menu-icon
Punjabi Story Line
  • Home
  • News
  • Punjab
  • ਲੁਧਿਆਣਾ 'ਚ ਰਿਸ਼ਵਤ ਲੈਂਦਾ ਵਸੀਕਾ ਨਵੀਸ ਗ੍ਰਿਫ਼ਤਾਰ, ਮਾਲ ਮਹਿਕਮੇ ਦੇ ਅਧਿਕਾਰੀਆਂ ਦੇ ਨਾਂਅ ਉਪਰ ਮੰਗਦਾ ਸੀ ਪੈਸੇ

ਲੁਧਿਆਣਾ 'ਚ ਰਿਸ਼ਵਤ ਲੈਂਦਾ ਵਸੀਕਾ ਨਵੀਸ ਗ੍ਰਿਫ਼ਤਾਰ, ਮਾਲ ਮਹਿਕਮੇ ਦੇ ਅਧਿਕਾਰੀਆਂ ਦੇ ਨਾਂਅ ਉਪਰ ਮੰਗਦਾ ਸੀ ਪੈਸੇ

ਵਿਜੀਲੈਂਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਉਸ ਕੋਲੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਇਸਦੀ ਸ਼ਿਕਾਇਤ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਾਈ ਗਈ ਸੀ।

Date Updated Last Updated : 04 January 2024, 07:31 PM IST
Share:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਵਸੀਕਾ ਨਵੀਸ ਜਸਪਾਲ ਸਿੰਘ ਵਾਸੀ ਮੁਹੱਲਾ ਕੋਟ ਮੰਗਲ ਸਿੰਘ ਸ਼ਿਮਲਾਪੁਰੀ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ। ਉਹ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ  ਈਸ਼ਰ ਨਗਰ ਲੁਧਿਆਣਾ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਸ਼ਿਕਾਇਤ ਦਰਜ ਕਰਾਈ ਗਈ ਸੀ। ਇਸਦੀ ਪੜਤਾਲ ਦੇ ਆਧਾਰ 'ਤੇ ਮੁਕੱਦਮਾ ਦਰਜ ਕੀਤਾ ਗਿਆ।

 ਕਈ ਅਧਿਕਾਰੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ 'ਚ 

ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੱਸਿਆ ਕਿ ਉਸਨੇ 7 ਨਵੰਬਰ 2023 ਨੂੰ ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਦਫ਼ਤਰ ਤੋਂ ਨਿਊ ਜਨਤਾ ਨਗਰ ਲੁਧਿਆਣਾ ਸਥਿਤ ਆਪਣੇ ਪਲਾਟ ਦੀ ਰਜਿਸਟਰੀ ਦਰਜ ਕਰਵਾਈ ਸੀ। ਉਪਰੋਕਤ ਡੀਡ ਰਾਈਟਰ (ਵਸੀਕਾ ਨਵੀਸ) ਸਬ ਰਜਿਸਟਰਾਰ ਲੁਧਿਆਣਾ ਕੇਂਦਰੀ ਦੇ ਮੁਲਾਜ਼ਮਾਂ ਤੋਂ ਇਹ ਕੰਮ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਜਸਪਾਲ ਸਿੰਘ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਆਨਲਾਈਨ ਸ਼ਿਕਾਇਤ ਆਡਿਓ ਸਬੂਤਾਂ ਸਮੇਤ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਲਾਟ ਦੀ ਵਿਕਰੀ ਡੀਡ ਕਰਵਾਉਣ ਬਦਲੇ ਮਾਲ ਮਹਿਕਮੇ ਦੇ ਮੁਲਾਜ਼ਮਾਂ ਦੇ ਨਾਂ 'ਤੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਬ ਰਜਿਸਟਰਾਰ (ਕੇਂਦਰੀ) ਲੁਧਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Recent News