸ ਨੂੰ ਅਲਰਟ ਮੋਡ ’ਤੇ ਰੱਖਿਆ ਹੋਇਆ ਹੈ। ਉਥੇ 30 ਤੋਂ 40 ਬੱਸਾਂ ਖੜ੍ਹੀਆਂ ਕੀਤੀਆਂ ਗਈਆਂ ਹਨ, ਜੋ ਕਿਸੇ ਸਮੇਂ ਵੀ ਖਨੌਰੀ ਸਰਹੱਦ 'ਤੇ ਜਾ ਸਕਦੀਆਂ ਹਨ