ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ 31 ਮਾਰਚ ਤੱਕ E-KYC ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼

ਇਹ ਪ੍ਰਗਟਾਵਾ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਆਰ.ਐਮ.ਐਸ. 2025-26 ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

Courtesy: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ

Share:

ਪੰਜਾਬ ਸਰਕਾਰ ਆਗਾਮੀ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2025-26 ਲਈ ਲੋੜੀਂਦੀ ਸਟੋਰੇਜ ਸਪੇਸ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਜ਼ਿਲਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਵੱਲੋਂ ਪਿਛਲੇ ਸਾਉਣੀ ਸੀਜ਼ਨ ਨਾਲ ਸਬੰਧਿਤ ਚੌਲਾਂ ਦੀ ਮਿੱਲਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਹਾੜ੍ਹੀ ਸੀਜ਼ਨ 2025-26 ਦੌਰਾਨ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਕਣਕ ਦੀ ਸੁਚੱਜੀ ਸਟੋਰੇਜ ਲਈ ਢੁੱਕਵੀਆਂ ਬਦਲਵੀਆਂ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਭਵਨ ਵਿਖੇ ਆਰ.ਐਮ.ਐਸ. 2025-26 ਸਬੰਧੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

31 ਮਾਰਚ ਤੋਂ ਮੁਕੰਮਲ ਹੋਣਾ ਚਾਹੀਦਾ ਕੰਮ

ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਇਸ ਸਾਲ 31 ਮਾਰਚ ਤੋਂ ਪਹਿਲਾਂ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਦਿੱਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਜਨ ਅੰਦੋਲਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਚੱਲ ਰਹੇ ਐਨ.ਐਫ.ਐਸ.ਏ./ਪੀ.ਐਮ.ਜੀ.ਕੇ.ਏ.ਵਾਈ ਚੱਕਰ ਦੀ ਕਣਕ ਦੀ ਵੰਡ ਵੀ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 31 ਮਾਰਚ ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਲਈ ਜਾਵੇ।

124 ਲੱਖ ਮੀਟ੍ਰਿਕ ਟਨ ਕਣਕ ਦਾ ਟੀਚਾ 

ਇਸ ਮੌਕੇ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ, 1864 ਨਿਯਮਿਤ ਖਰੀਦ ਕੇਂਦਰ ਖੋਲ੍ਹੇ ਗਏ ਹਨ ਅਤੇ ਸਾਰੀ ਉਪਜ ਦੀ ਖਰੀਦ 2425 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕੀਤੀ ਜਾਵੇਗੀ। ਮੰਤਰੀ ਨੂੰ ਦੱਸਿਆ ਗਿਆ ਕਿ ਲੋੜੀਂਦੀ ਮਾਤਰਾ ਦੇ 75 ਫ਼ੀਸਦ ਤੱਕ ਬਾਰਦਾਨਾ ਪ੍ਰਾਪਤ ਹੋ ਗਿਆ ਹੈ ਅਤੇ 10 ਅਪ੍ਰੈਲ ਤੱਕ ਵੂਡਨ ਕਰੇਟਸ (ਲੱਕੜ ਦੇ ਬਕਸੇ) ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਲਈ ਸਮੇਂ ਸਿਰ ਅਦਾਇਗੀਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ ਅਤੇ ਢੁਕਵੀਂ ਲੇਬਰ ਦੇ ਨਾਲ-ਨਾਲ ਢੋਆ-ਢੁਆਈ ਦੇ ਸੁਚੱਜੇ ਪ੍ਰਬੰਧ ਕਰਨ ਦੇ ਨਾਲ ਨਾਲ ਹਰ ਲੈਣ-ਦੇਣ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਕਣਕ ਦੇ ਖਰੀਦ ਸੀਜ਼ਨ 2025-26 ਨੂੰ ਸਫਲ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ

ਇਹ ਵੀ ਪੜ੍ਹੋ