Courtesy: ai image
ਹੁਸ਼ਿਆਰਪੁਰ: ਪੰਜਾਬ ਵਿੱਚ ਸੋਮਵਾਰ ਨੂੰ ਜਿੱਥੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਉੱਥੇ ਹੀ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੰਗਲਵਾਰ ਨੂੰ ਤੇਜ਼ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਬੀਤੇ ਸੋਮਵਾਰ, ਪੰਜਾਬ ਦੇ ਜਲੰਧਰ, ਅੰਮ੍ਰਿਤਸਰ ਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ’ਚ ਤੇਜ਼ ਬਾਰਿਸ਼ ਦਰਜ ਕੀਤੀ ਗਈ। ਪਠਾਨਕੋਟ, ਰੋਪੜ, ਲੁਧਿਆਣਾ ਤੇ ਪਟਿਆਲਾ ’ਚ ਬੂੰਦਾਬਾਂਦੀ ਹੋਈ। ਸਭ ਤੋਂ ਵੱਧ ਬਾਰਿਸ਼ ਅੰਮ੍ਰਿਤਸਰ ’ਚ 53.0 ਤੇ ਬਠਿੰਡਾ ’ਚ 33.0 ਮਿਲੀਮੀਟਰ ਦਰਜ ਕੀਤੀ ਗਈ। ਬਾਰਿਸ਼ ਤੋਂ ਬਾਅਦ ਇਨ੍ਹਾਂ ਇਲਾਕਿਆਂ ਦੇ ਤਾਪਮਾਨ 'ਚ ਗਿਰਾਵਟ ਦੇਖੀ ਗਈ। ਇਸ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਜ਼ਿਲ੍ਹੇ 'ਚ ਦਰਜ ਕੀਤਾ ਗਿਆ।
ਪੰਜਾਬ ਵਿੱਚ ਮੰਗਲਵਾਰ ਨੂੰ ਸਾਰੇ ਜ਼ਿਲ੍ਹਿਆਂ ਲਈ ਮੀਂਹ ਦੀ ਭਵਿੱਖਵਾਣੀ ਕੀਤੀ ਗਈ ਹੈ, ਪਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ
ਮੌਸਮ ਵਿਭਾਗ ਮੁਤਾਬਿਕ, ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਦੇ ਨਾਲ ਅਸਮਾਨੀ ਬਿਜਲੀ ਵੀ ਚਮਕ ਤੇ ਗਰਜ ਸਕਦੀ ਹੈ।
ਇਸਤੋਂ ਇਲਾਵਾ, ਅੱਜ ਮੰਗਲਵਾਰ ਨੂੰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਸਵੇਰ ਤੋਂ ਦੁਪਹਿਰ ਦੇ ਵਿਚਕਾਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸ਼ਾਮ ਅਤੇ ਰਾਤ ਨੂੰ ਵੀ ਬਾਰਿਸ਼ ਹੋ ਸਕਦੀ ਹੈ।
ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਪੰਜਾਬ ਵਿੱਚ ਆਉਣ ਵਾਲੇ ਅਗਲੇ 7 ਦਿਨਾਂ ਦਾ ਮੌਸਮ ਗੜਬੜ ਰਹਿ ਸਕਦਾ ਹੈ। 11 ਅਤੇ 13 ਅਗਸਤ ਨੂੰ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 12, 14, 15 ਅਤੇ 16 ਅਗਸਤ ਨੂੰ ਵੀ ਕਈ ਇਲਾਕਿਆਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।