ਪੰਜਾਬ ਦੀਆਂ 40 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਅੱਜ ਰਕਮ ਪਹੁੰਚ ਗਈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਕਾਰ ਯੋਜਨਾ' ਤਹਿਤ ਪੰਜਾਬ ਭਰ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਆਰਥਿਕ ਸਹਾਇਤਾ ਦਿੱਤੀ ਹੈ। ਇਸ ਯੋਜਨਾ ਦੇ ਤਹਿਤ ਆਮ ਵਰਗ ਦੀਆਂ ਔਰਤਾਂ ਨੂੰ 3,000 ਰੁਪਏ ਅਤੇ SC ਵਰਗ ਦੀਆਂ ਔਰਤਾਂ ਨੂੰ 4,500 ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕੀਤੇ ਗਏ।
ਪਠਾਨਕੋਟ ਦੇ ਬੁੰਗਲ ਸਥਿਤ ਵ੍ਹਾਈਟ ਮੈਡੀਕਲ ਕਾਲਜ ਵਿਖੇ ਆਯੋਜਿਤ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, "ਮੈਨੂੰ ਪਹਿਲਾਂ ਕੋਈ ਨਹੀਂ ਜਾਣਦਾ ਸੀ, ਪਰ ਪੰਜਾਬ ਦੀਆਂ ਭੈਣਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ। ਹੁਣ ਜੇ ਉਨ੍ਹਾਂ ਦੇ ਫੋਨ 'ਤੇ ਟੂੰ-ਟੂੰ (ਪੈਸੇ ਆਉਣ ਦੀ ਰਿੰਗ) ਨਾ ਕਰਵਾਈਏ ਤਾਂ ਸਾਡੀ ਜ਼ਿੰਮੇਵਾਰੀ ਕਿਵੇਂ ਪੂਰੀ ਹੋਈ?"
CM ਮਾਨ ਨੇ ਇਸ ਮੌਕੇ ਸਪੱਸ਼ਟ ਕੀਤਾ ਕਿ ਔਰਤਾਂ ਨੂੰ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਨੂੰ ਕਿਸੇ ਖੈਰਾਤ ਜਾਂ ਉਪਕਾਰ ਵਜੋਂ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, "ਇਹ ਰਕਮ ਉਨ੍ਹਾਂ ਦੇ ਸਤਿਕਾਰ, ਆਤਮ-ਨਿਰਭਰਤਾ ਅਤੇ ਆਰਥਿਕ ਸ਼ਕਤੀਕਰਨ ਦੀ ਦਿਸ਼ਾ ਵਿੱਚ ਸਾਡੀ ਸਰਕਾਰ ਦਾ ਇੱਕ ਛੋਟਾ ਜਿਹਾ ਯਤਨ ਹੈ।" ਉਨ੍ਹਾਂ ਇਹ ਵੀ ਕਿਹਾ ਕਿ 1500 ਰੁਪਏ ਮਹੀਨਾ ਕਿਸੇ ਨੂੰ ਅਮੀਰ ਨਹੀਂ ਬਣਾ ਸਕਦੇ, ਪਰ ਇਹ ਰਕਮ ਇੱਕ ਔਰਤ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦਾ ਭਰੋਸਾ ਜ਼ਰੂਰ ਦਿੰਦੀ ਹੈ।
ਯੋਜਨਾ ਦੇ ਇਸ ਪੜਾਅ ਵਿੱਚ ਪਹਿਲੀ ਵਾਰ ਲਾਭਪਾਤਰੀ ਔਰਤਾਂ ਨੂੰ ਤਿੰਨ ਮਹੀਨਿਆਂ (ਜੁਲਾਈ, ਅਗਸਤ, ਸਤੰਬਰ) ਦੀ ਰਕਮ ਇੱਕੋ ਵਾਰ ਟ੍ਰਾਂਸਫਰ ਕੀਤੀ ਗਈ ਹੈ। ਪਹਿਲਾਂ ਹੀ ਪੰਜਾਬ ਦੀਆਂ 32 ਲੱਖ ਔਰਤਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲ ਚੁੱਕਾ ਹੈ। ਹੁਣ ਇਹ ਗਿਣਤੀ ਵਧ ਕੇ 40 ਲੱਖ ਹੋ ਗਈ ਹੈ। ਜਿਨ੍ਹਾਂ ਔਰਤਾਂ ਨੇ ਬਾਅਦ ਵਿੱਚ ਅਰਜ਼ੀ ਦਿੱਤੀ ਹੈ, ਉਨ੍ਹਾਂ ਨੂੰ ਵੀ ਜਲਦੀ ਹੀ ਉਨ੍ਹਾਂ ਦੀ ਬਣਦੀ ਰਕਮ ਮਿਲ ਜਾਵੇਗੀ।
