ਚੰਡੀਗੜ੍ਹ: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਐਲਾਨ ਕੀਤਾ ਹੈ ਕਿ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਹੇਠ ਲਿਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਸਰਕਾਰ ਵੱਲੋਂ 40 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਡੀਐਸਆਰ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪਾਣੀ ਦੀ ਬਚਤ ਅਤੇ ਕਿਸਾਨਾਂ ਦੀ ਲਾਗਤ ਘਟਾਉਣਾ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਸਾਲ 2025-26 ਦੌਰਾਨ 23,410 ਕਿਸਾਨਾਂ ਨੇ ਡੀਐਸਆਰ ਤਕਨੀਕ ਅਪਣਾਈ ਸੀ। ਇਸ ਦੌਰਾਨ 2,35,899 ਏਕੜ ਰਕਬਾ ਇਸ ਯੋਜਨਾ ਹੇਠ ਆਇਆ। ਪੰਜਾਬ ਸਰਕਾਰ ਵੱਲੋਂ ਯੋਗ ਕਿਸਾਨਾਂ ਨੂੰ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਸਕੀਮ ਨਹੀਂ, ਸਗੋਂ ਪੰਜਾਬ ਦੇ ਭੂਮੀਗਤ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਦੀ ਅਗਵਾਈ ਵਾਲੀ ਵੱਡੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਿਸਾਨਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਸਰਕਾਰ ਨੇ ਇਸ ਯੋਜਨਾ ਦਾ ਦਾਇਰਾ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ।
ਸਰਕਾਰ ਵੱਲੋਂ ਡੀਐਸਆਰ ਤਕਨੀਕ ਲਈ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਰਜਿਸਟ੍ਰੇਸ਼ਨ ਕਰਵਾ ਕੇ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।
ਸ. ਖੁੱਡੀਆਂ ਨੇ ਦੱਸਿਆ ਕਿ ਡੀਐਸਆਰ ਤਕਨੀਕ ਨਾਲ ਪਨੀਰੀ ਲਗਾਉਣ ਦੀ ਲੋੜ ਘੱਟ ਜਾਂਦੀ ਹੈ। ਇਸ ਨਾਲ ਸਿੰਚਾਈ ਲਈ ਪਾਣੀ ਦੀ ਵਰਤੋਂ ਵਿੱਚ 15 ਤੋਂ 20 ਫੀਸਦੀ ਤੱਕ ਕਮੀ ਆਉਂਦੀ ਹੈ ਅਤੇ ਮਜ਼ਦੂਰੀ ਖਰਚ ਵੀ ਘੱਟ ਹੁੰਦਾ ਹੈ। ਇਸ ਤਕਨੀਕ ਨੂੰ ਪੰਜਾਬ ਵਿੱਚ ਵਾਤਾਵਰਣ-ਪੱਖੀ ਖੇਤੀ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।