Courtesy: ai image
ਚੰਡੀਗੜ੍ਹ: ਪੰਜਾਬ ਵਿੱਚ ਅਜੇ ਮਾਨਸੂਨ ਸਰਗਰਮ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਆਉਣ ਵਾਲੇ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਅਤੇ ਬਿਜਲੀ ਗਰਜਣ ਤੇ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, ਪੰਜਾਬ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਲਈ ਅਨੁਕੂਲ ਮੌਸਮੀ ਹਾਲਾਤ ਹਨ। ਸਰਗਰਮ ਮੌਨਸੂਨ ਰੇਖਾ ਉੱਤਰੀ ਭਾਰਤ ਦੇ ਨੇੜੇ ਹੈ, ਜਦੋਂ ਕਿ ਇੱਕ ਪੱਛਮੀ ਗੜਬੜੀ ਵੀ ਹਿਮਾਚਲ ਪ੍ਰਦੇਸ਼ ਉੱਤੇ ਸਰਗਰਮ ਹੈ। ਇਨ੍ਹਾਂ ਦੋਵਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ, ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਲਈ ਬੱਦਲ, ਬਿਜਲੀ ਚਮਕਣ, ਗਰਜ-ਤੂਫਾਨ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਬੀਤੇ ਦਿਨ ਬਠਿੰਡਾ 37 ਡਿਗਰੀ ਸੈਲਸੀਅਸ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ।
ਪੰਜਾਬ ਵਿੱਚ ਅੱਜ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਆਉਣ ਵਾਲੇ 3 ਅਤੇ 4 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਕਈ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਉੱਥੇ ਹੀ, 5 ਅਗਸਤ ਨੂੰ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।