menu-icon
Punjabi Story Line
  • Home
  • News
  • Punjab
  • Punjab Weather: 41 ਡਿਗਰੀ ਤੱਕ ਚੜ੍ਹਿਆ ਪਾਰਾ, ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਜਾਣੋ ਕਦੋਂ ਮਿਲੇਗੀ ਰਾਹਤ

Punjab Weather: 41 ਡਿਗਰੀ ਤੱਕ ਚੜ੍ਹਿਆ ਪਾਰਾ, ਗਰਮੀ ਨੇ ਲੋਕਾਂ ਨੂੰ ਕੀਤਾ ਬੇਹਾਲ, ਜਾਣੋ ਕਦੋਂ ਮਿਲੇਗੀ ਰਾਹਤ

ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਭਿਆਨਕ ਗਰਮੀ ਦਾ ਕਹਿਰ ਝੱਲਣਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚਣ ਨਾਲ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ। ਆਉਣ ਵਾਲੇ ਦਿਨਾਂ 'ਚ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। 

Date Updated Last Updated : 27 June 2026, 09:21 AM IST
Share:

ਅੰਮ੍ਰਿਤਸਰ: ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਭਿਆਨਕ ਗਰਮੀ ਕਾਰਨ ਸਾਹ ਲੈਣਾ ਔਖਾ ਹੋ ਗਿਆ। ਬੀਤੇ ਦਿਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਲੋਕ ਕਾਫ਼ੀ ਬੇਹਾਲ ਨਜ਼ਰ ਆਏ। ਉੱਥੇ ਆਉਣ ਵਾਲੇ ਚਾਰ ਦਿਨਾਂ 'ਚ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਤੇ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਵੀ ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।


ਸਭ ਤੋਂ ਗਰਮ ਰਿਹਾ ਪਟਿਆਲਾ
ਪੰਜਾਬ ਦੇ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੋਰ ਕਈ ਜ਼ਿਲ੍ਹਿਆਂ ਵਿੱਚ ਵੀ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਦਿਨ ਭਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਚਾਰ ਦਿਨਾਂ ਦੌਰਾਨ ਪੰਜਾਬ ਦੇ ਜ਼ਿਆਦਾਤਰ ਮੈਦਾਨੀ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਹਾਲਾਂਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।


ਅੱਜ ਦਾ ਤਾਪਮਾਨ
27 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ 'ਵਾਚ' ਸ਼੍ਰੇਣੀ ਦਾ ਅਲਰਟ ਜਾਰੀ ਕੀਤਾ ਹੈ, ਜਿਸ ਤਹਿਤ ਲੋਕਾਂ ਨੂੰ ਬਦਲਦੇ ਮੌਸਮ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

28 ਜੂਨ 
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਫਿਲਹਾਲ ਇਸ ਦਿਨ ਲਈ ਕਿਸੇ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

29 ਜੂਨ
ਇਸ ਦਿਨ ਪੱਛਮੀ ਗੜਬੜੀ ਦਾ ਪ੍ਰਭਾਵ ਮੁੱਖ ਤੌਰ 'ਤੇ ਉੱਤਰ-ਪੂਰਬੀ ਪੰਜਾਬ ਤੱਕ ਸੀਮਿਤ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਨਾ ਦੇ ਬਰਾਬਰ ਹੈ।

30 ਜੂਨ
ਮੌਸਮ ਦਾ ਰੁਝਾਨ ਲਗਭਗ ਇਸੇ ਤਰ੍ਹਾਂ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦਰਜ ਹੋ ਸਕਦੀ ਹੈ, ਜਦਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਉੱਥੇ ਵੀ ਹਰ ਥਾਂ ਬਾਰਿਸ਼ ਨਹੀਂ ਹੋਵੇਗੀ। ਸਿਰਫ਼ ਕੁਝ ਥਾਵਾਂ 'ਤੇ ਹੀ ਹਲਕੀਆਂ ਫੁਹਾਰਾਂ ਜਾਂ ਛਿੱਟੇ ਪੈ ਸਕਦੇ ਹਨ। ਇਸ ਲਈ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ ਅਤੇ ਤਾਪਮਾਨ ਆਉਣ ਵਾਲੇ ਦਿਨਾਂ ਵਿੱਚ ਵੀ ਉੱਚਾ ਬਣਿਆ ਰਹਿ ਸਕਦਾ ਹੈ।
 

Recent News