SGPC ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ 'ਤੇ ਰੋਕ ਲਗਾਉਣ ਦੀ ਮੰਗ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ

ਅਰਜ਼ੀ ਵਿੱਚ ਪਟੀਸ਼ਨਰ ਨੇ ਕਿਹਾ ਕਿ ਇਸ ਸੋਧ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਪੈਂਡਿੰਗ ਹੋਣ ਦੇ ਬਾਵਜੂਦ 23 ਅਕਤੂਬਰ 2023 ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਵੋਟਰ ਸੂਚੀ ਤਿਆਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਜੇਕਰ ਇਸ ਵੋਟਰ ਸੂਚੀ ਤੋਂ ਚੋਣ ਹੁੰਦੀ ਹੈ ਤਾਂ 70 ਲੱਖ ਸਹਿਜਧਾਰੀ ਸਿੱਖ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ।

Share:

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਸਬੰਧੀ 4 ਅਕਤੂਬਰ 2023 ਦੀ ਨੋਟੀਫਿਕੇਸ਼ਨ ਰੱਦ ਕਰ ਦਿੱਤੀ ਗਈ ਹੈ। ਇਸ ਸੂਚੀ ਰਾਹੀਂ ਚੋਣਾਂ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।

ਸਹਿਜਧਾਰੀ ਸਿੱਖਾਂ ਦੇ ਵੋਟਿੰਗ ਅਧਿਕਾਰ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਵੱਲੋਂ 2016 ਵਿੱਚ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਇਸ ਪਟੀਸ਼ਨ 'ਚ ਅਰਜ਼ੀ ਦਾਇਰ ਕਰਦੇ ਹੋਏ ਸਹਿਜਧਾਰੀ ਸਿੱਖ ਪਾਰਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ 2017 'ਚ ਪਟੀਸ਼ਨ ਦਾਇਰ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਕੀਤੀ ਸੋਧ ਨੂੰ ਚੁਣੌਤੀ ਦਿੱਤੀ ਸੀ।

ਕੋਰੋਨਾ ਕਾਰਨ ਸੁਣਵਾਈ ਨਹੀਂ ਹੋ ਸਕੀ

ਸਤੰਬਰ 2019 ਵਿੱਚ ਹਾਈ ਕੋਰਟ ਨੇ ਐਸਜੀਪੀਸੀ ਨੂੰ ਇਸ ਮਾਮਲੇ ਵਿੱਚ ਚਾਰ ਹਫ਼ਤਿਆਂ ਵਿੱਚ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਕੋਰੋਨਾ ਦੇ ਕਾਰਨ ਇਸ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਸਕੀ। ਪਟੀਸ਼ਨਰ ਨੇ ਕਿਹਾ ਕਿ ਇਸ ਸੋਧ ਕਾਰਨ 70 ਲੱਖ ਤੋਂ ਵੱਧ ਸਹਿਜਧਾਰੀ ਸਿੱਖ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਸਿੱਖ ਗੁਰਦੁਆਰਾ ਐਕਟ 1925 ਵਿੱਚ ਲਾਗੂ ਕੀਤਾ ਗਿਆ ਸੀ ਅਤੇ 1944 ਵਿੱਚ ਐਕਟ ਵਿੱਚ ਸੋਧ ਕਰਕੇ ਇਸ ਵਿੱਚ ਸਹਿਜਧਾਰੀ ਸਿੱਖ ਸ਼ਬਦ ਜੋੜਿਆ ਗਿਆ ਸੀ।

ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਰੱਖਿਆ

ਪਟੀਸ਼ਨਰ ਨੇ ਕਿਹਾ ਕਿ ਸਿਆਸੀ ਕਾਰਨਾਂ ਕਰਕੇ 2003 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਬੋਰਡ ਅਤੇ ਕਮੇਟੀ ਚੋਣਾਂ ਵਿੱਚ ਵੋਟ ਦੇ ਅਧਿਕਾਰ ਤੋਂ ਵਾਂਝੇ ਰੱਖਿਆ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ 2003 ਦੇ ਨੋਟੀਫਿਕੇਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ 2016 ਵਿੱਚ ਕੇਂਦਰ ਸਰਕਾਰ ਨੇ ਗੁਰਦੁਆਰਾ ਐਕਟ ਵਿੱਚ ਸੋਧ ਕਰਕੇ ਇੱਕ ਵਾਰ ਫਿਰ ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ।

ਇਹ ਵੀ ਪੜ੍ਹੋ