ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਵੱਲੋਂ ਸਿੱਖ ਧਰਮ ਦੇ ਗਲੋਬਲ ਪਸਾਰ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀਆਂ ਜੜ੍ਹਾਂ ਨਾਲ ਜੋੜਨ ਲਈ ਅਮਰੀਕਾ ਵਿੱਚ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਵਿੱਚ ਵਫ਼ਦ ਅਮਰੀਕਾ ਪਹੁੰਚਿਆ, ਜਿੱਥੇ ਉਥੋਂ ਦੀਆਂ ਪ੍ਰਮੁੱਖ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਇਸ ਟੀਮ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਯਾਤ੍ਰਾ ਦੌਰਾਨ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ ਗਿਆ।
ਪ੍ਰਤੀਨਿਧੀ ਮੰਡਲ ਨੇ ਕੈਲੀਫੋਰਨੀਆ ਰਾਜ ਦੇ ਕਈ ਇਤਿਹਾਸਕ ਅਤੇ ਧਾਰਮਿਕ ਕੇਂਦਰਾਂ ਦਾ ਦੌਰਾ ਕੀਤਾ, ਜਿਨ੍ਹਾਂ ਵਿੱਚ ਲੈਥਰੌਪ ਵਿਖੇ ਦਲ ਬਾਬਾ ਬਿਧੀਚੰਦ ਜੀ ਸੰਪ੍ਰਦਾ ਦਾ ਪੜਾਅ, ਦਮਦਮੀ ਟਕਸਾਲ ਵੱਲੋਂ ਚਲਾਇਆ ਜਾ ਰਿਹਾ ਗੁਰਦੁਆਰਾ ਗੁਰਮਤਿ ਪ੍ਰਕਾਸ਼ ਮੰਟੀਕਾ ਅਤੇ ਫ੍ਰੈਸਨੋ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸ਼ਾਮਲ ਹਨ। ਇਨ੍ਹਾਂ ਸਥਾਨਾਂ 'ਤੇ ਵਫ਼ਦ ਨੇ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਸਥਾਨਕ ਸੰਗਤਾਂ ਨਾਲ ਧਾਰਮਿਕ ਮਸਲਿਆਂ ਅਤੇ ਆਉਣ ਵਾਲੀਆਂ ਯੋਜਨਾਵਾਂ ਸਬੰਧੀ ਖੁੱਲ੍ਹ ਕੇ ਗੱਲਬਾਤ ਕੀਤੀ।
ਸਥਾਨਕ ਗੁਰਦੁਆਰਾ ਪ੍ਰਬੰਧਕਾਂ ਨੇ ਐਸ.ਜੀ.ਪੀ.ਸੀ. ਵਫ਼ਦ ਦਾ ਰਸਮੀ ਤੌਰ 'ਤੇ ਸਵਾਗਤ ਕਰਦਿਆਂ ਪ੍ਰਧਾਨ ਧਾਮੀ, ਸੀਨੀਅਰ ਉਪ-ਪ੍ਰਧਾਨ ਰਘੁਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐਸ.ਡੀ. ਸਤਬੀਰ ਸਿੰਘ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।
ਫ੍ਰੈਸਨੋ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਵਿੱਚ ਵੱਸਦੇ ਸਿੱਖਾਂ ਨੇ ਆਪਣੀ ਲਗਨ, ਇਮਾਨਦਾਰੀ ਅਤੇ ਸਿੱਖੀ ਨਾਲ ਮੁਹੱਬਤ ਦੇ ਬਲਬੂਤੇ ਦੁਨੀਆਂ ਭਰ ਵਿੱਚ ਸਿੱਖ ਪਛਾਣ ਨੂੰ ਇੱਕ ਮਜ਼ਬੂਤ ਪਛਾਣ ਦਿੱਤੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸ.ਜੀ.ਪੀ.ਸੀ. ਵੱਲੋਂ ਨੌਜਵਾਨਾਂ ਨੂੰ ਸਿੱਖ ਇਤਿਹਾਸ, ਬਾਣੀ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਲੈਥਰੌਪ ਵਿਖੇ ਹੋਏ ਪ੍ਰੋਗਰਾਮ ਦੌਰਾਨ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਵਾਲੀ ਦਲ ਬਾਬਾ ਬਿਧੀਚੰਦ ਸੰਪ੍ਰਦਾ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਯੂਬਾ ਸਿਟੀ ਵਿਖੇ ਬਣਾਏ ਜਾ ਰਹੇ ਪ੍ਰੈੱਸ ਅਤੇ ਧਰਮ ਪ੍ਰਚਾਰ ਕੇਂਦਰ ਲਈ ਉਥੋਂ ਦੇ ਸਿੱਖ ਸੰਗਠਨਾਂ ਅਤੇ ਸੰਗਤਾਂ ਤੋਂ ਆਰਥਿਕ ਤੇ ਹੋਰ ਸਹਿਯੋਗ ਦੀ ਅਪੀਲ ਕੀਤੀ। ਸਥਾਨਕ ਸਿੱਖ ਨੇਤਾਵਾਂ ਨੇ ਐਸ.ਜੀ.ਪੀ.ਸੀ. ਵੱਲੋਂ ਧਾਰਮਿਕ, ਪੰਥਕ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ।