Punjab News: ਦੇਸ਼ ਵਿੱਚ ਇੱਕ ਵਾਰ ਫਿਰ ਕਿਸਾਨੀ(Kissan) ਅੰਦੋਲਨ ਨੂੰ ਲੈ ਕੇ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਹਰਿਆਣਾ ਅਤੇ ਪੰਜਾਬ ਵਿੱਚ ਟਰੈਕਟਰ ਮਾਰਚ ਕੱਢ ਰਹੇ ਹਨ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 13 ਫਰਵਰੀ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਵੀ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਸਰਹੱਦ 'ਤੇ ਕਿਸਾਨਾਂ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਦੇ ਨਾਲ-ਨਾਲ ਕੰਡਿਆਲੀ ਤਾਰ ਦੇ ਪ੍ਰਬੰਧ ਕੀਤੇ ਗਏ ਹਨ।
ਪ੍ਰਸ਼ਾਸਨ ਦੀ ਤਿਆਰੀ
ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਨੋਟਿਸ ਦੇਣ ਦੇ ਨਾਲ-ਨਾਲ ਸਖ਼ਤ ਚੇਤਾਵਨੀ ਵੀ ਦਿੱਤੀ ਗਈ ਹੈ। ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਅੰਦੋਲਨ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ। ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਇਸ ਅੰਦੋਲਨ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੁਕਮਾਂ ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਰਕਾਰੀ ਜਾਇਦਾਦ ਦੇ ਨੁਕਸਾਨ ਦਾ ਖਦਸ਼ਾ
ਪੁਲਿਸ ਨੇ ਅੰਦੋਲਨਕਾਰੀਆਂ ਵੱਲੋਂ ਸਰਕਾਰੀ ਜਾਇਦਾਦ ਅਤੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਐਸਪੀ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਂਦੇ ਹਨ ਤਾਂ ਅਦਾਲਤ ਦੇ ਜਨਤਕ ਸੰਪਤੀ ਨੂੰ ਨੁਕਸਾਨ ਰੋਕੂ ਐਕਟ 1984 (ਪੀਡੀਪੀਪੀ ਐਕਟ 1984) ਤਹਿਤ ਕਾਰਵਾਈ ਕੀਤੀ ਜਾਵੇਗੀ। ਇੰਨਾ ਹੀ ਨਹੀਂ ਪ੍ਰਾਪਰਟੀ ਡੈਮੇਜ ਰਿਕਵਰੀ ਐਕਟ 2021 ਦੇ ਤਹਿਤ ਸਰਕਾਰੀ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਜਾਇਦਾਦ ਕੁਰਕ ਕਰਕੇ ਅਤੇ ਬੈਂਕ ਖਾਤੇ ਜ਼ਬਤ ਕਰਕੇ ਕੀਤੀ ਜਾਵੇਗੀ।