menu-icon
Punjabi Story Line
  • Home
  • News
  • Punjab
  • ਮਿਲਕ ਪਲਾਂਟ ਦਾ ਮੈਨੇਜਰ 50 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਮਿਲਕ ਪਲਾਂਟ ਦਾ ਮੈਨੇਜਰ 50 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਵਧੀਆ ਰੂਟ ਅਲਾਟ ਕਰਨ ਬਦਲੇ ਮੰਗੀ ਸੀ ਰਿਸ਼ਵਤ। ਟੈਂਕਰ ਮਾਲਕ ਨੇ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਤਾਂ ਜਾਲ ਵਿਛਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। 

Date Updated Last Updated : 05 December 2023, 07:27 PM IST
Share:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ  ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਸੁਖਬੀਰ ਸਿੰਘ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ।  ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਰਾਜ ਦੇ ਸਹਿਕਾਰਤਾ ਵਿਭਾਗ ਦਾ ਮੈਨੇਜਰ ਮਨੋਜ ਕੁਮਾਰ ਉਸਤੋਂ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ 50,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੋਹਾਲੀ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਜਾਲ ਵਿਛਾਇਆ ਜਿਸ ਤਹਿਤ ਉਕਤ ਦੋਸ਼ੀ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਭਲਕੇ ਕੀਤਾ ਜਾਵੇਗਾ ਪੇਸ਼ 

ਇਸ ਸਬੰਧੀ ਉਪਰੋਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਹ ਪਤਾ ਕੀਤਾ ਜਾਵੇਗਾ ਕਿ ਉਹ ਹੁਣ ਤੱਕ ਕਿੰਨੀ ਰਿਸ਼ਵਤ ਕਿਸ ਕਿਸ ਕੋਲੋਂ ਲੈ ਚੁੱਕਾ ਹੈ। ਉਸਨੇ ਆਪਣੇ ਅਹੁਦੇ ਦੀ ਹੋਰ ਕਿਸ ਪ੍ਰਕਾਰ ਨਾਲ ਦੁਰਵਰਤੋਂ ਕੀਤੀ ਹੈ, ਇਸਦਾ ਵੀ ਪਤਾ ਲਗਾਇਆ ਜਾਵੇਗਾ। 

 

Recent News