ਪੰਜਾਬ ਨਿਊਜ਼। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦੇ ਮਾਮਲੇ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਵੱਲੋਂ ਗੁਰਸ਼ੇਰ ਸਿੰਘ ਵਿਰੁੱਧ ਕਾਰਵਾਈ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਬਰਖਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ। ਇਸ ਦੌਰਾਨ ਗੁਰਸ਼ੇਰ ਸਿੰਘ ਦੇ ਵਿਦੇਸ਼ ਫਰਾਰ ਹੋਣ ਤੋਂ ਬਾਅਦ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਦਰਅਸਲ ਪਿਛਲੇ ਹਫ਼ਤੇ ਹੀ ਗ੍ਰਹਿ ਵਿਭਾਗ ਨੇ ਡੀਐਸਪੀ ਦੀ ਬਰਖਾਸਤਗੀ ਦੀ ਫਾਈਲ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੂੰ ਭੇਜ ਦਿੱਤੀ ਸੀ। ਹਾਲ ਹੀ ਵਿੱਚ ਸੂਬਾ ਸਰਕਾਰ ਨੇ ਹਾਈ ਕੋਰਟ ਵਿੱਚ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਗੁਰਸ਼ੇਰ ਸਿੰਘ ਨੂੰ ਬਰਖ਼ਾਸਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਡੀਐਸਪੀ ਪਿਛਲੇ ਸਾਲ ਅਕਤੂਬਰ ਤੋਂ ਮੁਅੱਤਲ ਸੀ। ਦੱਸ ਦਈਏ ਕਿ ਲਾਰੈਂਸ ਦੀ ਇੰਟਰਵਿਊ ਦੇ ਮਾਮਲੇ 'ਚ ਹਾਈਕੋਰਟ ਨੇ ਹੇਠਲੇ ਅਧਿਕਾਰੀਆਂ ਖਿਲਾਫ ਕੀਤੀ ਗਈ ਕਾਰਵਾਈ 'ਤੇ ਇਤਰਾਜ਼ ਜਤਾਉਂਦੇ ਹੋਏ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਹਾਈਕੋਰਟ ਨੇ ਕਿਹਾ ਸੀ ਕਿ ਸੀਨੀਅਰ ਅਧਿਕਾਰੀਆਂ ਨੂੰ ਬਚਾਉਣ ਲਈ ਹੇਠਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।