menu-icon
Punjabi Story Line
  • Home
  • News
  • Punjab
  • ਪੰਜਾਬ 'ਚ ਹੁਣ ਠੇਕੇਦਾਰ ਨਹੀਂ ਮਸ਼ੀਨਾਂ ਕਰਨਗੀਆਂ ਨਹਿਰਾਂ ਤੇ ਸੂਇਆਂ ਦੀ ਸਫ਼ਾਈ, ਸਰਕਾਰ ਨੇ ਖਰੀਦੀ ਕਰੋੜਾਂ ਦੀ ਮਸ਼ੀਨਰੀ 

ਪੰਜਾਬ 'ਚ ਹੁਣ ਠੇਕੇਦਾਰ ਨਹੀਂ ਮਸ਼ੀਨਾਂ ਕਰਨਗੀਆਂ ਨਹਿਰਾਂ ਤੇ ਸੂਇਆਂ ਦੀ ਸਫ਼ਾਈ, ਸਰਕਾਰ ਨੇ ਖਰੀਦੀ ਕਰੋੜਾਂ ਦੀ ਮਸ਼ੀਨਰੀ 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਇਸ ਨਾਲ 60 ਫੀਸਦੀ ਖਰਚ ਬਚੇਗਾ। ਨਾਲ ਹੀ ਉਹਨਾਂ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਚਿਤਾਵਨੀ ਦਿੱਤੀ ਕਿ ਘੱਟ ਰਿਐਲਟੀ ਭਰਾਉਣ ਵਾਲੇ ਅਧਿਕਾਰੀ ਵੀ ਬਖਸ਼ੇ ਨਹੀਂ ਜਾਣਗੇ। 

Date Updated Last Updated : 09 January 2024, 09:40 PM IST
Share:

