ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਿਚਕਾਰ ਹੋਈ ਪੱਤਰ-ਵਿਹਾਰ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਬਿਆਨਾਂ ਦੀ ਕਰੜੀ ਨਿੰਦਾ ਕੀਤੀ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "'ਚਿੱਟਾ ਪਾਰਟੀ' (ਅਕਾਲੀ ਦਲ) ਆਪਣੇ ਸਾਰੇ ਸਿਧਾਂਤ ਛੱਡ ਕੇ ਹੁਣ ‘ਈਡੀ ਪਾਰਟੀ' (ਭਾਜਪਾ) ਅਤੇ ਕੇਂਦਰੀ ਜਾਂਚ ਏਜੰਸੀਆਂ ਦੀ ਤਰਜਮਾਨ ਵਜੋਂ ਕੰਮ ਕਰ ਰਹੀ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਈਡੀ ਵੱਲੋਂ ਡੀਜੀਪੀ ਨੂੰ ਭੇਜੇ ਗਏ ਇੱਕ ਪੱਤਰ ਨੂੰ ਅਕਾਲੀ ਦਲ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਇੱਕ ਹਥਿਆਰ ਵਜੋਂ ਵਰਤ ਰਿਹਾ ਹੈ।"
ਉਨ੍ਹਾਂ ਅੱਗੇ ਕਿਹਾ, "ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੀ ਹੀ ਇੱਕ ਸ਼ਾਖਾ ਅਤੇ ਬੁਲਾਰੇ ਵਜੋਂ ਕੰਮ ਕਰ ਰਿਹਾ ਹੈ ਜੋ ਆਪਣੀ ਖੁੱਸ ਚੁੱਕੀ ਸਿਆਸੀ ਜ਼ਮੀਨ ਨੂੰ ਲੱਭਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ।"
2007 ਤੋਂ 2017 ਤੱਕ ਦੇ ਕਾਲੇ ਦੌਰ ਦੀ ਯਾਦ ਦਿਵਾਉਂਦਿਆਂ ਉਨ੍ਹਾਂ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ, ਆਰਥਿਕਤਾ ਅਤੇ ਜਵਾਨੀ ਨੂੰ ਤਬਾਹ ਕਰਨ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕ ਨਸ਼ਿਆਂ ਦੀ ਬਿਮਾਰੀ (ਚਿੱਟਾ), ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਵਿਆਪਕ ਭ੍ਰਿਸ਼ਟਾਚਾਰ ਨੂੰ ਨਹੀਂ ਭੁੱਲੇ, ਜਿਸ ਕਾਰਨ ਸੂਬੇ ਨੂੰ 'ਉੜਤਾ ਪੰਜਾਬ' ਦਾ ਦੁਖਦਾਈ ਸੰਤਾਪ ਹੰਢਾਉਣਾ ਪਿਆ ਸੀ।"
ਮੰਤਰੀ ਨੇ ਦਾਅਵਾ ਕੀਤਾ, "ਅਕਾਲੀ-ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਹਰ ਪੱਖੋਂ ਤਬਾਹ ਕੀਤਾ ਗਿਆ। ਮਾਪਿਆਂ ਨੂੰ ਇਸ ਡਰ ਤੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀਆਂ ਜ਼ਮੀਨਾਂ, ਘਰ ਅਤੇ ਉਮਰ ਭਰ ਦੀ ਕਮਾਈ ਵੇਚਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਸਰਕਾਰ ਦੁਆਰਾ ਪਾਲਿਆ ਗਿਆ ਨਸ਼ਾ ਮਾਫੀਆ ਉਨ੍ਹਾਂ ਦਾ ਭਵਿੱਖ ਬਰਬਾਦ ਕਰ ਦੇਵੇਗਾ।"
ਭਾਜਪਾ ਦੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਆਪ ਆਗੂ ਨੇ ਕੇਂਦਰ ਦੀ ਸੱਤਾਧਾਰੀ ਧਿਰ ਵੱਲੋਂ ਡਾ. ਬੀਆਰ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਨੂੰ ਯੋਜਨਾਬੱਧ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ, "ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਅਕਸਰ ਵਿਰੋਧੀ ਆਗੂਆਂ ਨੂੰ ਡਰਾਉਣ, ਸਥਾਨਕ ਪ੍ਰਸ਼ਾਸਨ ਨੂੰ ਧਮਕਾਉਣ ਅਤੇ ਦੇਸ਼ ਭਰ ਵਿੱਚ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾਂਦੀ ਹੈ, ਜਿਵੇਂ ਕਿ ਪੱਛਮੀ ਬੰਗਾਲ, ਬਿਹਾਰ ਅਤੇ ਆਪ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਕੀਤਾ ਜਾ ਰਿਹਾ ਹੈ।"
ਉਨ੍ਹਾਂ ਅੱਗੇ ਕਿਹਾ, "ਭਾਜਪਾ ਦਾ ਲੋਕਤੰਤਰੀ ਮੁੱਲਾਂ ਜਾਂ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਜਾਂ ਕੋਈ ਵਿਰੋਧੀ ਸਰਕਾਰ ਮਜ਼ਬੂਤੀ ਨਾਲ ਖੜ੍ਹੀ ਹੁੰਦੀ ਹੈ, ਤਾਂ ਸਿਆਸੀ ਵਿਰੋਧੀਆਂ ਨੂੰ ਧਮਕਾਉਣ ਅਤੇ ਸਰਕਾਰਾਂ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ।"
ਆਪਣੇ ਸੰਬੋਧਨ ਦੇ ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਮੌਕਾਪ੍ਰਸਤ ਰਾਜਨੀਤੀ ਅਤੇ ਭਾਜਪਾ ਨਾਲ ਇਸ ਦੇ ਇਤਿਹਾਸਕ ਗਠਜੋੜ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ, "ਜਿਹੜੀ ਪਾਰਟੀ ਕਦੇ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੀ ਸੀ, ਉਹ ਹੁਣ ਆਪਣੀ ਸਿਆਸੀ ਚਮੜੀ ਬਚਾਉਣ ਲਈ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ 'ਤੇ ਚੱਲਣ ਤੱਕ ਗਿਰ ਚੁੱਕੀ ਹੈ। ਪੰਜਾਬ ਦੇ ਲੋਕ ਇਹਨਾਂ ਸਸਤੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਨਾ ਤਾਂ ਈਡੀ ਅਤੇ ਨਾ ਹੀ ਅਕਾਲੀ ਦਲ ਪੰਜਾਬੀਆਂ ਨੂੰ ਗੁਮਰਾਹ ਕਰਨ ਜਾਂ 'ਆਪ' ਸਰਕਾਰ ਦੇ ਪ੍ਰਗਤੀਸ਼ੀਲ ਸ਼ਾਸਨ ਨੂੰ ਲੀਹੋਂ ਲਾਹੁਣ 'ਚ ਸਫਲ ਹੋਣਗੇ।"