ਇਸ ਯੋਜਨਾ ਨੂੰ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਸਰਕਾਰ ਦੀ ਸਭ ਤੋਂ ਵੱਡੀ ਗਾਰੰਟੀ ਮੰਨਿਆ ਜਾ ਰਿਹਾ ਹੈ। ਇਸ ਵਾਰ 40 ਲੱਖ ਔਰਤਾਂ ਨੂੰ ਰਕਮ ਦੇਣ ਤੋਂ ਬਾਅਦ ਆਪ ਸਰਕਾਰ ਕੁੱਲ 98 ਲੱਖ ਵਿੱਚੋਂ 72 ਲੱਖ ਔਰਤਾਂ ਨੂੰ ਇਸ ਯੋਜਨਾ ਨਾਲ ਜੋੜ ਚੁੱਕੀ ਹੈ। CM ਮਾਨ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਔਰਤਾਂ ਨੂੰ ਵੀ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
CM ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ ਆਰਥਿਕ ਤੌਰ 'ਤੇ ਸ਼ਕਤੀਸ਼ਾਲੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਕਿਸੇ ਚੋਣ-ਜਾਲ ਤੋਂ ਪਹਿਲਾਂ ਦਾ ਵਾਅਦਾ ਨਹੀਂ, ਸਗੋਂ ਔਰਤਾਂ ਨੂੰ ਸਮਾਜ ਵਿੱਚ ਸਤਿਕਾਰਯੋਗ ਸਥਿਤੀ ਦੇਣ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਦੀ ਲੰਮੀ ਮੁਹਿੰਮ ਦਾ ਹਿੱਸਾ ਹੈ। ਇਸ ਰਕਮ ਨਾਲ ਔਰਤਾਂ ਆਪਣੀਆਂ ਛੋਟੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰ ਸਕਣਗੀਆਂ।
ਆਪਣੇ ਸੰਬੋਧਨ ਦੌਰਾਨ CM ਮਾਨ ਨੇ ਵਿਰੋਧੀ ਧਿਰਾਂ 'ਤੇ ਵੀ ਬਾਣ ਚਲਾਏ। ਉਨ੍ਹਾਂ ਕਿਹਾ ਕਿ ਕੁਝ ਲੋਕ ਇਸ ਯੋਜਨਾ ਦਾ ਮਜ਼ਾਕ ਉਡਾਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਔਰਤਾਂ ਦੇ ਦੁੱਖ-ਸੁੱਖ ਨੂੰ ਨਹੀਂ ਸਮਝਦੇ। ਉਨ੍ਹਾਂ ਕਿਹਾ, "ਜੋ ਲੋਕ ਔਰਤਾਂ ਨੂੰ 1500 ਰੁਪਏ ਦੇਣ ਦਾ ਵਿਰੋਧ ਕਰ ਰਹੇ ਹਨ, ਉਹ ਅਸਲ ਵਿੱਚ ਔਰਤਾਂ ਦੀ ਤਰੱਕੀ ਨੂੰ ਹੀ ਨਹੀਂ ਚਾਹੁੰਦੇ।"
ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਔਰਤਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਔਰਤਾਂ ਦੇ ਜੀਵਨ ਵਿੱਚ ਇੱਕ ਵੱਡਾ ਬਦਲਾਅ ਲਿਆਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਸੁਜਾਨਪੁਰ ਇੰਚਾਰਜ ਸਵਰਨ ਸਲਾਰੀਆ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ, ਕਾਰਕੁਨ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ। ਸਮਾਗਮ ਦੌਰਾਨ ਔਰਤਾਂ ਵੱਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੇ ਇਸ ਯੋਜਨਾ ਨੂੰ ਇਤਿਹਾਸਕ ਦੱਸਿਆ।