ਪੰਜਾਬ ਨਿਊਜ਼। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਸਬੰਧੀ ਪੰਜਾਬ ਭਵਨ ਵਿਖੇ ਕਿਸਾਨਾਂ ਅਤੇ ਹੋਰ ਖੇਤੀ ਮਾਹਿਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਨੀਤੀ ਦੇ ਨਾਂ 'ਤੇ ਰੱਦ ਕੀਤੇ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇਕਰ ਇਸ ਨੀਤੀ ਨੂੰ ਲਾਗੂ ਕੀਤਾ ਗਿਆ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਬੁਲਾ ਕੇ ਇਨ੍ਹਾਂ ਨੂੰ ਰੱਦ ਕੀਤਾ ਜਾਵੇ।
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਕੇਂਦਰ ਵੱਲੋਂ 2021 ਵਿੱਚ ਵਾਪਿਸ ਲਏ ਗਏ ਖੇਤੀ ਕਾਨੂੰਨਾਂ ਅਨੁਸਾਰ ਹੀ ਇਸ ਖਰੜੇ ਨੂੰ ਬਣਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਹ ਖਰੜਾ 25 ਨਵੰਬਰ ਨੂੰ ਪੰਜਾਬ ਸਰਕਾਰ ਨੂੰ ਭੇਜਿਆ ਸੀ ਅਤੇ ਇਸ ਦਾ ਜਵਾਬ 10 ਦਸੰਬਰ ਨੂੰ ਦਿੱਤਾ ਜਾਣਾ ਸੀ। ਪੰਜਾਬ ਸਰਕਾਰ ਨੇ ਇਸ ਦਾ ਜਵਾਬ ਦੇਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਇਸ ਰਾਹੀਂ ਭੋਜਨ ਸੁਰੱਖਿਆ ਕਾਰਪੋਰੇਟਾਂ ਦੇ ਹੱਥਾਂ ਵਿੱਚ ਦਿੱਤੀ ਜਾ ਰਹੀ ਹੈ। ਇਸ ਕਾਰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ, ਆੜ੍ਹਤੀ, ਟਰਾਂਸਪੋਰਟਰ ਅਤੇ ਮੰਡੀ ਵੀ ਪ੍ਰਭਾਵਿਤ ਹੋਵੇਗੀ।