Courtesy: ਕੈਬਨਿਟ ਮੰਤਰੀ ਹਰਭਜਨ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਇੱਕ ਯੂਨੀਵਰਸਿਟੀ ਦੇ ਸਮਾਗਮ 'ਚ ਪੁੱਜੇ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਵਚਨਬੱਧ ਹੈ। ਰਾਜ ਸਰਕਾਰ ਵੱਲੋਂ ਆਪਣੇ ਪਹਿਲੇ ਤਿੰਨ ਸਾਲਾਂ ਦੌਰਾਨ ਹੀ 50 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼ ਤੋਂ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇੱਕ ਯੂਨੀਵਰਸਿਟੀ ਦੇ 12ਵੇਂ ਡਿਗਰੀ ਵੰਡ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਪੰਜਾਬ ਸਰਕਾਰ ਦੀਆਂ ਹੋਰ ਉਪਲਬਧੀਆਂ ਵੀ ਗਿਣਾਈਆਂ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦਾ 90 ਫੀਸਦੀ ਘਰਾਂ ਨੂੰ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਜਿਥੇ ਵੱਖ-ਵੱਖ ਵਿਭਾਗਾਂ ਵਿੱਚ 6000 ਹੋਰ ਨੌਕਰੀਆਂ ਦੇਣ ਨੂੰ ਮਨਜੂਰੀ ਦਿੱਤੀ ਗਈ ਹੈ ਉਥੇ ਹੀ 14 ਹਜ਼ਾਰ ਕਰੋੜ ਨਾਲ ਮੁਲਾਜ਼ਮ ਵਰਗ ਦੇ ਪਿਛਲੇ ਲੰਮੇਂ ਸਮੇਂ ਤੋਂ ਲੰਬਿਤ ਚੱਲ ਰਹੇ ਬਕਾਇਆਂ ਦੀ ਅਦਾਇਗੀ ਕਰਨ ਨੂੰ ਵੀ ਮਨਜੂਰੀ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤਿੰਨ ਲੱਖ ਮੁਲਾਜ਼ਮਾਂ ਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਫੈਸਲੇ ਲੈ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਡਿਗਰੀ ਵੰਡ ਸਮਾਰੋਹ ਵਿਦਿਆਰਥੀ ਜੀਵਨ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਦੀ ਬਿਹਤਰੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।