menu-icon
Punjabi Story Line
  • Home
  • News
  • Punjab
  • CM Maan ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤਾ ਅਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਕੀਤਾ ਪੱਧਰਾ

CM Maan ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਵਿੱਚ ਰੇਤਾ ਅਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਕੀਤਾ ਪੱਧਰਾ

ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣਗੇ।

Date Updated Last Updated : 03 April 2025, 05:55 PM IST
Share:

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਅਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਸਾਫ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ‘ਪੰਜਾਬ ਰਾਜ ਮਾਈਨਰ ਮਿਨਰਲ ਨੀਤੀ’ ਵਿੱਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਬਾਜ਼ਾਰ ਵਿੱਚ ਕੱਚੇ ਮਾਲ ਦੀ ਸਪਲਾਈ ਵਧਾਉਣਾ, ਗ਼ੈਰ-ਕਾਨੂੰਨੀ ਮਾਈਨਿੰਗ ਤੇ ਭ੍ਰਿਸ਼ਟਾਚਾਰ ਨੂੰ ਘਟਾਉਣਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਮਾਈਨਿੰਗ ਖ਼ੇਤਰ ਵਿੱਚ ਸੰਭਾਵੀ ਇਜਾਰੇਦਾਰੀ ਨੂੰ ਖ਼ਤਮ ਕਰਨਾ ਹੈ। ਇਹ ਸੋਧ ਕਰੱਸ਼ਰ ਮਾਈਨਿੰਗ ਸਾਈਟਾਂ ਨਾਲ ਸਬੰਧਤ ਹੈ, ਜਿਸ ਨਾਲ ਕਰੱਸ਼ਰ ਮਾਲਕ, ਜਿਨ੍ਹਾਂ ਕੋਲ ਬਜਰੀ ਵਾਲੀ ਜ਼ਮੀਨ ਹੈ, ਹੁਣ ਮਾਈਨਿੰਗ ਲੀਜ਼ ਹਾਸਲ ਕਰ ਸਕਣਗੇ। ਇਸ ਕਦਮ ਨਾਲ ਦੂਜੇ ਸੂਬਿਆਂ ਤੋਂ ਮਾਈਨਿੰਗ ਸਮੱਗਰੀ ਦੀ ਗ਼ੈਰ-ਕਾਨੂੰਨੀ ਟਰਾਂਸਪੋਰਟੇਸ਼ਨ ਰੁਕਣ ਦੀ ਸੰਭਾਵਨਾ ਹੈ। ਇਸ ਨਾਲ ਬਾਜ਼ਾਰ ਵਿੱਚ ਕਰੱਸ਼ਡ ਰੇਤ ਅਤੇ ਬਜਰੀ ਦੀ ਉਪਲਬਧਤਾ ਵਧੇਗੀ, ਜੋ ਸੂਬੇ ਵਿੱਚ ਵਿਕਾਸ ਗਤੀਵਿਧੀਆਂ ਲਈ ਜ਼ਰੂਰੀ ਹੈ। ਇਸੇ ਤਰ੍ਹਾਂ ਲੈਂਡਓਨਰ ਮਾਈਨਿੰਗ ਸਾਈਟਾਂ ਨਾਲ ਰੇਤ ਵਾਲੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਹੂਲਤ ਹੋਵੇਗੀ ਅਤੇ ਉਹ ਮਾਈਨਿੰਗ ਲੀਜ਼ ਲਈ ਅਰਜ਼ੀ ਦੇ ਸਕਣਗੇ ਅਤੇ ਖਣਨ ਸਮੱਗਰੀ ਨੂੰ ਸਰਕਾਰ ਦੀਆਂ ਤੈਅ ਕੀਮਤਾਂ ਉਤੇ ਖੁੱਲ੍ਹੇ ਬਾਜ਼ਾਰ ਵਿੱਚ ਵੇਚ ਸਕਣਗੇ।

