Courtesy: pinterest
ਅੰਮ੍ਰਿਤਸਰ: ਪੰਜਾਬ ਵਿੱਚ ਮਾਨਸੂਨ ਹੁਣ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 3 ਅਗਸਤ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ ਅਤੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਅੱਜ, ਸ਼ੁੱਕਰਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਵਰਖਾ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਲੋਕਾਂ ਨੂੰ ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਕਈ ਥਾਵਾਂ 'ਤੇ 12 ਸੈਂਟੀਮੀਟਰ ਤੋਂ ਵੱਧ ਵਰਖਾ ਹੋ ਸਕਦੀ ਹੈ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋਣ ਅਤੇ ਕੁਝ ਥਾਵਾਂ 'ਤੇ ਜਲਭਰਾਅ ਦੀ ਸਥਿਤੀ ਵੀ ਬਣ ਸਕਦੀ ਹੈ।
ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸਥਾਨਕ ਪ੍ਰਸ਼ਾਸਨ ਨੂੰ ਵੀ ਸਥਿਤੀ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
ਵੀਰਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਹੋਈ ਵਰਖਾ ਕਾਰਨ ਲੋਕਾਂ ਨੂੰ ਉਮਸ ਅਤੇ ਗਰਮੀ ਤੋਂ ਕਾਫ਼ੀ ਰਾਹਤ ਮਿਲੀ। ਪਟਿਆਲਾ ਵਿੱਚ 23.2 ਮਿਲੀਮੀਟਰ, ਪਠਾਨਕੋਟ ਵਿੱਚ 29.5 ਮਿਲੀਮੀਟਰ, ਰੂਪਨਗਰ ਵਿੱਚ 25.5 ਮਿਲੀਮੀਟਰ, ਨਵਾਂਸ਼ਹਿਰ ਵਿੱਚ 34 ਮਿਲੀਮੀਟਰ ਅਤੇ ਲੁਧਿਆਣਾ ਵਿੱਚ 26.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਮੌਸਮ ਸੁਹਾਵਣਾ ਬਣ ਗਿਆ।
ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤ 0.3 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਫ਼ਰੀਦਕੋਟ ਵਿੱਚ ਸਭ ਤੋਂ ਵੱਧ 37.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ।
ਮੌਸਮ ਵਿਭਾਗ ਦੇ ਅਨੁਸਾਰ 3 ਅਗਸਤ ਤੋਂ ਬਾਅਦ ਵੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ। ਹਾਲਾਂਕਿ, ਭਾਰੀ ਵਰਖਾ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ, ਪਰ ਮਾਨਸੂਨ ਦੀ ਸਰਗਰਮੀ ਜਾਰੀ ਰਹਿਣ ਦੇ ਆਸਾਰ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਦੌਰਾਨ ਬਿਜਲੀ ਦੀ ਚਮਕ, ਤੇਜ਼ ਹਵਾਵਾਂ ਅਤੇ ਜਲਭਰਾਅ ਵਾਲੇ ਇਲਾਕਿਆਂ ਤੋਂ ਸਾਵਧਾਨ ਰਹਿਣ। ਕਿਸਾਨਾਂ ਨੂੰ ਵੀ ਮੌਸਮ ਦੀ ਤਾਜ਼ਾ ਜਾਣਕਾਰੀ ਦੇ ਆਧਾਰ 'ਤੇ ਹੀ ਖੇਤੀਬਾੜੀ ਨਾਲ ਜੁੜੇ ਕੰਮ ਕਰਨ ਦੀ ਅਪੀਲ ਕੀਤੀ ਗਈ ਹੈ।