ਹਾਈਲਾਈਟਸ

  • ਸਰਕਾਰ ਕੋਲੋਂ ਇਸ ਕੰਮ ਬਦਲੇ ਕਰੋੜਾਂ ਰੁਪਏ ਲੈਂਦੇ ਸੀ।
  • ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ।
ਪੰਜਾਬ ਨਿਊਜ।   ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਨੂੰ ਭਰਨ ਲਈ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਚੋਂ ਇੱਕ ਉਪਰਾਲਾ ਇਹ ਵੀ ਹੈ ਕਿ ਸਰਕਾਰ ਬਹੁਤ ਛੇਤੀ ਨਹਿਰੀ ਖੇਤਰਾਂ ਦੀ ਸਫ਼ਾਈ ਦਾ ਕੰਮ ਵਿਭਾਗੀ ਪੱਧਰ 'ਤੇ ਮਸ਼ੀਨਾਂ ਨਾਲ ਕਰਾਉਣ ਜਾ ਰਹੀ ਹੈ। ਇਸ ਨਾਲ ਠੇਕੇਦਾਰਾਂ ਦੀ ਛੁੱਟੀ ਹੋ ਜਾਵੇਗੀ ਜੋ ਸਰਕਾਰ ਕੋਲੋਂ ਇਸ ਕੰਮ ਬਦਲੇ ਕਰੋੜਾਂ ਰੁਪਏ ਲੈਂਦੇ ਸੀ। ਨਾਲ ਹੀ ਸਰਕਾਰ ਨੂੰ ਬੱਚਤ ਵੀ ਹੋਵੇਗੀ। ਸੂਬਾ ਸਰਕਾਰ ਨੇ ਇਸਨੂੰ ਸ਼ੁਰੂ ਕਰਨ ਲਈ ਮਸ਼ੀਨਰੀ ਖਰੀਦ ਲਈ ਹੈ। 
ਨਹਿਰੀ ਪਾਣੀ ਦਾ ਢਾਂਚਾ ਤਬਾਅ 
ਪੰਜਾਬ ਦੇ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣ ਦੇ ਉਪਰਾਲੇ ਕਰ ਰਹੀ ਹੈ।  ਇਹ ਕੰਮ ਕੇਵਲ ਤੇ ਕੇਵਲ ਨਹਿਰੀ ਪਾਣੀ ਦੀ ਵਰਤੋਂ ਕਰਕੇ ਹੀ ਹੋ ਸਕਦਾ ਹੈ।  ਇਸ ਮੁੱਦੇ ਉਤੇ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਉਤੇ ਸਦਾ ਕੰਨ ਵਲੇਟੀ ਰੱਖੇ ਹਨ। ਜਿਸ ਕਾਰਨ ਨਹਿਰੀ ਪਾਣੀ ਦਾ ਸਾਰਾ ਢਾਂਚਾ ਲਗਭਗ ਤਬਾਅ ਹੋ ਗਿਆ ਸੀ, ਜਿਸ ਨੂੰ ਇਸ ਸਾਉਣੀ ਸੀਜ਼ਨ ਦੌਰਾਨ ਪੂਰੀ ਤਰ੍ਹਾਂ ਲੀਹ ਉਤੇ ਲਿਆ ਕੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇਗਾ।
ਹਰ ਖੇਤ ਤੱਕ ਪਹੁੰਚੇਗਾ ਨਹਿਰੀ ਪਾਣੀ 
ਕੈਬਨਿਟ ਮੰਤਰੀ ਨੇ ਇਹ ਹਦਾਇਤ ਕੀਤੀ ਕਿ ਸੀਜ਼ਨ ਤੋਂ ਬਿਨ੍ਹਾਂ ਜਦੋਂ ਨਹਿਰਾਂ, ਸੂਇਆਂ ਵਿੱਚ ਆਉਂਦਾ ਪਾਣੀ ਫਸਲਾਂ ਲਈ ਨੁਕਸਾਨਦੇਹ ਸਾਬਤ ਹੁੰਦਾ ਹੈ, ਉਸਦੀ ਵਰਤੋਂ ਧਰਤੀ ਹੇਠਲੇ ਪਾਣੀ ਦੀ ਰੀ-ਚਾਰਜਿੰਗ ਲਈ ਕਰਨ ਵਾਸਤੇ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਕੋੋਈ ਵੀ ਕੰਮ ਲੰਬਿਤ ਨਾ ਰੱਖਣ, ਸਗੋਂ ਜੋ ਕੰਮ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੋ ਸਕਦੇ, ਉਸ ਲਈ ਵੱਡੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖ ਕੇ ਇਹ ਕੰਮ ਪੂਰੇ ਕੀਤੇ ਜਾਣ ਤਾਂ ਜੋ ਹਰੇਕ ਖੇਤ ਤੱਕ ਨਹਿਰਾਂ ਦਾ ਪਾਣੀ ਸਮੇਂ ਸਿਰ ਪੁੱਜਦਾ ਕੀਤਾ ਜਾ ਸਕੇ।
ਠੇਕੇਦਾਰ ਕਰਦੇ ਸੀ ਖਾਨਾਪੂਰਤੀ 
ਕੈਬਨਿਟ ਮੰਤਰੀ ਨੇ ਦੱਸਿਆ ਕਿ ਨਹਿਰਾਂ, ਸੂਇਆਂ ਤੇ ਡਰੇਨਾਂ ਦੀ ਸਫਾਈ ਵਾਸਤੇ ਸਰਕਾਰ ਨੇ 10 ਵੱਡੀਆਂ ਮਸ਼ੀਨਾਂ ਦੀ ਖਰੀਦ ਕਰ ਲਈ ਹੈ। ਜੇਕਰ ਹੋਰ ਲੋੜ ਮਹਿਸੂਸ ਹੋਈ ਤਾਂ ਹੋਰ ਮਸ਼ੀਨਰੀ ਖਰੀਦ ਕਰਕੇ ਇਹ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਸਰਕਾਰਾਂ ਇਹ ਕੰਮ ਠੇਕੇਦਾਰਾਂ ਤੋਂ ਕਰਵਾਉਂਦੀਆਂ ਸਨ, ਜੋ ਕੰਮ ਦੀ ਖਾਨਾਪੂਰਤੀ ਕਰਦੇ ਸਨ ਪਰ ਹੁਣ ਮਸ਼ੀਨਾਂ ਖਰੀਦ ਲੈਣ ਨਾਲ ਖਰਚ ਵਿਚ 60 ਫੀਸਦੀ ਬੱਚਤ ਹੋਈ ਹੈ ਅਤੇ ਕੰਮ ਵੀ ਵਧੀਆ ਹੋਣ ਲੱਗਾ ਹੈ।
ਨਾਜਾਇਜ਼ ਮਾਈਨਿੰਗ ਬਰਦਾਸ਼ਤ ਨਹੀਂ ਹੋਵੇਗੀ 
ਜੌੜੇਮਾਜਰਾ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਸੂਬੇ ਅੰਦਰ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖਕੇ ਇਸਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢਿੱਲ ਵਰਤੀ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 

Recent News