ਮਾਈਨਿੰਗ ਵਾਲੀਆਂ ਥਾਵਾਂ ਦਾ ਸੰਚਾਲਨ ਹੋਵੇਗਾ ਤੇਜ਼

ਇਸ ਤੋਂ ਪਹਿਲਾਂ ਜ਼ਮੀਨ ਮਾਲਕਾਂ ਦੀ ਸਹਿਮਤੀ ਨਾ ਹੋਣ ਕਾਰਨ ਕਈ ਮਾਈਨਿੰਗ ਥਾਵਾਂ ਕਾਰਜਸ਼ੀਲ ਨਹੀਂ ਸਨ ਕਿਉਂਕਿ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਕਿਸੇ ਅਣਜਾਣ ਵਿਅਕਤੀ ਨੂੰ ਮਾਈਨਿੰਗ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਨਹੀਂ ਹੁੰਦੇ ਸਨ।  ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਲਈ ਐਨਓਸੀ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ, ਕਿਉਂਕਿ ਉਹ ਇਨ੍ਹਾਂ ਜ਼ਮੀਨਾਂ ਦੇ ਕਸਟੋਡੀਅਨ ਹੁੰਦੇ ਹਨ। ਇਹ ਬਦਲਾਅ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ ਅਤੇ ਸਰਕਾਰੀ ਜ਼ਮੀਨਾਂ `ਤੇ ਮਾਈਨਿੰਗ ਵਾਲੀਆਂ ਥਾਵਾਂ ਦੇ ਸੰਚਾਲਨ ਨੂੰ ਤੇਜ਼ ਕਰੇਗਾ। ਮੰਤਰੀ ਮੰਡਲ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ਤਾ, ਨਿਰਪੱਖਤਾ ਅਤੇ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਸੋਧਾਂ ਨਾ ਸਿਰਫ਼ ਮਾਈਨਿੰਗ ਦੇ ਭਾਈਵਾਲਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੀਆਂ ਸਗੋਂ ਸੂਬਾ ਭਰ ਵਿੱਚ ਮਾਈਨਿੰਗ ਗਤੀਵਿਧੀਆਂ ਦੇ ਕਾਨੂੰਨੀ ਅਤੇ ਪਾਰਦਰਸ਼ੀ ਸੰਚਾਲਨ ਲਈ ਢੁਕਵਾਂ ਢਾਂਚਾ ਵੀ ਕਾਇਮ ਕਰਨਗੀਆਂ। ਇਸ ਨੀਤੀ ਦਾ ਉਦੇਸ਼ ਵਾਤਾਵਰਣ ਅਤੇ ਰੈਗੂਲੇਟਰੀ ਮਿਆਰਾਂ ਨੂੰ ਬਰਕਰਾਰ ਰੱਖਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣਾ ਹੈ।

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਤਜਵੀਜ਼ ਮੰਜ਼ੂਰ

ਇਸੇ ਤਰ੍ਹਾਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਨਾਲ ਸੀਨੀਅਰ ਨਾਗਰਿਕਾਂ ਨੂੰ ਤੀਰਥ ਯਾਤਰਾ ਕਰਵਾਈ ਜਾਵੇਗੀ। ਯਾਤਰਾ ਦਾ ਸਾਰਾ ਖਰਚਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ, ਜਿਸ ਵਿੱਚ ਏਅਰ-ਕੰਡੀਸ਼ਨਡ ਯਾਤਰਾ, ਆਰਾਮਦਾਇਕ ਰਿਹਾਇਸ਼ ਅਤੇ ਖਾਣ-ਪੀਣ ਦੀ ਵਿਵਸਥਾ ਆਦਿ ਸਹੂਲਤਾਂ ਹੋਣਗੀਆਂ। ਯਾਤਰਾ ਨੂੰ ਯਾਦਗਾਰ ਬਣਾਉਣ ਲਈ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਯਾਦ-ਚਿੰਨ੍ਹ ਵਜੋਂ ਤੋਹਫ਼ਾ ਵੀ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਹ ਯੋਜਨਾ ਹਰੇਕ ਜਾਤੀ, ਧਰਮ, ਆਮਦਨ ਅਤੇ ਖੇਤਰਾਂ ਦੇ ਲੋਕਾਂ ਲਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਅਤੇ ਪਿੰਡਾਂ ਦੇ ਲੋਕ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਯਾਤਰਾ ਦਾ ਉਦੇਸ਼ ਸੂਬੇ ਦੀ ਅਮੀਰ ਅਧਿਆਤਮਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਮੂਰਤੀਮਾਨ ਕਰਨਾ ਹੈ ਅਤੇ ਇਸ ਵਿੱਚ ਸਾਰੇ ਪ੍ਰਮੁੱਖ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਸ਼ਾਮਲ ਹੋਣਗੀਆਂ।
 

Recent News