Courtesy: ai image
ਅੰਮ੍ਰਿਤਸਰ: ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਗਰਮੀ ਤੋਂ ਲੋਕਾਂ ਨੂੰ ਹੁਣ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਤਾਜ਼ਾ ਅਨੁਮਾਨ ਮੁਤਾਬਕ 1 ਜੁਲਾਈ ਤੋਂ ਸੂਬੇ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਨਾਲ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ਵਿੱਚ ਭਾਰੀ ਵਰਖਾ ਦੀ ਵੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲ ਸਕਦੀ ਹੈ।
ਸੋਮਵਾਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਭਾਵੇਂ ਤਾਪਮਾਨ ਵਿੱਚ ਹਲਕੀ ਕਮੀ ਦਰਜ ਕੀਤੀ ਗਈ, ਪਰ ਗਰਮੀ ਦਾ ਅਸਰ ਬਰਕਰਾਰ ਰਿਹਾ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 0.6 ਡਿਗਰੀ ਦੀ ਕਮੀ ਆਈ, ਪਰ ਇਹ ਅਜੇ ਵੀ ਆਮ ਨਾਲੋਂ ਲਗਭਗ 1.9 ਡਿਗਰੀ ਵੱਧ ਹੈ।
ਬਠਿੰਡਾ ਦਾ ਤਾਪਮਾਨ 44.4°C, ਫ਼ਰੀਦਕੋਟ ਦਾ ਤਾਪਮਾਨ 41.0°C, ਫ਼ਾਜ਼ਿਲਕਾ ਦਾ ਤਾਪਮਾਨ 41.0°C, ਫ਼ਿਰੋਜ਼ਪੁਰ ਦਾ ਤਾਪਮਾਨ 40.7°C, ਰੂਪਨਗਰ (ਆਨੰਦਪੁਰ ਸਾਹਿਬ ਖੇਤਰ) ਦਾ ਤਾਪਮਾਨ 40.6°C, ਪਟਿਆਲਾ ਦਾ ਤਾਪਮਾਨ 39.9°C, ਮੋਗਾ ਦਾ ਤਾਪਮਾਨ 39.0°C, ਅੰਮ੍ਰਿਤਸਰ ਦਾ ਤਾਪਮਾਨ 37.9°C, ਲੁਧਿਆਣਾ ਦਾ ਤਾਪਮਾਨ 37.8°C, ਗੁਰਦਾਸਪੁਰ ਦਾ ਤਾਪਮਾਨ 37.5°C, ਪਠਾਨਕੋਟ ਦਾ ਤਾਪਮਾਨ 36.9°C, ਹੁਸ਼ਿਆਰਪੁਰ 'ਚ 36.2°C, ਰੋਪੜ 'ਚ 38.0°C, ਮੋਹਾਲੀ ਦਾ ਤਾਪਮਾਨ 38.0°C ਰਿਹਾ।
ਮੰਗਲਵਾਰ, 30 ਜੂਨ ਨੂੰ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਵਿਸ਼ੇਸ਼ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਹਾਲਾਂਕਿ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ।
1 ਜੁਲਾਈ ਤੋਂ ਮੌਸਮ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸਮੇਤ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਮੋਗਾ, ਫ਼ਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਲਈ ਫਿਲਹਾਲ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
2 ਜੁਲਾਈ ਨੂੰ ਵੀ ਉੱਤਰੀ, ਮੱਧ ਅਤੇ ਪੂਰਬੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗਰਜ-ਚਮਕ ਦਾ ਦੌਰ ਜਾਰੀ ਰਹਿ ਸਕਦਾ ਹੈ। ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਦਰਮਿਆਨੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
3 ਜੁਲਾਈ ਨੂੰ ਵੀ ਸੂਬੇ ਦੇ ਜ਼ਿਆਦਾਤਰ ਮੱਧ, ਉੱਤਰੀ ਅਤੇ ਪੂਰਬੀ ਇਲਾਕਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਰਹੇਗੀ। ਇਸ ਕਾਰਨ ਤਾਪਮਾਨ ਵਿੱਚ ਹੋਰ ਕਮੀ ਆ ਸਕਦੀ ਹੈ ਅਤੇ ਲਗਾਤਾਰ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।
ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਪ੍ਰੀ-ਮਾਨਸੂਨ ਗਤੀਵਿਧੀਆਂ ਦੇ ਸਰਗਰਮ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਬੱਦਲ ਛਾਏ ਰਹਿਣ ਅਤੇ ਰੁਕ-ਰੁਕ ਕੇ ਮੀਂਹ ਪੈਣ ਨਾਲ ਤਾਪਮਾਨ ਘਟੇਗਾ, ਜਿਸ ਨਾਲ ਨਾ ਸਿਰਫ਼ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਖੇਤੀਬਾੜੀ ਅਤੇ ਬਿਜਲੀ ਦੀ ਵਧਦੀ ਮੰਗ 'ਤੇ ਵੀ ਸਕਾਰਾਤਮਕ ਅਸਰ ਪੈਣ ਦੀ ਉਮੀਦ ਹੈ।