ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ 2.3 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਹੈ, ਜਿਸ ਨਾਲ ਸਰਹੱਦ ਪਾਰ ਡਰੱਗ-ਟੈਰਰ ਦੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਪਹਿਲੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨਦੀਪ ਯਾਦਵ ਤੋਂ ਪੁੱਛਗਿੱਛ ਦੌਰਾਨ 1 ਕਿਲੋ ਹੈਰੋਇਨ, 1 ਪਿਸਤੌਲ, ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਕਰਨਦੀਪ ਯਾਦਵ ਨੂੰ ਬਿਹਾਰ ਤੋਂ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਕਮਿਸ਼ਨਰ ਦੇ ਅਨੁਸਾਰ, ਕਰਨਦੀਪ ਯਾਦਵ ਨੇ ਖੁਲਾਸਾ ਕੀਤਾ ਕਿ ਉਹ ਪਾਕਿਸਤਾਨ ਸਰਹੱਦ ਦੇ ਰਾਮਦਾਸ ਅਤੇ ਡੇਰਾ ਬਾਬਾ ਨਾਨਕ ਸੈਕਟਰਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਸੀ। ਇਸ ਤੋਂ ਇਲਾਵਾ, ਉਸਨੇ ਵਿਦੇਸ਼ਾਂ (ਅਮਰੀਕਾ/ਕੈਨੇਡਾ) ਵਿੱਚ ਸਥਿਤ ਆਪਰੇਟਰਾਂ ਨਾਲ ਆਪਣੇ ਸਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਪੁਲਿਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।
ਇੱਕ ਹੋਰ ਮਾਮਲੇ ਵਿੱਚ, ਛਾਉਣੀ ਥਾਣਾ, ਅੰਮ੍ਰਿਤਸਰ ਦੀ ਪੁਲਿਸ ਨੇ ਮੰਗਲ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾਹਵਾ, ਥਾਣਾ ਘਰਿੰਡਾ ਨੂੰ 1.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਛਾਉਣੀ ਥਾਣੇ ਵਿੱਚ ਮਾਮਲਾ ਨੰਬਰ 35 ਦਰਜ ਕੀਤਾ ਗਿਆ ਹੈ।