ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਰਾਜ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਰੇਲਵੇ ਸਟੇਸ਼ਨ / ਬੱਸ ਅੱਡਿਆਂ ’ਤੇ ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਅਗਵਾਈ ਵਾਲੀਆਂ ਘੱਟੋ-ਘੱਟ ਦੋ ਮਜ਼ਬੂਤ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਰੇਂਜ ਅਧਿਕਾਰੀਆਂ ਨੂੰ ਇਸ ਕਾਰਵਾਈ ਦੀ ਮੁਕੰਮਲ ਨਿਗਰਾਨੀ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕਰਨ ਅਤੇ ਉਨ੍ਹਾਂ ਦੇ ਪਿਛੋਕੜ ਦੀ ਤਫ਼ਤੀਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।”
21 ਮੁਕੱਦਮੇ ਕੀਤੇ ਗਏ ਦਰਜ
ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਸ਼ਨਾਖਤ ਲਈ ਸੂਬੇ ਭਰ ’ਚ ਲਗਭਗ 500 ਪੁਲਿਸ ਟੀਮਾਂ, ਜਿਨ੍ਹਾਂ ਵਿੱਚ 4000 ਤੋਂ ਵੱਧ ਪੁਲਿਸ ਕਰਮੀ ਸ਼ਾਮਲ ਸਨ, ਨੇ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਅਤੇ ਇਸ ਦੌਰਾਨ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ । ਉਨ੍ਹਾਂ ਕਿਹਾ ਕਿ ਸੂਬੇ ਦੇ 134 ਬੱਸ ਅੱਡਿਆਂ ਅਤੇ 181 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਪਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਪੁਲਿਸ ਟੀਮਾਂ ਨੇ 21 ਐਫਆਈਆਰਜ਼ ਦਰਜ ਕਰਕੇ 24 ਅਪਰਾਧਿਕ ਤੱਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।